ਅਧਿਆਪਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ; ਪੁਲਸੀਆ ਤਸ਼ੱਦਦ ਵਿਰੁੱਧ ਟੀਚਰਾਂ ਨੇ ਸਾੜੀ ਭਗਵੰਤ ਮਾਨ ਸਰਕਾਰ ਅਰਥੀ; TET ਦੀ ਸ਼ਰਤ ਰੱਦ ਕਰਨ ਦੀ ਮੰਗ

 

ਅਧਿਆਪਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ; ਪੁਲਸੀਆ ਤਸ਼ੱਦਦ ਵਿਰੁੱਧ ਟੀਚਰਾਂ ਨੇ ਸਾੜੀ ਭਗਵੰਤ ਮਾਨ ਸਰਕਾਰ ਅਰਥੀ; TET ਦੀ ਸ਼ਰਤ ਰੱਦ ਕਰਨ ਦੀ ਮੰਗ

ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀ ਫੂਕੀ ਅਰਥੀ

ਟੈੱਟ ਦੇ ਨਾਂ ‘ਤੇ ਸੰਘਰਸ਼ ਕਰਦੇ ਅਧਿਆਪਕਾਂ ‘ਤੇ ਸਰਕਾਰੀ ਹਮਲਾ ਅਤਿ ਨਿੰਦਣਯੋਗ – ਅਧਿਆਪਕ ਆਗੂ

ਪੰਜਾਬ ਨੈੱਟਵਰਕ

ਫ਼ਿਰੋਜ਼ਪੁਰ 17 ਮਾਰਚ 2026-

ਅਧਿਆਪਕ ਜਥੇਬੰਦੀਆਂ ਦੇ ਆਗੂਆਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਖਾਨਪੁਰ, ਜਗਸੀਰ ਸਿੰਘ ਗਿੱਲ, ਬਲਰਾਮ ਸ਼ਰਮਾ, ਹਰਦੀਪ ਸਿੰਘ ਤੂਰ, ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਵਿੱਚ ਡੀ.ਸੀ. ਦਫਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ ‘ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ।

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ‘ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ।

ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਵੀ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਰੋਸ ਪ੍ਰਦਰਸ਼ਨ ਕਰਕੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਸਿਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।

ਇਸ ਪ੍ਰਦਰਸ਼ਨ ਵਿੱਚ ਮਲਕੀਤ ਸਿੰਘ ਹਰਾਜ, ਸੁਖਜਿੰਦਰ ਸਿੰਘ ਖਾਨਪੁਰ, ਬਲਰਾਮ ਸ਼ਰਮਾ, ਪਰਮਜੀਤ ਸਿੰਘ ਪੰਮਾ,ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਰਾਜੀਵ ਹਾਂਡਾ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਭੁੱਟੋ,ਸੁਰਿੰਦਰ ਕੰਬੋਜ, ਜਗਸੀਰ ਸਿੰਘ ਗਿੱਲ, ਗੁਰਵਿੰਦਰ ਸਿੰਘ ਖੋਸਾ,ਗੁਰਪ੍ਰੀਤ ਸਿੰਘ ਬਾਠ,ਬਲਵਿੰਦਰ ਸਿੰਘ ਸੰਧੂ, ਅਮਿਤ ਸ਼ਰਮਾ,ਗੁਰਪ੍ਰੀਤ ਮੱਲੋਕੇ , ਲਖਵਿੰਦਰ ਸਿੰਘ, ਰਣਜੀਤ ਸਿੰਘ ਖਾਲਸਾ, ਹੀਰਾ ਸਿੰਘ ਤੂਤ, ਦਰਸ਼ਨ ਸਿੰਘ ਵੜਵਾਲ, ਗੁਰਵਿੰਦਰ ਸਿੰਘ, ਰਾਜ ਕੁਮਾਰ ਮਹਿਰੋਕ, ਕੁਲਦੀਪ ਸਿੰਘ, ਸ਼ਹਿਨਾਜ, ਰੀਤੂ ਬਾਲਾ, ਸੁਸ਼ੀਲ ਕੁਮਾਰੀ, ਬਲਵਿੰਦਰ ਕੌਰ ਬਹਿਲ, ਬਲਜੀਤ ਕੌਰ, ਸੁਨੀਤਾ ਰਾਣੀ, ਸਵਰਨ ਸਿੰਘ ਜੋਸਨ, ਮਹਿਲ ਸਿੰਘ, ਅਮਿਤ ਸ਼ਰਮਾ, ਅਮਿਤ ਕੰਬੋਜ, ਇੰਦਰਪਾਲ ਸਿੰਘ, ਰਣਜੀਤ ਸਿੰਘ ਖਾਲਸਾ, ਨੀਰਜ ਯਾਦਵ, ਸੰਦੀਪ ਟੰਡਨ, ਗੁਰਮੀਤ ਸਿੰਘ, ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਅਰਵਿੰਦ ਗਰਗ, ਹਰਵਿੰਦਰ ਸਿੰਘ ਕੈਲਾਸ਼, ਰਾਘਵ ਕਪੂਰ, ਕਾਰਜ ਸਿੰਘ, ਭੁਪਿੰਦਰ ਸਿੰਘ, ਵਰਿੰਦਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਜੀਰਾ, ਗੁਰਿੰਦਰ ਸਿੰਘ ਗੈਰੀ, ਪ੍ਰੇਮ ਕੁਮਾਰ, ਮਨਜੀਤ ਸਿੰਘ, ਅੰਗਰੇਜ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।