ਕਿੱਥੇ ਗਈਆਂ ਪੱਕੇ ਕਰਨ ਦੀਆਂ ਗਾਰੰਟੀਆਂ? ਪੰਜਾਬ ਬਜਟ ‘ਚੋਂ ਠੇਕਾ ਮੁਲਾਜ਼ਮ ਗਾਇਬ!

On: ਮਾਰਚ 13, 2026 12:56 ਬਾਃ ਦੁਃ

 

ਕਿੱਥੇ ਗਈਆਂ ਪੱਕੇ ਕਰਨ ਦੀਆਂ ਗਾਰੰਟੀਆਂ? ਪੰਜਾਬ ਬਜਟ ‘ਚੋਂ ਠੇਕਾ ਮੁਲਾਜ਼ਮ ਗਾਇਬ!

ਬਜਟ ਤੋਂ ਨਾਰਾਜ਼ ਆਊਟਸੋਰਸ ਮੁਲਾਜ਼ਮਾਂ ਨੇ ਫੂਕਿਆ ਸਰਕਾਰ ਦਾ ਪੁਤਲਾ; ਗੁਰਦਾਸਪੁਰ ਵੇਰਕਾ ਪਲਾਂਟ ਦੇ ਵਰਕਰਾਂ ਦਾ ਹੱਲਾ-ਬੋਲ

“ਪੱਕੇ ਕਰਨ ਦੇ ਵਾਅਦੇ ਤੋਂ ਮੁੱਕਰੀ ਸਰਕਾਰ”: 2026-27 ਦੇ ਬਜਟ ਵਿੱਚ ਕੱਚੇ ਮੁਲਾਜ਼ਮਾਂ ਦੀ ਅਣਦੇਖੀ ‘ਤੇ ਭੜਕਿਆ ਰੋਸ; ਬਜਟ ਦੀਆਂ ਕਾਪੀਆਂ ਸਾੜੀਆਂ

ਗੁਰਦਾਸਪੁਰ, 13 ਮਾਰਚ 2026- ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਵਿੱਚ ਆਊਟਸੋਰਸ ਮੁਲਾਜ਼ਮਾਂ ਲਈ ਕੋਈ ਵਿਸ਼ੇਸ਼ ਪ੍ਰਬੰਧ ਜਾਂ ਪੱਕੇ ਕਰਨ ਦਾ ਜ਼ਿਕਰ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਦੀ ਲਹਿਰ ਦੌੜ ਗਈ ਹੈ। ਇਸ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਦੇ ਵੇਰਕਾ ਮਿਲਕ ਪਲਾਂਟ ਵਿਖੇ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਵੇਰਕਾ ਮਿਲਕ ਪਲਾਂਟ ਦੇ ਗੇਟ ‘ਤੇ ਇਕੱਠੇ ਹੋਏ ਸੈਂਕੜੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਸ ਵਜੋਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਚੋਣ ਵਾਅਦਿਆਂ ਦੀ ਯਾਦ ਦਿਵਾਈ

ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਨੇ ਗਾਰੰਟੀ ਦਿੱਤੀ ਸੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਲਗਾਤਾਰ ਪੇਸ਼ ਹੋ ਰਹੇ ਬਜਟਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਿਆ ਜਾ ਰਿਹਾ ਹੈ।

ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਲੰਬ ਅਤੇ ਹੋਰ ਆਗੂਆਂ ਨੇ ਸਪੱਸ਼ਟ ਕੀਤਾ ਕਿ, ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਸੂਬਾ ਪੱਧਰ ‘ਤੇ ਹੋਰ ਤਿੱਖਾ ਕੀਤਾ ਜਾਵੇਗਾ।

ਆਊਟਸੋਰਸ ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਨਹੀਂ, ਸਗੋਂ ਠੋਸ ਨੀਤੀ ਦੀ ਮੰਗ ਕਰ ਰਹੇ ਹਨ। ਇਸ ਰੋਸ ਪ੍ਰਦਰਸ਼ਨ ਵਿੱਚ ਯੂਨੀਅਨ ਪ੍ਰਧਾਨ ਬਲਜੀਤ ਸਿੰਘ ਲੰਬ, ਉਪ ਪ੍ਰਧਾਨ ਸੁਖਦੀਪ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ, ਸਲਾਹਕਾਰ ਗੁਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵੇਰਕਾ ਪਲਾਂਟ ਦੇ ਵਰਕਰ ਮੌਜੂਦ ਸਨ।

 

Join WhatsApp

Join Now

Leave a Comment