ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਤੰਗ ਮੈਰੀਟੋਰੀਅਸ ਅਧਿਆਪਕ 3 ਅਪ੍ਰੈਲ ਨੂੰ ਸੰਗਰੂਰ ’ਚ ਕਰਨਗੇ ਰੋਸ ਪ੍ਰਦਰਸ਼ਨ
Punjab News, 1ਅਪ੍ਰੈਲ 2026
ਮੈਰੀਟੋਰੀਅਸ ਟੀਚਰਜ਼ ਯੂਨੀਅਨ, ਪੰਜਾਬ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਪੱਖਪਾਤੀ ਨੀਤੀਆਂ ਦੇ ਖ਼ਿਲਾਫ਼ 03 ਅਪ੍ਰੈਲ 2026 ਨੂੰ ਸੰਗਰੂਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਮੈਰੀਟੋਰੀਅਸ ਅਧਿਆਪਕ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਆਪਣਾ ਰੋਸ ਪ੍ਰਗਟ ਕਰਨਗੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ 25 ਮਾਰਚ 2026 ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਸਿੱਖਿਆ ਸੱਕਤਰ ਨੂੰ ਹਦਾਇਤ ਕੀਤੀ ਗਈ ਸੀ ਕਿ ਮੈਰੀਟੋਰੀਅਸ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਯੂਨੀਅਨ ਨਾਲ ਜਲਦ ਮੀਟਿੰਗ ਕਰਕੇ ਹੱਲ ਕੱਢਿਆ ਜਾਵੇ।
ਪਰ ਅੱਜ ਤੱਕ ਕਿਸੇ ਵੀ ਤਰ੍ਹਾਂ ਦੀ ਢੁਕਵੀਂ ਕਾਰਵਾਈ ਨਾ ਹੋਣ ਕਾਰਨ ਇਹ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਸਿਰਫ਼ ਲਾਰੇ ਲਾ ਰਹੀ ਹੈ ਅਤੇ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਮੈਰੀਟੋਰੀਅਸ ਅਧਿਆਪਕ ਕੱਚੇ ਤੌਰ ’ਤੇ ਸੇਵਾ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ।
ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ, ਜਿਸ ਨਾਲ ਅਧਿਆਪਕਾਂ ਵਿੱਚ ਗਹਿਰਾ ਰੋਸ ਪੈਦਾ ਹੋ ਗਿਆ ਹੈ।
ਯੂਨੀਅਨ ਆਗੂ ਡਾ.ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸਿੱਖਿਆ ਖੇਤਰ ਵਿੱਚ ਲਗਾਤਾਰ ਸ਼ਾਨਦਾਰ ਨਤੀਜੇ ਦੇ ਰਹੇ ਹਨ।
JEE Mains ਵਿੱਚ 130 ਵਿਦਿਆਰਥੀਆਂ ਦੀ ਕਾਮਯਾਬੀ ਇਸ ਗੱਲ ਦੀ ਵੱਡੀ ਮਿਸਾਲ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨੂੰ ਤੁਰੰਤ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।






