ਵੱਡੀ ਖ਼ਬਰ: ਪੰਜਾਬ ਦੇ 7 IAS-IPS ਅਫ਼ਸਰਾਂ ਨੂੰ ED ਨੇ ਜਾਰੀ ਕੀਤੇ ਸੰਮਨ
ਰਿਸ਼ਵਤਖੋਰੀ ਤੇ ਮਨੀ ਲਾਂਡਰਿੰਗ ਮਾਮਲਾ: ਈ.ਡੀ. ਨੇ 5 ਮੌਜੂਦਾ ਅਤੇ 2 ਸੇਵਾਮੁਕਤ ਉੱਚ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਭੇਜੇ ਸੰਮਨ
ਨਵੀਂ ਦਿੱਲੀ, 22 ਨਵੰਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਪੁਲਿਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਖ਼ਿਲਾਫ਼ ਚੱਲ ਰਹੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਸੱਤ ਮੌਜੂਦਾ ਅਤੇ ਸੇਵਾਮੁਕਤ ਉੱਚ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਸੰਮਨ ਕੀਤੇ ਗਏ ਇਨ੍ਹਾਂ ਅਧਿਕਾਰੀਆਂ ਵਿੱਚ IAS ਅਤੇ IPS ਦੇ ਸੀਨੀਅਰ ਅਫ਼ਸਰ ਸ਼ਾਮਲ ਹਨ।
News Alert ! ED summons serving and retired Punjab govt bureaucrats, including IPS & IAS officers, in DIG H S Bhullar case: Officials
— Press Trust of India (@PTI_News) November 22, 2026
ED ਅਧਿਕਾਰੀਆਂ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਲਬ ਕੀਤੇ ਗਏ ਕੁੱਲ ਸੱਤ ਅਧਿਕਾਰੀਆਂ ਵਿੱਚੋਂ ਪੰਜ ਇਸ ਵੇਲੇ ਪੰਜਾਬ ਸਰਕਾਰ ਵਿੱਚ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਦੋ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ। ਜਾਂਚ ਏਜੰਸੀ ਵੱਲੋਂ ਇਨ੍ਹਾਂ ਅਧਿਕਾਰੀਆਂ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਦੇ ਕਰੀਬੀ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨਾਲ ਕਥਿਤ ਸਬੰਧਾਂ ਦੀ ਵੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕ੍ਰਿਸ਼ਨੂ ਸ਼ਾਰਦਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਤਹਿਤ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਖ਼ਿਲਾਫ਼ ਦਰਜ ਕੀਤਾ ਗਿਆ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਦਰਜ ਕੀਤੀਆਂ ਗਈਆਂ ਦੋ ਮੁੱਢਲੀਆਂ ਸੂਚਨਾ ਰਿਪੋਰਟਾਂ (ਐਫ.ਆਈ.ਆਰ.) ‘ਤੇ ਆਧਾਰਿਤ ਹੈ। CBI ਨੇ ਮੁਅੱਤਲ ਡੀ.ਆਈ.ਜੀ. ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਥਿਤ ਰਿਸ਼ਵਤਖੋਰੀ ਅਤੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਇਹ ਮਾਮਲੇ ਦਰਜ ਕੀਤੇ ਸਨ।
ਚੇਤੇ ਰਹੇ ਕਿ, ਰੋਪੜ ਰੇਂਜ ਦੇ ਡੀ.ਆਈ.ਜੀ. ਵਜੋਂ ਤਾਇਨਾਤ ਰਹੇ HS ਭੁੱਲਰ ਨੂੰ ਸੀ.ਬੀ.ਆਈ. ਨੇ ਅਕਤੂਬਰ 2025 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਇੱਕ ਕਬਾੜ ਵਪਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਇੱਕ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਬਦਲੇ ਵਿਚੋਲੇ ਰਾਹੀਂ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ।
















