ਵੱਡੀ ਖ਼ਬਰ: AAP ਦੇ ਵੱਡੇ ਲੀਡਰ ਰਹੇ ਅਤੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਭਾਜਪਾ ‘ਚ ਸ਼ਾਮਿਲ
ਦਿੱਲੀ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ‘ਚ ਫੜਿਆ ‘ਕਮਲ’
ਨਵੀਂ ਦਿੱਲੀ/ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਅੱਜ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਉੱਘੇ ਵਕੀਲ ਐਚ. ਐਸ. ਫੂਲਕਾ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਦਿੱਲੀ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜਿਆ। ਫੂਲਕਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਭਾਜਪਾ ਦੀ ਪੂਰੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਨਿਯੁਕਤੀ ਨਾਲ ਫੂਲਕਾ ਦੀ ਇੱਕ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਆਉਣ ਨਾਲ ਪੰਜਾਬ ਵਿੱਚ ਭਾਜਪਾ ਦੇ ਅਕਸ ਨੂੰ ਖ਼ਾਸ ਕਰਕੇ ਸਿੱਖ ਹਲਕਿਆਂ ਵਿੱਚ ਮਜ਼ਬੂਤੀ ਮਿਲੇਗੀ।
ਫੂਲਕਾ ਦਾ ਸਿਆਸੀ ਸਫ਼ਰ
ਜ਼ਿਕਰਯੋਗ ਹੈ ਕਿ ਐਚ. ਐਸ. ਫੂਲਕਾ ਪਹਿਲਾਂ ਆਮ ਆਦਮੀ ਪਾਰਟੀ (AAP) ਵਿੱਚ ਰਹਿ ਚੁੱਕੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਸਰਗਰਮ ਸਿਆਸਤ ਤੋਂ ਦੂਰੀ ਬਣਾ ਲਈ ਸੀ, ਪਰ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਸਿਆਸੀ ਮਾਹਰਾਂ ਅਨੁਸਾਰ, ਫੂਲਕਾ ਵਰਗੇ ਦਿੱਗਜ ਚਿਹਰੇ ਦਾ ਭਾਜਪਾ ਵਿੱਚ ਜਾਣਾ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਅਤੇ ਕਾਂਗਰਸ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਉਨ੍ਹਾਂ ਦੀ ਬੇਦਾਗ਼ ਸ਼ਖ਼ਸੀਅਤ ਅਤੇ ਸਿੱਖ ਮਸਲਿਆਂ ‘ਤੇ ਉਨ੍ਹਾਂ ਦੀ ਪਕੜ ਪਾਰਟੀ ਲਈ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦੀ ਹੈ।






