ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਐਲਾਨ; ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 8 ਮਾਰਚ ਨੂੰ ਵਿਧਾਨ ਸਭਾ ਵੱਲ ਹੋਵੇਗਾ ਵਿਸ਼ਾਲ ਮਾਰਚ

 

ਪੁਰਾਣੀ ਪੈਨਸ਼ਨ ਲਈ 8 ਮਾਰਚ ਨੂੰ ਵਿਧਾਨ ਸਭਾ ਵੱਲ ਹੋਵੇਗਾ ਮਾਰਚ

– ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ-ਡੀ. ਟੀ. ਐਫ਼

ਐੱਸ ਏ ਐੱਸ ਨਗਰ, 06 ਮਾਰਚ 2026- ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ ਪੀ ਐਫ਼ ਕਰਮਚਾਰੀ ਯੂਨੀਅਨ ਅਤੇ ਟਰੇਡ ਯੂਨੀਅਨ ਸੈਂਟਰਾਂ ਵੱਲੋਂ 08 ਮਾਰਚ ਨੂੰ ਬਜ਼ਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖਤਾ ਕਦਮ ਨਹੀਂ ਪੁੱਟਿਆ।

ਸਗੋਂ ਐੱਨ ਪੀ ਐੱਸ ਦੇ ਅੰਡਰ ਮੁਲਾਜ਼ਮਾਂ ਅਤੇ ਖਜ਼ਾਨੇ ਦੇ ਕਰੋੜਾਂ-ਅਰਬਾਂ ਰੁਪਏ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ ਵਿੱਚ ਲਾਉਣ ਲਈ ਦਿੱਤੇ ਜਾ ਰਹੇ ਹਨ ਅਤੇ ਮੁਲਾਜ਼ਮ ਪੰਜ-ਪੰਜ ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ।

ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਨਿਰਾ ਝੂਠ ਸਾਬਿਤ ਹੋਇਆ।

ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 2 ਲੱਖ ਮੁਲਾਜ਼ਮ ਐੱਨ ਪੀ ਐੱਸ ਦੇ ਅੰਡਰ ਹਨ, ਜੋ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹ ਜੀ ਪੀ ਐਫ਼ ਖਾਤੇ ਖੋਲ੍ਹੇ।

ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।