Good News: ਮੁਲਾਜ਼ਮਾਂ ਦੇ DA ਵਿੱਚ ਹੋਇਆ 4% ਵਾਧਾ; ਸ਼੍ਰੋਮਣੀ ਕਮੇਟੀ ਨੇ ਕੀਤਾ ਐਲਾਨ

 

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤਾ ਵਧਾਉਣ ਦਾ ਐਲਾਨ

ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਅੰਮ੍ਰਿਤਸਰ, 15 ਮਾਰਚ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਆਚਾਰ ਵਿਹਾਰ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਯਾਦਾ ਨੂੰ ਮਜ਼ਬੂਤ ਬਣਾਉਣ।

ਇਹ ਵਿਚਾਰ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਪ੍ਰਗਟ ਕੀਤੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਸ਼ਾਨਦਾਰ ਹਨ ਅਤੇ ਇਹ ਸਾਡੀ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ। ਇਸ ਨਾਲ ਗੁਰੂ ਘਰਾਂ ਦੀ ਮਰਯਾਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ।

ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ।

ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਲਈ 1 ਅਪ੍ਰੈਲ ਤੋਂ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਲੇਕਿਨ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ।

ਇਸ ਮੌਕੇ ਉਨ੍ਹਾਂ ਸੰਗਤ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੀ ਮਨੁੱਖਤਾ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਬਖ਼ਸ਼ਣ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਹਿਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।