ਪੰਜਾਬ ਦੇ ਮੁੜ ਬਹਾਲ ਕੱਚੇ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ; 27 ਫਰਵਰੀ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

On: ਫਰਵਰੀ 25, 2026 6:24 ਬਾਃ ਦੁਃ

 

ਪੰਜਾਬ ਦੇ ਮੁੜ ਬਹਾਲ ਕੱਚੇ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ; 27 ਫਰਵਰੀ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

8 ਮਹੀਨੇ ਬੀਤਣ ‘ਤੇ ਵੀ ਬਹਾਲੀ ਦਾ ਵਾਅਦਾ ਵਫ਼ਾ ਨਾ ਹੋਇਆ; ਸਰਕਾਰ ‘ਤੇ ਮੀਟਿੰਗਾਂ ਦੇ ਕੇ ਖੱਜਲ-ਖੁਆਰ ਕਰਨ ਦੇ ਲਾਏ ਇਲਜ਼ਾਮ

ਚੰਡੀਗੜ੍ਹ, 25 ਫਰਵਰੀ 2026

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ ਅਤੇ ਵਲੰਟੀਅਰਾਂ ਨੇ ਆਪਣੀ ਬਹਾਲੀ ਦੀ ਮੰਗ ਨੂੰ ਲੈ ਕੇ ਹੁਣ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ’ ਵੱਲੋਂ ਆਉਂਦੀ 27 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ।

“8 ਮਹੀਨੇ ਪਹਿਲਾਂ ਫਿਲੌਰ ਮੀਟਿੰਗ ‘ਚ ਮਿਲੀ ਸੀ ਹਰੀ ਝੰਡੀ”

ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ 15 ਜੂਨ ਨੂੰ ਫਿਲੌਰ ਪੁਲਿਸ ਅਕੈਡਮੀ ਵਿਖੇ ਹੋਈ ਮੀਟਿੰਗ ਦੌਰਾਨ ਵਲੰਟੀਅਰਾਂ ਨੂੰ ਜਲਦ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਬਹਾਲੀ ਦੀ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿੱਤੇ ਸਨ, ਪਰ ਅੱਜ 8 ਮਹੀਨੇ ਬੀਤ ਜਾਣ ਦੇ ਬਾਵਜੂਦ ਫਾਈਲ ਉੱਥੇ ਹੀ ਖੜ੍ਹੀ ਹੈ।

ਮੀਟਿੰਗਾਂ ਦੇ ਨਾਂ ‘ਤੇ ਖੱਜਲ-ਖੁਆਰੀ ਦਾ ਇਲਜ਼ਾਮ

ਅਧਿਆਪਕ ਆਗੂਆਂ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਬ-ਕਮੇਟੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦਿੱਤਾ ਜਾਂਦਾ ਹੈ, ਪਰ ਐਨ ਮੌਕੇ ‘ਤੇ ਮੀਟਿੰਗਾਂ ਰੱਦ ਕਰ ਦਿੱਤੀਆਂ ਜਾਂਦੀਆਂ ਹਨ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਿਨਾਂ ਸ਼ਰਤ ਬਹਾਲੀ ਦਾ ਵਾਅਦਾ ਕੀਤਾ ਸੀ, ਜੋ ਹੁਣ ਸਿਰਫ਼ ਕਾਗਜ਼ੀ ਸਾਬਤ ਹੋ ਰਿਹਾ ਹੈ। ਦੂਰ-ਦੂਰ ਤੋਂ ਅਧਿਆਪਕਾਂ ਨੂੰ ਚੰਡੀਗੜ੍ਹ ਸੱਦ ਕੇ ਬਿਨਾਂ ਕਿਸੇ ਨਤੀਜੇ ਦੇ ਵਾਪਸ ਭੇਜ ਦਿੱਤਾ ਜਾਂਦਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

27 ਫਰਵਰੀ ਨੂੰ ਵੱਡੇ ਐਕਸ਼ਨ ਦੀ ਤਿਆਰੀ

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਬਹਾਲੀ ਦੇ ਹੁਕਮ ਜਾਰੀ ਨਾ ਕੀਤੇ ਤਾਂ 27 ਫਰਵਰੀ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ੍ਹ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ, ਵੀਰਪਾਲ ਕੌਰ ਅਤੇ ਸਮੂਹ ਸਾਥੀ ਹਾਜ਼ਰ ਸਨ।

 

Join WhatsApp

Join Now

Leave a Comment