Join WhatsApp

Join Now

ਪੰਜਾਬ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ! ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ

On: November 23, 2026 6:03 PM

 

ਪੰਜਾਬ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ; ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ, ਸਾਰੇ ਦੇਸ਼ ਤੋਂ ਨਖਿੱਧ ਸਾਬਤ ਹੋਈ ਪੰਜਾਬ ਸਰਕਾਰ: ਮਨਜੀਤ ਧਨੇਰ- ਗੁਰਦੀਪ ਰਾਮਪੁਰਾ

253 ਮਾਸਟਰ ਕਾਡਰ ਅਧਿਆਪਕਾਂ ਨੂੰ ਤੁਰੰਤ ਬਹਾਲ ਕਰੋ: ਹਰਨੇਕ ਮਹਿਮਾ

ਦਲਜੀਤ ਕੌਰ

ਸੰਗਰੂਰ, 23 ਨਵੰਬਰ, 2026: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਪਣਾਏ ਗਏ ਵਤੀਰੇ ਦੀ BKU ਡਕੌਂਦਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਉੰਝ ਤਾਂ ਪੰਜਾਬ ਸਰਕਾਰ ਸਾਰੇ ਹੀ ਤਬਕਿਆਂ ਨੂੰ ਕੁੱਟ ਕੇ ਦਬਾਉਣ ਦੀ ਨੀਤੀ ਤੇ ਚੱਲ ਰਹੀ ਹੈ ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਸ਼ੇਸ਼ ਤੌਰ ਤੇ ਧੱਕੇਸ਼ਾਹੀ ਅਤੇ ਬੇਇਨਸਾਫੀ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਮਾਸਟਰ ਕਾਡਰ ਅਧਿਆਪਕਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਨੌਕਰੀਆਂ ਤੋਂ ਕੱਢ ਦਿੱਤਾ ਗਿਆ ਹੈ। ਇਹ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਲਗਾਈ ਬੈਠੇ ਹਨ। ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਖੁਦ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਦੱਸੇ ਗਏ ਅੰਕੜਿਆਂ ਅਨੁਸਾਰ ਸਕੂਲਾਂ ਵਿੱਚ, ਮਾਸਟਰਾਂ ਦੀਆਂ 31,000 ਪੋਸਟਾਂ ਖਾਲੀ ਪਈਆਂ ਹਨ।

ਇਸ ਦੇ ਬਾਵਜੂਦ ਸਿੱਖਿਆ ਕ੍ਰਾਂਤੀ ਦੇ ਹੋਕਰੇ ਮਾਰਨ ਵਾਲੀ ਪੰਜਾਬ ਸਰਕਾਰ ਨੇ ਇਹਨਾਂ ਅਧਿਆਪਕਾਂ ਤੋਂ ਉਹਨਾਂ ਦੀ ਰੋਟੀ ਦੀ ਬੁਰਕੀ ਖੋਈ ਲਈ ਹੈ। ਜਥੇਬੰਦੀ ਦੀ ਸੂਬਾ ਕਮੇਟੀ ਨੇ ਇਨ੍ਹਾਂ ਅਧਿਆਪਕਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ , ਨੌਕਰੀਆਂ ਤੇ ਬਹਾਲ ਕਰਨ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਸੰਗਰੂਰ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਹਨਾਂ ਤੇ ਲਾਠੀ ਚਾਰਜ ਕੀਤਾ ਗਿਆ ਹੈ। ਸਾਰੇ ਮਹਿਕਮਿਆਂ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲਈ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਤੇ ਤਨਖਾਹ ਸਕੇਲਾਂ ਦੀਆਂ ਤਰੁਟੀਆਂ ਖਿਲਾਫ ਲੰਬੇ ਸਮੇਂ ਤੋਂ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ, ਪਰ ਰੰਗਲੇ ਪੰਜਾਬ ਵਾਲੀ ਸਰਕਾਰ ਨੇ ਉਨਾਂ ਦਾ ਹੱਕ ਮਾਰ ਕੇ ਵੋਟਾਂ ਪੱਕੀਆਂ ਕਰਨ ਲਈ ਪੈਸਾ ਹੋਰ ਪਾਸੇ ਉਡਾ ਦਿੱਤਾ ਹੈ।

ਇੱਕ ਪਾਸੇ ਪੰਜਾਬ ਸਰਕਾਰ ਅਦਾਲਤ ਵਿੱਚ ਕਹਿੰਦੀ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ, ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਟੇਜਾਂ ਤੋਂ ਦਾਅਵੇ ਕਰਦਾ ਹੈ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ। ਸੂਬਾ ਕਮੇਟੀ ਨੇ ਸਰਕਾਰ ਦੇ ਦੋਗਲੇ ਰਵੱਈਏ ਦੀ ਨਿਖੇਧੀ ਕਰਦਿਆਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਹਨਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ ਹੈ।

 

Leave a Comment