Join WhatsApp

Join Now

Punjab Politics: ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ! ਤਿੰਨ ਪਾਰਟੀਆਂ ਦਾ ਹੋਣ ਜਾ ਰਿਹੈ ਗੱਠਜੋੜ

On: November 23, 2026 11:33 AM

 

Punjab Politics: ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ! ਤਿੰਨ ਪਾਰਟੀਆਂ ਦਾ ਹੋਣ ਜਾ ਰਿਹੈ ਗੱਠਜੋੜ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨਾਂ ਦੀ ਚਰਚਾ: ਗਿਆਨੀ ਹਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਅਹਿਮ ਮੀਟਿੰਗ

ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ! ਅਕਾਲੀ ਦਲ (ਪੁਨਰ ਸੁਰਜੀਤ), ਬਸਪਾ ਅਤੇ ‘ਵਾਰਿਸ ਪੰਜਾਬ ਦੇ’ ਵਿਚਾਲੇ ਗਠਜੋੜ ਦੀਆਂ ਕਿਆਸਅਰਾਈਆਂ ਤੇਜ਼- ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਦੀ ਮੁਲਾਕਾਤ ਨੇ ਛੇੜੀ ਨਵੀਂ ਚਰਚਾ

ਚੰਡੀਗੜ੍ਹ, 23 ਨਵੰਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਅਤੇ ਗਠਜੋੜਾਂ ਦੀ ਚਰਚਾ ਤੇਜ਼ ਹੋ ਗਈ ਹੈ। ਸਿਆਸੀ ਹਲਕਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ, ਜਿੱਥੇ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗਠਜੋੜ ਹੋਣ ਦੀਆਂ ਖ਼ਬਰਾਂ ਸੁਰਖੀਆਂ ਵਿੱਚ ਹਨ, ਉੱਥੇ ਹੀ ਦੂਜੇ ਪਾਸੇ ਸੂਬੇ ਦੀ ਸਿਆਸਤ ਵਿੱਚ ਇੱਕ ਨਵੇਂ ਸਿਆਸੀ ਫਰੰਟ ਦੇ ਉੱਭਰਨ ਦੇ ਸੰਕੇਤ ਮਿਲ ਰਹੇ ਹਨ।

ਸੂਤਰਾਂ ਅਨੁਸਾਰ, ਪੰਜਾਬ ਦੀਆਂ ਤਿੰਨ ਸਿਆਸੀ ਧਿਰਾਂ ਅਕਾਲੀ ਦਲ (ਪੁਨਰ ਸੁਰਜੀਤ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ MP ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਵਿਚਾਲੇ ਆਉਣ ਵਾਲੇ ਦਿਨਾਂ ਵਿੱਚ ਗਠਜੋੜ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਇੱਕ ਅਹਿਮ ਬੈਠਕ ਹੋਈ ਹੈ।

ਸਿਆਸੀ ਵਿਸ਼ਲੇਸ਼ਕਾਂ ਅਤੇ ਸੂਤਰਾਂ ਦਾ ਮੰਨਣਾ ਹੈ ਕਿ ਇਹ ਮੀਟਿੰਗ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਉਲੀਕਣ ਦੇ ਮਕਸਦ ਨਾਲ ਕੀਤੀ ਗਈ ਹੈ। ਇਸ ਗੱਲਬਾਤ ਦੌਰਾਨ ਤਿੰਨਾਂ ਧਿਰਾਂ ਦੇ ਇੱਕ ਮੰਚ ‘ਤੇ ਇਕੱਠੇ ਹੋਣ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਨ੍ਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਗਠਜੋੜ ਬਾਰੇ ਅਜੇ ਤੱਕ ਕੋਈ ਰਸਮੀ ਜਾਂ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਪਰ ਅੰਦਰਖਾਤੇ ਚੱਲ ਰਹੀਆਂ ਇਨ੍ਹਾਂ ਬੈਠਕਾਂ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ।

ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਅਤੇ ਪੰਥਕ ਵੋਟ ਬੈਂਕ ਦਾ ਹਮੇਸ਼ਾ ਤੋਂ ਹੀ ਅਹਿਮ ਰੋਲ ਰਿਹਾ ਹੈ। ਅਜਿਹੇ ਵਿੱਚ ਜੇਕਰ ਅਕਾਲੀ ਦਲ (ਪੁਨਰ ਸੁਰਜੀਤ), ਬਸਪਾ ਅਤੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਵਿਚਾਲੇ ਕੋਈ ਸਿਆਸੀ ਸਮਝੌਤਾ ਸਿਰੇ ਚੜ੍ਹਦਾ ਹੈ, ਤਾਂ ਇਹ ਆਉਣ ਵਾਲੀਆਂ ਚੋਣਾਂ ਵਿੱਚ ਕਈ ਹਲਕਿਆਂ ਦੇ ਸਮੀਕਰਨ ਬਦਲ ਸਕਦਾ ਹੈ।

ਸਿਆਸੀ ਮਾਹਿਰਾਂ ਅਨੁਸਾਰ, ਰਵਾਇਤੀ ਪਾਰਟੀਆਂ ਦੇ ਬਦਲ ਵਜੋਂ ਉੱਭਰਨ ਦੀ ਕੋਸ਼ਿਸ਼ ਕਰ ਰਹੀਆਂ ਇਹ ਧਿਰਾਂ ਜੇਕਰ ਇਕੱਠੀਆਂ ਹੁੰਦੀਆਂ ਹਨ, ਤਾਂ ਸੂਬੇ ਵਿੱਚ ਬਹੁ-ਕੋਣੀ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਫ਼ਿਲਹਾਲ ਸਾਰੀਆਂ ਨਜ਼ਰਾਂ ਇਨ੍ਹਾਂ ਪਾਰਟੀਆਂ ਦੀ ਅਗਲੀ ਰਣਨੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਬੈਠਕਾਂ ‘ਤੇ ਟਿਕੀਆਂ ਹੋਈਆਂ ਹਨ, ਜੋ ਇਹ ਤੈਅ ਕਰਨਗੀਆਂ ਕਿ 2027 ਦੇ ਚੋਣ ਮੈਦਾਨ ਵਿੱਚ ਪੰਜਾਬ ਦੀ ਸਿਆਸਤ ਕਿਸ ਕਰਵਟ ਬੈਠਦੀ ਹੈ।

 

Leave a Comment