ਹੈ ਕਿਸੇ ‘ਚ ਦਮ..! ਕੋਈ ਰੋਕ ਕੇ ਵਿਖਾਵੇ ਮਹਿਲਾ ਰਾਖਵਾਂਕਰਨ ਬਿੱਲ- ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ
ਨਵੀਂ ਦਿੱਲੀ-
ਅਗਲੇ ਹਫ਼ਤੇ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਚਾਰ ਰੋਜ਼ਾ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਦੇਸ਼ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਪੱਸ਼ਟ ਸੰਕੇਤ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਲਾਗੂ ਕਰਨ ਦੇ ਰਾਹ ਵਿੱਚ ਆਉਣ ਵਾਲੇ ਹਰ ਅੜਿੱਕੇ ਨੂੰ ਦੂਰ ਕਰੇਗੀ।
ਉਨ੍ਹਾਂ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਆਪਣੇ ਇਰਾਦਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਹਲਕਾਬੰਦੀ (Delimitation) ਅਤੇ ਮਹਿਲਾ ਰਾਖਵਾਂਕਰਨ ਸੋਧ ਬਿੱਲ ‘ਤੇ ਹੋਣ ਵਾਲੀ ਅਹਿਮ ਚਰਚਾ ਤੇ ਇਨ੍ਹਾਂ ਨੂੰ ਪਾਸ ਕਰਵਾਉਣ ਦੀਆਂ ਸਰਕਾਰੀ ਕੋਸ਼ਿਸ਼ਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਵਿਸ਼ੇਸ਼ ਵੀਡੀਓ ਸੁਨੇਹਾ ਸਾਂਝਾ ਕੀਤਾ।
ਇਸ ਸੁਨੇਹੇ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ‘ਮਹਿਲਾ ਸ਼ਕਤੀ’ ਨਾਲ ਜੋ ਵਾਅਦਾ ਕੀਤਾ ਗਿਆ ਹੈ, ਕੇਂਦਰ ਸਰਕਾਰ ਉਸ ਨੂੰ ਹਰ ਹਾਲਤ ਵਿੱਚ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਾਰੀ ਸ਼ਕਤੀ ਨੂੰ ਨੀਤੀ-ਨਿਰਮਾਣ ਵਿੱਚ ਬਣਦੀ ਹਿੱਸੇਦਾਰੀ ਜ਼ਰੂਰ ਮਿਲੇਗੀ।
ਇਸੇ ਲੜੀ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਮੂਹ ਸਿਆਸੀ ਦਲਾਂ ਨੂੰ ਇਸ ਮੁੱਦੇ ‘ਤੇ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ 132ਵੇਂ ਸੰਵਿਧਾਨ ਸੋਧ ਬਿੱਲ ਦੀ ਖੁੱਲ੍ਹ ਕੇ ਹਮਾਇਤ ਕਰਨੀ ਚਾਹੀਦੀ ਹੈ।
ਅਮਿਤ ਸ਼ਾਹ ਨੇ ਇਸ ਬਿੱਲ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸਾਰੇ ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫ਼ੀਸਦ ਤੱਕ ਵਧਾਉਣ ਦਾ ਰਾਹ ਪੱਧਰਾ ਹੋਵੇਗਾ, ਜਿਸ ਨਾਲ ਲੋਕਤੰਤਰੀ ਪ੍ਰਤੀਨਿਧਤਾ ਹੋਰ ਮਜ਼ਬੂਤ ਹੋਵੇਗੀ।
ਦੂਜੇ ਪਾਸੇ, ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਾਰੇ ਸੰਵਿਧਾਨਕ ਅਤੇ ਸੰਸਦੀ ਨਿਯਮਾਂ ਦਾ ਪੂਰਨ ਪਾਲਣ ਕਰਦਿਆਂ ਹੀ ਸੋਮਵਾਰ ਤੋਂ ਚਾਰ ਦਿਨਾਂ ਦਾ ਇਹ ਵਿਸ਼ੇਸ਼ ਸੈਸ਼ਨ ਸੱਦਿਆ ਹੈ।
ਉਨ੍ਹਾਂ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਦੀ ਮਰਿਆਦਾ ਬਣਾਈ ਰੱਖਣ ਅਤੇ ਪੇਸ਼ ਕੀਤੇ ਜਾਣ ਵਾਲੇ ਇਨ੍ਹਾਂ ਅਹਿਮ ਬਿੱਲਾਂ ‘ਤੇ ਸਾਰਥਕ ਤੇ ਉਸਾਰੂ ਚਰਚਾ ਕਰਨ, ਤਾਂ ਜੋ ਦੇਸ਼ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਸਕਣ।
















