OPS News: ਚੋਣ ਜ਼ਾਬਤੇ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ! ਅਧਿਆਪਕਾਂ ਤੇ ਮੁਲਾਜ਼ਮਾਂ ਨੇ ਵਿੱਢਿਆ ਤਿੱਖੇ ਸੰਘਰਸ਼ ਦਾ ਬਿਗਲ
ਡੀ.ਟੀ.ਐੱਫ. ਪੰਜਾਬ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ: ਪੁਰਾਣੀ ਪੈਨਸ਼ਨ ਸਮੇਤ ਹੋਰ ਹੱਕੀ ਮੰਗਾਂ ਨਾ ਮੰਨਣ ‘ਤੇ 29 ਨੂੰ ਸੁਨਾਮ ਘਿਰਾਓ ਦਾ ਸੱਦਾ
ਚੰਡੀਗੜ੍ਹ/ਮੋਹਾਲੀ, 25 ਨਵੰਬਰ 2026: ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਮੁੜ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਉਂਦੀ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦਾ ਵੱਡੇ ਪੱਧਰ ‘ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਅਧਿਆਪਕਾਂ ਦੀ ਪ੍ਰਮੁੱਖ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF) ਪੰਜਾਬ ਦਾ ਸਮੁੱਚਾ ਕਾਡਰ ਪੂਰੇ ਜੋਸ਼ ਨਾਲ ਸ਼ਮੂਲੀਅਤ ਕਰੇਗਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਆਖਿਆ ਕਿ ਸਾਲ 2022 ਵਿੱਚ ਸੱਤਾ ਸੰਭਾਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵੱਡਾ ਐਲਾਨ ਕੀਤਾ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਕਰੀਬ ਪੰਜ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਦਾ ਇਹ ਐਲਾਨ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਿਆ ਹੈ ਅਤੇ ਇਸ ਨੂੰ ਅਜੇ ਤੱਕ ਅਮਲੀ ਰੂਪ ਨਹੀਂ ਦਿੱਤਾ ਜਾ ਸਕਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਾਅਦਾਖ਼ਿਲਾਫ਼ੀ ਕਾਰਨ ਸੂਬੇ ਦੇ ਲੱਖਾਂ ਮੁਲਾਜ਼ਮ ਪਿਛਲੇ ਪੰਜ ਵਰ੍ਹਿਆਂ ਤੋਂ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਚੁੱਕੇ।
ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਤਾਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੀ ਹੈ, ਸਗੋਂ ਮੁਲਾਜ਼ਮਾਂ ਦੀਆਂ ਹੋਰ ਬੁਨਿਆਦੀ ਤੇ ਜਾਇਜ਼ ਮੰਗਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਮੰਗਾਂ ਵਿੱਚ 17-07-2020 ਅਤੇ 15-01-2015 ਦੇ ਮੁਲਾਜ਼ਮ ਵਿਰੋਧੀ ਪੱਤਰਾਂ ਨੂੰ ਰੱਦ ਕਰਨਾ, ਮਾਣ-ਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨਾ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨਾ, ਏ.ਸੀ.ਪੀ. (ACP) ਸਕੀਮ ਮੁੜ ਚਾਲੂ ਕਰਨਾ ਅਤੇ ਕੱਟੇ ਗਏ ਵੱਖ-ਵੱਖ ਭੱਤਿਆਂ ਨੂੰ ਬਹਾਲ ਕਰਨਾ ਪ੍ਰਮੁੱਖ ਹਨ।
ਅਧਿਆਪਕ ਆਗੂਆਂ ਨੇ ਤਿੱਖੇ ਸ਼ਬਦਾਂ ਵਿੱਚ ਆਖਿਆ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਰਗ ਲਈ ਹੁਣ ਤੱਕ ਦੀ ਸਭ ਤੋਂ ਵੱਧ ਨੁਕਸਾਨਦੇਹ ਸਰਕਾਰ ਸਿੱਧ ਹੋਈ ਹੈ, ਜਿਸ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਇੱਕ ਵੀ ਵੱਡੀ ਮੰਗ ਪੂਰੀ ਨਹੀਂ ਕੀਤੀ। ਆਗੂਆਂ ਨੇ ਸਮੂਹ ਅਧਿਆਪਕ ਵਰਗ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਚੋਣ ਜ਼ਾਬਤਾ ਲੱਗਣ ਵਿੱਚ ਹੁਣ ਸਿਰਫ਼ ਇੱਕ ਮਹੀਨੇ ਦਾ ਸਮਾਂ ਹੀ ਬਾਕੀ ਬਚਿਆ ਹੈ। ਇਸ ਲਈ ਆਪਣੀਆਂ ਹੱਕੀ ਮੰਗਾਂ ਮਨਵਾਉਣ ਵਾਸਤੇ ਇਹ ਆਰ-ਪਾਰ ਦੀ ਲੜਾਈ ਲੜਨ ਦਾ ਅਹਿਮ ਵੇਲਾ ਹੈ।
ਜਥੇਬੰਦੀ ਨੇ ਸਮੂਹ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੇ ਇਸ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੇ ਕੰਨ ਖੋਲ੍ਹਣ।
















