Join WhatsApp

Join Now

Sad News: ਭਾਜਪਾ ਦੇ ਮੌਜੂਦਾ ਰਾਜ ਸਭਾ ਮੈਂਬਰ ਦਾ ਦੇਹਾਂਤ!

On: November 22, 2026 3:21 PM

 

Sad News: ਭਾਜਪਾ ਦੇ ਮੌਜੂਦਾ ਰਾਜ ਸਭਾ ਮੈਂਬਰ ਦਾ ਦੇਹਾਂਤ!

ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਮਰਾਓ ਵਡਕੁਟੇ ਨਹੀਂ ਰਹੇ, ਦਿੱਲੀ ਏਮਜ਼ (AIIMS) ‘ਚ ਲਏ ਆਖ਼ਰੀ ਸਾਹ- 8 ਮਹੀਨੇ ਪਹਿਲਾਂ ਰਾਜ ਸਭਾ ਪੁੱਜੇ ਭਾਜਪਾ ਆਗੂ ਰਾਮਰਾਓ ਵਡਕੁਟੇ ਦਾ ਦਿਹਾਂਤ

ਪੰਜਾਬ ਨੈੱਟਵਰਕ

ਨਵੀਂ ਦਿੱਲੀ/ਮੁੰਬਈ, 22 ਨਵੰਬਰ 2026: ਦੇਸ਼ ਦੇ ਸਿਆਸੀ ਹਲਕਿਆਂ ਅਤੇ ਖ਼ਾਸ ਕਰਕੇ ਮਹਾਰਾਸ਼ਟਰ ਦੀ ਰਾਜਨੀਤੀ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਮੌਜੂਦਾ ਰਾਜ ਸਭਾ ਮੈਂਬਰ ਰਾਮਰਾਓ ਵਡਕੁਟੇ ਦਾ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਛਾਤੀ ਵਿੱਚ ਅਚਾਨਕ ਤੇਜ਼ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਵੀਂ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਜਾਨ ਬਚਾਉਣ ਲਈ ਭਰਪੂਰ ਯਤਨ ਕੀਤੇ ਗਏ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੇ ਹਸਪਤਾਲ ਵਿੱਚ ਹੀ ਆਖ਼ਰੀ ਸਾਹ ਲਏ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਮਹਿਜ਼ 8 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕਰਕੇ ਸੰਸਦ ਦੇ ਉਪਰਲੇ ਸਦਨ ਵਿੱਚ ਭੇਜਿਆ ਗਿਆ ਸੀ। ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਨਾਲ ਸਮੁੱਚੇ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਰਾਮਰਾਓ ਵਡਕੁਟੇ ਨੂੰ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਬੇਹੱਦ ਤਜਰਬੇਕਾਰ, ਜ਼ਮੀਨ ਨਾਲ ਜੁੜੇ ਹੋਏ ਅਤੇ ਸਾਫ਼-ਸੁਥਰੇ ਅਕਸ ਵਾਲੇ ਆਗੂ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਕੀਤਾ। ਉਹ ਮਹਾਰਾਸ਼ਟਰ ਦੇ ਧਨਗਰ ਭਾਈਚਾਰੇ ਦੇ ਇੱਕ ਪ੍ਰਮੁੱਖ ਅਤੇ ਹਰਮਨ-ਪਿਆਰੇ ਆਗੂ ਸਨ, ਜਿਨ੍ਹਾਂ ਨੇ ਭਾਈਚਾਰੇ ਦੇ ਹੱਕਾਂ ਅਤੇ ਤਰੱਕੀ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ।

ਇਸ ਤੋਂ ਪਹਿਲਾਂ ਉਹ ‘ਸ਼ੇਲੀ ਮੇਂਢੀ ਮਹਾਂਸੰਘ’ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਸਨ, ਜਿਸ ਰਾਹੀਂ ਉਨ੍ਹਾਂ ਨੇ ਪੇਂਡੂ ਅਤੇ ਪਸ਼ੂ-ਪਾਲਕ ਵਰਗ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ। ਜੇਕਰ ਉਨ੍ਹਾਂ ਦੇ ਸਿਆਸੀ ਸਫ਼ਰ ‘ਤੇ ਝਾਤ ਮਾਰੀ ਜਾਵੇ ਤਾਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਲੰਮਾ ਸਮਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਨਾਲ ਜੁੜੇ ਰਹੇ ਸਨ।

ਇਸ ਦੌਰਾਨ ਉਹ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੇ ਮੈਂਬਰ (MLC) ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ ਅਤੇ ਸਦਨ ਵਿੱਚ ਲੋਕ ਮੁੱਦਿਆਂ ਨੂੰ ਬੜੀ ਬੇਬਾਕੀ ਨਾਲ ਉਠਾਉਂਦੇ ਸਨ। ਸਿਆਸੀ ਸਮੀਕਰਨਾਂ ਦੇ ਬਦਲਾਅ ਦੌਰਾਨ ਅਕਤੂਬਰ 2019 ਵਿੱਚ ਉਨ੍ਹਾਂ ਨੇ ਐੱਨ.ਸੀ.ਪੀ. ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਸੀ। ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਮਿਹਨਤ ਨੂੰ ਦੇਖਦਿਆਂ ਸਾਲ 2021 ਵਿੱਚ ਭਾਜਪਾ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਹਿੰਗੋਲੀ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਗੋਲੀ ਲੋਕ ਸਭਾ ਹਲਕੇ ਦੇ ਚੋਣ ਮੁਖੀ ਅਤੇ ਇੰਚਾਰਜ ਵਜੋਂ ਵੀ ਜਥੇਬੰਦੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਡਾ. ਵਿਕਾਸ ਮਹਾਤਮੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਇੱਕ ਭਾਵੁਕ ਸੁਨੇਹਾ ਸਾਂਝਾ ਕਰਦਿਆਂ ਇਸ ਨੂੰ ਧਨਗਰ ਸਮਾਜ ਅਤੇ ਜਨਤਕ ਜੀਵਨ ਦੇ ਨਾਲ-ਨਾਲ ਆਪਣਾ ਨਿੱਜੀ ਘਾਟਾ ਦੱਸਿਆ ਹੈ।

ਉਨ੍ਹਾਂ ਲਿਖਿਆ ਕਿ ਰਾਮਰਾਓ ਵਡਕੁਟੇ ਇੱਕ ਬੇਹੱਦ ਨਿੱਘੇ ਮਿੱਤਰ ਅਤੇ ਕਰੀਬੀ ਸਾਥੀ ਸਨ, ਜਿਨ੍ਹਾਂ ਵੱਲੋਂ ਸਮਾਜ ਪ੍ਰਤੀ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਇਸੇ ਤਰ੍ਹਾਂ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀ ਮੈਂਬਰ ਡਾ. ਪ੍ਰਗਿਆ ਰਾਜੀਵ ਸਾਤਵ ਨੇ ਵੀ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀ ਹੋਈ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

 

Leave a Comment