ਮਹਿਲਾ ਦਿਵਸ ‘ਤੇ ਮੈਰੀਟੋਰੀਅਸ ਮਹਿਲਾ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

 

ਮਹਿਲਾ ਦਿਵਸ ‘ਤੇ ਮੈਰੀਟੋਰੀਅਸ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ; ਸਾਨੂੰ 1000 ਰੁਪਏ ਨਹੀਂ, ਰੈਗੂਲਰ ਆਰਡਰ ਚਾਹੀਦੇ

ਮਹਿਲਾ ਦਿਵਸ ‘ਤੇ ਮੈਰੀਟੋਰੀਅਸ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਤੁਰੰਤ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ ਸਰਕਾਰ

ਸਾਲ 2026 ਵਿੱਚ 130 ਮੈਰੀਟੋਰੀਅਸ ਵਿਦਿਆਰਥੀਆਂ ਦੇ JEE Mains ਪਾਸ ਕਰਨ ਦੇ ਬਾਵਜੂਦ ਅਧਿਆਪਕ ਹਾਲੇ ਤੱਕ ਕੱਚੇ!

ਚੰਡੀਗੜ੍ਹ 8 ਮਾਰਚ 2026:

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀਆਂ ਮਹਿਲਾ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਚੰਡੀਗੜ੍ਹ ਵਿੱਚ ਪੋਸਟਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੀਆਂ ਮਹਿਲਾ ਆਗੂਆਂ ਨੇ ਕੀਤੀ, ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਵਾਲੇ ਮਸਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਇਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਨਿਰਾਸ਼ਾ ਹੈ।

ਧਰਨੇ ਦੌਰਾਨ ਮਹਿਲਾ ਅਧਿਆਪਕਾਂ ਨੇ ਮਿਆਰੀ ਸਿੱਖਿਆ ਪ੍ਰਣਾਲੀ ਵਿੱਚ ਆਪਣਾ ਯੋਗਦਾਨ ਜਤਾਉਂਦੇ ਹੋਏ ਕਿਹਾ ਕਿ ਇਸ ਸਾਲ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਨਾਲ 130 ਵਿਦਿਆਰਥੀਆਂ ਨੇ JEE Mains ਪ੍ਰੀਖਿਆ ਪਾਸ ਕੀਤੀ, ਜੋ ਕਿ ਪੰਜਾਬ ਲਈ ਮਾਣ ਦੀ ਗੱਲ ਹੋਣੀ ਚਾਹੀਦੀ ਹੈ। ਪਰ ਇਸ ਉਪਲਬਧੀ ਦੇ ਬਾਵਜੂਦ ਅਧਿਆਪਕ ਹਾਲੇ ਤੱਕ ਕੱਚੇ ਹਨ ਅਤੇ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਫੈਸਲਾ ਨਹੀਂ ਲਿਆ ਗਿਆ।

ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਸਰਕਾਰ ਦੀ ਨੀਤੀ ‘ਤੇ ਤਿੱਖੀ ਟਿੱਪਣੀ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਮਹਿਲਾਵਾਂ ਨਾਲ ਚੋਣਾਂ ਦੌਰਾਨ 1000 ਰੁਪਏ ਹਰ ਮਹੀਨੇ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਉਹ ਮਹਿਲਾ ਅਧਿਆਪਕ ਜੋ ਦਿਨ-ਰਾਤ ਮਿਹਨਤ ਕਰ ਰਹੀਆਂ ਹਨ, ਉਨ੍ਹਾਂ ਨੂੰ ਸੜਕਾਂ ‘ਤੇ ਰੋਸ ਧਰਨਾ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਧਰਨੇ ਦੌਰਾਨ ਮਹਿਲਾ ਅਧਿਆਪਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਨਿਭਾਉਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਬਾਰੇ ਕੋਈ ਠੋਸ ਫੈਸਲਾ ਨਾ ਲਿਆ ਤਾਂ ਯੂਨੀਅਨ ਅਤੇ ਅਧਿਆਪਕਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।

ਡਾ.ਟੀਨਾ ਪ੍ਰਧਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕਾਂ ਦੀ ਮਿਹਨਤ ਅਤੇ ਸਿੱਖਿਆ ਲਈ ਕੀਤੀ ਸੇਵਾ ਦਾ ਸਨਮਾਨ ਹਾਸਲ ਕਰਨ ਲਈ ਯੂਨੀਅਨ ਆਖ਼ਰੀ ਸਾਹ ਤੱਕ ਲੜਾਈ ਜਾਰੀ ਰੱਖੇਗੀ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਹੁਣ ਗੱਲਾਂ ਨਹੀਂ, ਕੰਮ ਕਰਨ ਦੀ ਲੋੜ ਹੈ।

ਪ੍ਰਦਰਸ਼ਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਖਤਮ ਕੀਤਾ ਗਿਆ, ਪਰ ਯੂਨੀਅਨ ਨੇ ਆਗਾਹ ਕੀਤਾ ਕਿ ਜੇ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।