TET ਦਾ ਰੱਫੜ! ਅਧਿਆਪਕਾਂ ਵੱਲੋਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਧਰਨੇ!

 

TET ਦਾ ਰੱਫੜ! ਅਧਿਆਪਕਾਂ ਵੱਲੋਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਧਰਨੇ!

ਟੈੱਟ ਸਬੰਧੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਅਤੇ ਰੀਵਿਊ ਪਟੀਸ਼ਨ ਲਈ ਮੁਖ ਮੰਤਰੀ ਦੇ ਨਾਂ ਦਿੱਤੇ ਮੰਗ ਪੱਤਰ

ਚੰਡੀਗੜ੍ਹ /ਮੋਹਾਲੀ 03 ਮਾਰਚ 2026

ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਸਾਰੇ ਜਿਲ੍ਹਿਆਂ ਵਿੱਚ ਵੱਡੇ ਇਕੱਠ ਕਰਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਅਤੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਰੋਸ ਪੱਤਰ /ਮੰਗ ਪੱਤਰ ਦਿੱਤੇ ਗਏ।

ਇਸ ਦੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਸੁਖਵਿੰਦਰ ਸਿੰਘ ਚਾਹਲ, ਦਿਗਵਿਜੇ ਪਾਲ ਸ਼ਰਮਾ, ਸੁਰਿੰਦਰ ਕੁਮਾਰ ਪੁਆਰੀ, ਵਿਕਰਮ ਦੇਵ ਸਿੰਘ, ਸੁਰਿੰਦਰ ਕੰਬੋਜ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਭਜਨ ਸਿੰਘ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸੁਪਰੀਮ ਕੋਰਟ ਨੇ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫੈਸਲੇ ਕਾਰਨ ਸਭ ਅਧਿਆਪਕਾਂ ‘ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ।

ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵੱਲੋਂ ਇਸ ਗੈਰ ਸੰਵਿਧਾਨਿਕ ਫੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇੱਕ ਪੱਤਰ ਅਨੁਸਾਰ ਪਦਉਨਤੀਆਂ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦਉਨਤੀਆਂ ਤੇ ਰੋਕ ਲਗਾ ਦਿੱਤੀ ਗਈ ਹੈ।

ਇਸ ਧੱਕੇ ਵਿਰੁੱਧ ਅਧਿਆਪਕ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸਰਕਾਰ ਦੀ ਬਦਨੀਤੀ ਕਾਰਨ ਹੀ ਅਧਿਆਪਕਾਂ ਵਲੋਂ ਲਗਭਗ ਦੋ ਘੰਟੇ ਜੀਟੀ ਰੋਡ ਜਾਮ ਕਰਨਾ ਪਿਆ। ਜਿਸ ਉਪਰੰਤ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਇਸ ਮਹੱਤਵਪੂਰਨ ਮੀਟਿੰਗ ਨੂੰ ਸਿੱਖਿਆ ਮੰਤਰੀ ਵਲੋਂ ਇੱਕ ਦਿਨ ਪਹਿਲਾਂ ਮੁਲਤਵੀ ਕਰਕੇ ਅੱਗੇ ਪਾ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਸਰਵ ਉੱਚ ਅਦਾਲਤ ਦੇ ਇਸ ਗੈਰ ਵਾਜਿਬ ਫੈਸਲੇ ਦਾ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕਰਨ ਦੇ ਬਾਵਜੂਦ ਦੇਸ਼ ਦੀ ਪਾਰਲੀਮੈਂਟ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਅਧਿਆਪਕ ਵਿਰੋਧੀ ਫੈਸਲੇ ਨੂੰ ਨਾ ਬਦਲਣ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਵਧਾਉਣ ਵਾਲੀ ਅਤੇ ਅਧਿਆਪਕਾਂ ਦੀ ਸੇਵਾ ਸੁਰੱਖਿਆ ਨੂੰ ਕਮਜ਼ੋਰ ਕਰਨ ਵਾਲੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਦਾ ਨੀਤੀਗਤ ਤੌਰ ‘ਤੇ ਵਿਰੋਧ ਕਰਨ ਦੀ ਥਾਂ ਪੰਜਾਬ ਸਰਕਾਰ ਵੱਲੋਂ ਵੀ ਅਜਿਹੇ ਫੈਸਲਿਆਂ ਰਾਹੀਂ ਇਸੇ ਨੀਤੀ ਨੂੰ ਲਾਗੂ ਕਰਨ ਸਮੇਤ ਮੀਟਿੰਗ ਮੁਲਤਵੀ ਕਰਨ ਦਾ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਹੈ।

ਜਿਸ ਕਾਰਨ ਪੰਜਾਬ ਦੇ ਸਮੁੱਚੇ ਜਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ / ਘਿਰਾਓ ਕਰਕੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ / ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਕੇ 01.09.2025 ਨੂੰ ਸਾਰੇ ਅਧਿਆਪਕਾਂ ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਐਨ ਸੀ ਟੀ ਈ ਵੱਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ ਸਮੇਂ ਤੇ ਵੱਖ-ਵੱਖ ਟੈਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ ਦਵਾਉਣ ਲਈ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ।

ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ‘ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਅਤੇ ਇਹਨਾਂ ਅਧਿਆਪਕਾਂ ‘ਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ।

