25 ਸਾਲ ਦੀ ਨੌਕਰੀ ਤੋਂ ਬਾਅਦ ਹੁਣ ਟੈਸਟ ਕਿਉਂ?- ਅਧਿਆਪਕਾਂ ਵੱਲੋਂ TET ਦੀ ਸ਼ਰਤ ਵਿਰੁੱਧ ਬਗਾਵਤ
Punjab Network
ਮੋਹਾਲੀ, 16 ਫਰਵਰੀ 2026- 25-25 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ TET ਟੈਸਟ ਪਾਸ ਕਰਨ ਦੇ ਸੁਪਰੀਮ ਕੋਰਟ ਦੇ ਆਏ ਇੱਕ ਫੈਸਲੇ ਨੇ ਦੇਸ਼ ਭਰ ਦੇ ਲਗਭਗ 25 ਲੱਖ ਅਧਿਆਪਕਾਂ ਦੀ ਨੀਂਦ ਉਡਾ ਦਿੱਤੀ ਹੈ। ਇਸ ਮਸਲੇ ਨੂੰ ਲੈ ਕੇ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਜਗਰਾਓਂ ਵਿਖੇ ਹੋਈ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਨੇ ਦੱਸਿਆ ਕਿ 1 ਸਤੰਬਰ 2025 ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਵਿੱਚ ਤੱਥਾਂ ਉੱਪਰ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਦੇਸ਼ ਭਰ ਦੇ 25 ਲੱਖ ਸਰਕਾਰੀ ਅਧਿਆਪਕ ਅਤੇ ਪੰਜਾਬ ਦੇ ਲਗਭਗ 70000 ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕ ਗਈ ਹੈ।
ਉਹਨਾਂ ਕਿਹਾ ਕਿ ਸਮੇਂ ਸਮੇਂ ‘ਤੇ ਬਣੇ ਐੱਨ ਸੀ ਟੀ ਈ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਭਰਤੀ ਹੋਏ ਅਧਿਆਪਕਾਂ ਨੂੰ ਬਾਅਦ ਵਿੱਚ ਲਾਗੂ ਹੋਏ ਆਰ ਟੀ ਈ ਐਕਟ 2009 ਦੀਆਂ ਸ਼ਰਤਾਂ ਅਨੁਸਾਰ TET ਦਾ ਟੈਸਟ ਪਾਸ ਕਰਨ ਦੀ ਸ਼ਰਤ ਥੋਪਣਾ ਇੱਕ ਤੁਗਲਕੀ ਫ਼ੈਸਲਾ ਹੈ।
ਆਗੂਆਂ ਨੇ ਸੁਪਰੀਮ ਕੋਰਟ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਕੇ ਤੱਥਾਂ ਅਨੁਸਾਰ ਫ਼ੈਸਲਾ ਲੈਣ ਦੀ ਅਪੀਲ ਕੀਤੀ। ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਲਖਵੀਰ ਹਰੀਕੇ, ਵਿੱਤ ਸਕੱਤਰ ਜਸਵਿੰਦਰ ਬਠਿੰਡਾ ਅਤੇ ਸੂਬਾ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਇਸ ਮਸਲੇ ‘ਤੇ ਪੰਜਾਬ ਦੀਆਂ 15 ਜਥੇਬੰਦੀਆਂ ਨੇ ਇੱਕ ਮੰਚ ‘ਤੇ ਆ ਕੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਅਧੀਨ 10-11 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਜ਼ਿਲਾ ਪੱਧਰ ‘ਤੇ ਪੰਜਾਬ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਹੁਣ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਸੂਬਾ ਕਮੇਟੀ ਨੇ ਅੱਜ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ 15 ਮਾਰਚ ਨੂੰ ਹੋ ਰਹੇ TET ਦੇ ਪੇਪਰ ਵਿੱਚ ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਪੇਪਰ ਨਹੀਂ ਦੇਵੇਗਾ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 22 ਫਰਵਰੀ ਦੀ ਅਨੰਦਪੁਰ ਸਾਹਿਬ ਦੀ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ 16 ਫਰਵਰੀ ਨੂੰ ਡੀ ਟੀ ਐਫ਼ ਦੀਆਂ ਜ਼ਿਲ੍ਹਾ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 17 ਅਤੇ 18 ਫਰਵਰੀ ਨੂੰ ਦੂਸਰੀਆਂ ਜਥੇਬੰਦੀਆਂ ਨਾਲ਼ ਬਲਾਕ ਪੱਧਰ ‘ਤੇ ਸਾਂਝੀਆਂ ਮੀਟਿੰਗਾਂ ਕਰਕੇ ਰੈਲੀ ਲਈ ਕੰਪੇਨ ਸ਼ੁਰੂ ਕੀਤੀ ਜਾਵੇਗੀ।
ਮੀਟਿੰਗ ਵਿੱਚ ਮੋਗੇ ਜ਼ਿਲ੍ਹੇ ਦੇ ਸਾਥੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਕਰਨ ਤੋਂ ਟਾਲ ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ 19 ਫਰਵਰੀ ਦੀ ਵਿੱਤ ਮੰਤਰੀ ਅਤੇ ਹੋਰ ਮੰਤਰੀਆਂ ਨਾਲ਼ ਮੀਟਿੰਗ ਵਿੱਚ ਸਰਕਾਰ ਨੇ ਕੋਈ ਸਹੀ ਫ਼ੈਸਲਾ ਨਾ ਲਿਆ ਤਾਂ ਦੂਸਰੀਆਂ ਜਥੇਬੰਦੀਆਂ ਨਾਲ਼ ਰਾਇ ਕਰਕੇ ਅਗਲਾ ਸੰਘਰਸ਼ ਵਿੱਢਿਆ ਜਾਵੇਗਾ।
ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ TET ਵਾਲੇ ਮਸਲੇ ‘ਤੇ ਸਰਕਾਰ ਸਪੈਸ਼ਲ ਇਜਲਾਸ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ‘ਤੇ ਪ੍ਰੋਮੋਸ਼ਨ ਦੇ ਚਾਹਵਾਨ ਅਧਿਆਪਕਾਂ ਤੋਂ TET ਟੈਸਟ ਨਾ ਲੈਣ ਦਾ ਮਤਾ ਪਾਸ ਕਰਕੇ ਸਰਕਾਰ ਅਧਿਆਪਕਾਂ ਦੇ ਹੱਕ ਵਿੱਚ ਖੜ੍ਹੇ ਅਤੇ ਸੁਪਰੀਮ ਕੋਰਟ ਦੇ ਗਲਤ ਫੈਸਲੇ ਦੇ ਖਿਲਾਫ ਰਿਵਿਊ ਪਟੀਸ਼ਨ ਦਰਜ ਕਰੇ। ਆਗੂਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ ਤੋਂ ਘਬਰਾਉਣ ਦੀ ਥਾਂ ਸੰਘਰਸ਼ ਦੇ ਮੈਦਾਨ ਵਿੱਚ ਲੜ ਰਹੀਆਂ ਜਥੇਬੰਦੀਆਂ ਦਾ ਸਾਥ ਦੇਣ।
ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ ਮੋਗਾ, ਮੈਡਮ ਮਧੂਬਾਲਾ, ਬਲਰਾਮ ਸ਼ਰਮਾ ਫਿਰੋਜ਼ਪੁਰ, ਗਗਨਦੀਪ ਸਿੰਘ ਬਰਾੜ, ਕੁਲਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਬਠਿੰਡਾ, ਦਵਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਫਰੀਦਕੋਟ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਨੀਰਜ ਬਜਾਜ, ਚਰਨਜੀਤ ਸਿੰਘ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਮਾਨਸਾ ਆਦਿ ਆਗੂ ਸ਼ਾਮਲ ਸਨ।






