Join WhatsApp

Join Now

ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਬਣ ਸਕਦੀ ‘ਗੰਭੀਰ ਸਿਹਤ ਸਮੱਸਿਆ’ ਦਾ ਕਾਰਨ

On: November 23, 2026 5:45 PM

 

ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਬਣ ਸਕਦੀ ‘ਗੰਭੀਰ ਸਿਹਤ ਸਮੱਸਿਆ’ ਦਾ ਕਾਰਨ

ਸਿਹਤ ਵਿਭਾਗ ਵੱਲੋਂ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ (ਏਐਮਆਰ) ਸਬੰਧੀ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੀਤਾ ਜਾਗਰੂਕ

ਰੂਪਨਗਰ, 23 ਨਵੰਬਰ 2026: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ 18 ਤੋਂ 24 ਨਵੰਬਰ ਤੱਕ ਮਨਾਏ ਜਾ ਰਹੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ (ਏਐਮਆਰ) ਜਾਗਰੂਕਤਾ ਹਫ਼ਤੇ ਤਹਿਤ ਵਿਸ਼ੇਸ਼ ਮਾਹਿਰ ਟੀਮ ਵੱਲੋਂ ਦੌਰਾ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਤਰਕਸੰਗਤ ਵਰਤੋਂ ਅਤੇ ਦਵਾਈਆਂ ਪ੍ਰਤੀ ਰੋਧਕ ਸਮਰੱਥਾ ਦੀ ਸਮੱਸਿਆ ਦੀ ਰੋਕਥਾਮ ਸਬੰਧੀ ਜਾਗਰੂਕ ਕਰਨਾ ਸੀ।

ਇਸ ਮੌਕੇ ਮਾਹਿਰ ਟੀਮ ਵਿੱਚ ਐਮ.ਡੀ. (ਮੈਡੀਸਨ) ਫੋਰਟਿਸ ਹਸਪਤਾਲ ਮੋਹਾਲੀ ਡਾ. ਪਰਵਿੰਦਰ ਚਾਵਲਾ ਅਤੇ ਐਮ.ਡੀ., ਪ੍ਰੋਫੈਸਰ ਕਲੀਨਿਕਲ ਫਾਰਮਾਕੋਲੋਜੀ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਡਾ. ਨੁਸਰਤ ਸ਼ਫੀਕ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਨੇ ਹਸਪਤਾਲ ਦੇ ਸਿਹਤ ਕਰਮਚਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਲੋੜ ਅਨੁਸਾਰ ਵਰਤੋਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ।

ਮਾਹਿਰਾਂ ਨੇ ਦੱਸਿਆ ਕਿ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਅੱਜ ਵਿਸ਼ਵ ਪੱਧਰ ‘ਤੇ ਗੰਭੀਰ ਸਿਹਤ ਚੁਣੌਤੀ ਬਣਦੀ ਜਾ ਰਹੀ ਹੈ। ਜਦੋਂ ਬੈਕਟੀਰੀਆ ਅਤੇ ਹੋਰ ਸੂਖਮ ਜੀਵ ਦਵਾਈਆਂ ਦੇ ਪ੍ਰਭਾਵ ਪ੍ਰਤੀ ਰੋਧਕ ਹੋ ਜਾਂਦੇ ਹਨ ਤਾਂ ਆਮ ਲਾਗਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਸਮੱਸਿਆ ਦਾ ਇੱਕ ਮੁੱਖ ਕਾਰਨ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ, ਗ਼ਲਤ ਢੰਗ ਨਾਲ ਵਰਤੋਂ ਅਤੇ ਡਾਕਟਰੀ ਸਲਾਹ ਤੋਂ ਬਿਨਾਂ ਦਵਾਈਆਂ ਲੈਣਾ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਿਰਫ਼ ਡਾਕਟਰ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ। ਮਰੀਜ਼ਾਂ ਨੂੰ ਆਪਣੀ ਮਰਜ਼ੀ ਨਾਲ ਇਹ ਦਵਾਈਆਂ ਸ਼ੁਰੂ ਨਹੀਂ ਕਰਨੀਆਂ ਚਾਹੀਦੀਆਂ ਅਤੇ ਨਾ ਹੀ ਦਵਾਈ ਦੀ ਖੁਰਾਕ ਜਾਂ ਸਮੇਂ ਵਿੱਚ ਆਪਣੀ ਮਰਜ਼ੀ ਨਾਲ ਤਬਦੀਲੀ ਕਰਨੀ ਚਾਹੀਦੀ ਹੈ। ਡਾਕਟਰ ਵੱਲੋਂ ਨਿਰਧਾਰਤ ਇਲਾਜ ਯੋਜਨਾ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

May be an image of hospital and text

ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਲਾਗਾਂ ਦੀ ਰੋਕਥਾਮ ਲਈ ਹੱਥਾਂ ਦੀ ਸਫ਼ਾਈ, ਮੈਡੀਕਲ ਉਪਕਰਨਾਂ ਦੀ ਸਹੀ ਸਫ਼ਾਈ ਅਤੇ ਰੋਗਾਣੂ-ਮੁਕਤੀ, ਸਾਫ਼-ਸੁਥਰੇ ਵਾਤਾਵਰਨ ਅਤੇ ਲਾਗਾਂ ਦੀ ਰੋਕਥਾਮ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਨੂੰ ਰੋਕਣਾ ਸਮੇਂ ਦੀ ਮੁੱਖ ਲੋੜ ਹੈ।

ਸਿਹਤ ਵਿਭਾਗ ਵੱਲੋਂ ਹਸਪਤਾਲਾਂ ਵਿੱਚ ਦਵਾਈਆਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਅਤੇ ਲਾਗਾਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਬੰਧੀ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਆਮ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।

ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੀ ਰੋਕਥਾਮ ਅਤੇ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਸਬੰਧੀ ਜਾਗਰੂਕਤਾ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਲਵਲੀਨ ਕੌਰ, ਡਾ. ਹਰਲੀਨ ਕੌਰ, ਡਾ. ਆਰਤੀ, ਡਾ. ਨਿਧੀ, ਡਾ. ਸਿਮਰਜੀਤ ਸਿੰਘ ਬੇਦੀ, ਡਾ. ਇਕਬਾਲ ਸਿੰਘ ਸਮੇਤ ਹੋਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਹਾਜ਼ਰ ਸੀ।

 

Leave a Comment