ਆਗੂਆਂ ਨੇ ਰੋਸ ਪ੍ਰਦਰਸ਼ਨਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਨਿਊ ਅੰਮ੍ਰਿਤਸਰ ਦੀ ਰਿਹਾਇਸ਼ ਵਿਖੇ, ਬਰਨਾਲਾ ਵਿੱਚ ਵਿਧਾਇਕ ਲਾਭ ਸਿੰਘ ਹਲਕਾ ਭਦੌੜ ਦੀ ਰਿਹਾਇਸ਼ ਤਪਾ ਵਿਖੇ, ਬਠਿੰਡਾ ਵਿੱਚ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ ਦੀ ਬਠਿੰਡਾ ਰਿਹਾਇਸ਼ ਵਿਖੇ, ਫਤਿਹਗੜ੍ਹ ਸਾਹਿਬ ਵਿੱਚ ਲਖਬੀਰ ਸਿੰਘ ਰਾਏ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਦਫਤਰ ਸਾਹਮਣੇ, ਫਰੀਦਕੋਟ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਫਰੀਦਕੋਟ ਵਿਖੇ, ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਪਿੰਡ ਸੰਧਵਾਂ ਵਿਖੇ, ਵਿਧਾਇਕ ਅਮੋਲਕ ਸਿੰਘ ਦੇ ਘਰ ਅੱਗੇ ਜੈਤੋਂ ਵਿਖੇ, ਫਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਦੇ ਦਫਤਰ ਫਿਰੋਜ਼ਪੁਰ ਵਿਖੇ, ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਦੇ ਘਰ ਬਟਾਲਾ ਸਾਹਮਣੇ, ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਦੀ ਰਿਹਾਇਸ਼ ਹੁਸ਼ਿਆਰਪੁਰ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਦਫਤਰ ਗੜਸ਼ੰਕਰ ਵਿਖੇ, ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਰਿਹਾਇਸ਼ ਜਲੰਧਰ ਵਿਖੇ, ਕਪੂਰਥਲਾ ਵਿੱਚ ਸੁਲਤਾਨਪੁਰ ਲੋਧੀ ਵਿਖੇ, ਲੁਧਿਆਣਾ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਲੁਧਿਆਣਾ ਵਿਖੇ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੀ ਰਿਹਾਇਸ਼ ਖੰਨਾ ਵਿਖੇ, ਮਾਨਸਾ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਮਾਨਸਾ ਵਿਖੇ, ਬੁੱਧ ਰਾਮ ਵਿਧਾਇਕ ਬੁਢਲਾਡਾ ਦੀ ਰਿਹਾਇਸ਼ ਵਿਖੇ, ਮੋਗਾ ਵਿੱਚ ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ ਦੀ ਰਿਹਾਇਸ਼ ਮੋਗਾ ਵਿਖੇ, ਮੋਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਹਲਕਾ ਮੋਹਾਲੀ ਦੇ ਦਫਤਰ ਮੋਹਾਲੀ ਵਿਖੇ, ਮੁਕਤਸਰ ਵਿੱਚ ਕਾਕਾ ਬਰਾੜ ਵਿਧਾਇਕ ਦੀ ਰਿਹਾਇਸ਼ ਮੁਕਤਸਰ ਵਿਖੇ, ਡਾਕਟਰ ਬਲਜੀਤ ਕੌਰ ਵਿਧਾਇਕ ਦੀ ਰਿਹਾਇਸ਼ ਮਲੋਟ ਵਿਖੇ, ਨਵਾਂ ਸ਼ਹਿਰ ਵਿੱਚ ਡਾਕਟਰ ਸੁਖਵਿੰਦਰ ਸੁੱਖੀ ਹਲਕਾ ਬੰਗਾ ਦੀ ਰਿਹਾਇਸ਼ ਨਵਾਂ ਸ਼ਹਿਰ ਵਿਖੇ, ਪਠਾਨਕੋਟ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਿਹਾਇਸ਼ ਕਟਾਰੂਚੱਕ ਵਿਖੇ, ਪਟਿਆਲਾ ਵਿੱਚ ਡਾਕਟਰ ਬਲਬੀਰ ਸਿੰਘ ਕੈਬਨਿਟ ਮੰਤਰੀ ਦੀ ਰਿਹਾਇਸ਼ ਸਾਹਮਣੇ ਅਤੇ ਕੁਲਵੰਤ ਸਿੰਘ ਬਾਜੀਗਰ ਹਲਕਾ ਵਿਧਾਇਕ ਪਾਤੜਾਂ ਦੀ ਰਿਹਾਇਸ਼ ਅੱਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕਣ, ਰੋਪੜ ਵਿੱਚ ਐਡਵੋਕੇਟ ਦਿਨੇਸ਼ ਚੱਢਾ ਵਿਧਾਇਕ ਦੀ ਰਿਹਾਇਸ਼ ਰੋਪੜ ਵਿਖੇ, ਸੰਗਰੂਰ ਵਿੱਚ ਆਪ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸੁਨਾਮ ਵਿਖੇ ਅਤੇ ਜਿਲ੍ਹਾ ਤਰਨ ਤਾਰਨ ਵਿੱਚ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਿਹਾਇਸ਼ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਕਰਕੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ/ ਮੰਗ ਪੱਤਰ ਦਿੱਤੇ ਗਏ।