Punjab News: ਹੱਕ ਮੰਗਦੇ ਅਧਿਆਪਕਾਂ ‘ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ

 

ਹੱਕ ਮੰਗਦੇ ਅਧਿਆਪਕਾਂ ‘ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ

ਸਰਕਾਰ ਟੈੱਟ ਦੀ ਸ਼ਰਤ ਰੱਦ ਕਰੇ, ਦਫ਼ਤਰੀ ਮੁਲਾਜ਼ਮਾਂ ਦੀਆਂ 31000 ਤਨਖਾਹ ਕਟੌਤੀਆਂ ਨੂੰ ਤੁਰੰਤ ਰੱਦ ਕਰੇ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰੇ: ਸੰਧਾ

Punjab News, 12 March 2026- 

ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਅਧਿਆਪਕ ਜਦੋਂ ਅੱਜ ਵਿਧਾਨ ਸਭਾ ਵੱਲ ਕੂਚ ਕਰਨ ਲਈ ਨਿਕਲੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।

ਪੁਲਿਸ ਨੇ ਪਹਿਲਾਂ ਅਧਿਆਪਕਾਂ ‘ਤੇ ਬੇਤਹਾਸ਼ਾ ਲਾਠੀਚਾਰਜ ਕੀਤਾ, ਪਾਣੀ ਦੀਆਂ ਬੁਛਾੜਾਂ ਮਾਰਨ ਦੇ ਨਾਲ-ਨਾਲ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ, ਸੂਬਾ ਆਗੂ ਗੁਰਮੀਤ ਸਿੰਘ ਭੂੰਦੜ, ਜਗਮੋਹਨ ਸਿੰਘ, ਅਮਨ ਥਾਪਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ‘ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪੀ ਹੈ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ 31000-31000 ਤਨਖਾਹਾਂ ‘ਤੇ ਡਾਕਾ ਮਾਰਨ ਦੇ ਹੁਕਮ ਦਿੱਤੇ ਹਨ।

ਪਰ ਸਰਕਾਰ ਜੋ ਮੁਲਾਜ਼ਮਾਂ ਦਾ ਪੈਂਡਿੰਗ ਬਕਾਇਆ ਅਤੇ ਪੁਰਾਣੀ ਪੈਨਸ਼ਨ ਦਾ ਵਾਅਦਾ ਕੀਤਾ ਸੀ, ਉਸ ਤੋਂ ਮੁਨਕਰ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਮੰਗਾਂ ਮੰਨਣ ਦੀ ਜਗ੍ਹਾ ਅਧਿਆਪਕਾਂ ‘ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਅਤਿ ਨਿੰਦਣਯੋਗ ਹੈ। ਜਥੇਬੰਦੀ ਸਰਕਾਰ ਦੇ ਇਸ ਕਾਰੇ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ।

ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ ਗਏ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।