Weather Alert: ਪੰਜਾਬ ‘ਚ ਮੌਸਮ ਨੇ ਲਈ ਕਰਵਟ- ਚੰਡੀਗੜ੍ਹ ‘ਚ ਮੀਂਹ ਨਾਲ ਖਿੜਿਆ ਮੌਸਮ; ਜਾਣੋ ਤੁਹਾਡੇ ਸ਼ਹਿਰ ‘ਚ ਅਗਲੇ 4 ਦਿਨ ਕਿਹੋ ਜਿਹਾ ਰਹੇਗਾ ਹਾਲ
Punjab Network
Rain Alert: ਚੰਡੀਗੜ੍ਹ/ਮੋਹਾਲੀ, 28 ਮਾਰਚ, 2026: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ (28 ਮਾਰਚ) ਨੂੰ ਪੰਜਾਬ ਦੇ 10 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹਨਾਂ ਜ਼ਿਲ੍ਹਿਆਂ ਦੇ ਵਿੱਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ।
ਵਿਭਾਗ ਅਨੁਸਾਰ, 30 ਮਾਰਚ ਤੱਕ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਤੇਜ਼ ਹਨ੍ਹੇਰੀ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈ ਸਕਦਾ ਹੈ। ਬਾਰਿਸ਼ ਤੋਂ ਪਹਿਲਾਂ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਸੀ, ਪਰ ਬੂੰਦਾਬਾਂਦੀ ਤੋਂ ਬਾਅਦ ਪਾਰਾ ਡਿੱਗਣ ਦੀ ਉਮੀਦ ਹੈ।
ਪੱਛਮੀ ਵਿਘਨ (Western Disturbance) ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਤਿੰਨ-ਚਾਰ ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਵੀ ਮੌਸਮ ਦੀ ਸਥਿਤੀ ਦੇਖਦੇ ਹੋਏ ਫ਼ਸਲਾਂ ਦੀ ਸਾਂਭ-ਸੰਭਾਲ ਕਰਨ ਦੀ ਸਲਾਹ ਦਿੱਤੀ ਹੈ।

ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ
ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਅਚਾਨਕ ਹੋਈ ਤੇਜ਼ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸਰਗਰਮ ਪੱਛਮੀ ਵਿਘਨ (Western Disturbance) ਕਾਰਨ ਹਲਕੀ ਠੰਢ ਲਗਾਤਾਰ ਬਣੀ ਹੋਈ ਹੈ।
ਮੌਸਮ ਵਿਭਾਗ ਨੇ ਪਹਾੜੀ ਅਤੇ ਮੈਦਾਨੀ ਇਲਾਕਿਆਂ ਲਈ ਬਾਰਿਸ਼ ਦਾ ਅਲਰਟ ਜਾਰੀ ਕੀਤਾ ਸੀ। ਵਿਭਾਗ ਅਨੁਸਾਰ ਪੱਛਮੀ ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦਾ ਅੰਦਾਜ਼ਾ ਹੈ। 28 ਤੋਂ 31 ਮਾਰਚ ਤੱਕ ਇੱਕ ਵਾਰ ਫਿਰ ਨਵੇਂ ਪੱਛਮੀ ਵਿਘਨ ਕਾਰਨ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਨੋਇਡਾ ਵਿੱਚ ਕੁਝ ਦੇਰ ਹੋਈ ਬਾਰਿਸ਼ ਨੇ ਮੌਸਮ ਵਿੱਚ ਕਾਫੀ ਠੰਢਕ ਲਿਆ ਦਿੱਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ। ਹਿਮਾਲਿਆ ਖੇਤਰ ਵਿੱਚ ਉੱਠੇ ਚੱਕਰਵਾਤ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ।






