ਵੱਡੀ ਖ਼ਬਰ ਕਿਸਾਨ ਲੀਡਰ ਰਾਕੇਸ਼ ਟਿਕੈਤ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ‘ਤੇ ਭੜਕੇ ਕਿਸਾਨ, ਬੁਲੰਦਸ਼ਹਿਰ ਦੇ ਖੁਰਜਾ ‘ਚ ਥਾਣੇ ਦਾ ਘਿਰਾਓ; ਓਡੀਸ਼ਾ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ
ਬੁਲੰਦਸ਼ਹਿਰ/ਖੁਰਜਾ, 31 ਮਾਰਚ 2026: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਓਡੀਸ਼ਾ ਵਿੱਚ ਸੈਂਕੜੇ ਸਾਥੀਆਂ ਸਮੇਤ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਫੈਲਦਿਆਂ ਹੀ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਰੋਸ ਦੀ ਲਹਿਰ ਦੌੜ ਗਈ ਹੈ।
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਵਿਖੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕਾਰਕੁਨਾਂ ਨੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਰਬ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਖੁਰਜਾ ਨਗਰ ਕੋਤਵਾਲੀ ਦਾ ਘਿਰਾਓ ਕੀਤਾ।
ਭਾਕਿਯੂ ਆਗੂਆਂ ਨੇ ਰਾਕੇਸ਼ ਟਿਕੈਤ ‘ਤੇ ਕੀਤੀ ਗਈ ਇਸ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਅਤੇ ਤਾਨਾਸ਼ਾਹੀ ਕਰਾਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ, ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਕਿਸਾਨਾਂ ਦੀ ਆਵਾਜ਼ ਨੂੰ ਸਲਾਖਾਂ ਪਿੱਛੇ ਦਬਾਇਆ ਨਹੀਂ ਜਾ ਸਕਦਾ ਅਤੇ ਅਜਿਹੇ ਕਦਮ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।
ਜ਼ਿਲ੍ਹਾ ਪ੍ਰਧਾਨ ਚੌਧਰੀ ਅਰਬ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਰਾਕੇਸ਼ ਟਿਕੈਤ ਅਤੇ ਹੋਰ ਕਿਸਾਨਾਂ ਨੂੰ ਸਨਮਾਨ ਸਹਿਤ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਰਿਹਾਈ ਵਿੱਚ ਦੇਰੀ ਹੋਈ ਤਾਂ ਦੇਸ਼ ਭਰ ਦੇ ਥਾਣਿਆਂ ਦਾ ਘਿਰਾਓ ਸ਼ੁਰੂ ਕਰ ਦਿੱਤਾ ਜਾਵੇਗਾ।
ਕਿਸਾਨਾਂ ਦੇ ਵਧਦੇ ਗੁੱਸੇ ਨੂੰ ਦੇਖਦੇ ਹੋਏ ਖੁਰਜਾ ਕੋਤਵਾਲੀ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ। ਫਿਲਹਾਲ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਪਰ ਕਾਬੂ ਹੇਠ ਬਣੀ ਹੋਈ ਹੈ।






