Punjab News: ਪਿੰਡਾਂ ‘ਚ ਨਹੀਂ ਲੱਗਣ ਦਿੱਤੇ ਜਾਣਗੇ ‘ਪ੍ਰੀਪੇਡ ਚਿੱਪ’ ਵਾਲੇ ਮੀਟਰ! ਕਿਸਾਨਾਂ ਨੇ ਸਰਕਾਰ ਵਿਰੁੱਧ ਕੀਤਾ ਵੱਡਾ ਐਲਾਨ
ਤਰਨਤਾਰਨ ਦੇ ਪਿੰਡ ਪੂਹਲਾ ਵਿਖੇ ਕਿਸਾਨਾਂ ਦੀ ਵਿਸ਼ਾਲ ਕਾਨਫਰੰਸ; ਚਿੱਪ ਵਾਲੇ ਮੀਟਰਾਂ ਅਤੇ ਅਮਰੀਕਾ ਨਾਲ ਹੋਏ ਸਮਝੌਤੇ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ
ਤਰਨਤਾਰਨ, 26 ਮਾਰਚ 2026:
Punjab News: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪੂਹਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਵੱਲੋਂ ਇੱਕ ਵਿਸ਼ਾਲ ਕਾਨਫਰੰਸ ਕੀਤੀ ਗਈ।
ਇਸ ਕਾਨਫਰੰਸ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।
ਕਾਨਫਰੰਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਸੂਬਾ ਜਨਰਲ ਸਕੱਤਰ ਦਲਬਾਗ ਸਿੰਘ ਦਰਾਜਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ‘ਤੇ ਪਿੰਡਾਂ ਵਿੱਚ ਧੱਕੇ ਨਾਲ ਚਿੱਪ ਵਾਲੇ (ਪ੍ਰੀਪੇਡ) ਮੀਟਰ ਲਗਾ ਰਹੀ ਹੈ।
ਉਨ੍ਹਾਂ ਕਿਹਾ, ਇਹ ਪ੍ਰੀਪੇਡ ਮੀਟਰ ਗ਼ਰੀਬ ਲੋਕਾਂ ਨੂੰ ਹਨੇਰੇ ਵਿੱਚ ਰਹਿਣ ਲਈ ਮਜਬੂਰ ਕਰ ਦੇਣਗੇ। ਸਰਕਾਰ ਪੁਲਿਸ ਦੀ ਸ਼ਹਿ ‘ਤੇ ਕਿਸਾਨਾਂ-ਮਜ਼ਦੂਰਾਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ।
ਅਮਰੀਕਾ ਨਾਲ ਹੋਏ ਸਮਝੌਤੇ ‘ਤੇ ਨਿਸ਼ਾਨਾ
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਅੰਦਰੂਨੀ ਸਮਝੌਤੇ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮਝੌਤੇ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ। ਆਗੂਆਂ ਮੁਤਾਬਕ, ਕੇਂਦਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੇ ਕਿਰਤੀ ਵਰਗ ਨਾਲ ਧੋਖਾ ਕੀਤਾ ਹੈ।
ਇਸ ਕਾਨਫਰੰਸ ਦੌਰਾਨ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਪਹੂਵਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਪਹੂਵਿੰਡ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਜਥੇਬੰਦੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨਾਲ ਜੁੜਨ ਦਾ ਐਲਾਨ ਕੀਤਾ।
ਕਾਨਫਰੰਸ ਦੇ ਅੰਤ ਵਿੱਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਚਿੱਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨਗੇ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਮੂੰਹ-ਤੋੜ ਜਵਾਬ ਦੇਣਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।






