ਨਵ-ਵਿਆਹੁਤਾ ਨੂੰ ਸਹੁਰੇ ਪਰਿਵਾਰ ਵੱਲੋਂ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼
ਲੁਧਿਆਣਾ:
ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਇਲਾਕੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਵ-ਵਿਆਹੁਤਾ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਕਰੀਬ 90 ਫੀਸਦੀ ਤੱਕ ਝੁਲਸੀ ਪੀੜਤ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ।
ਦਿਲ ਦਹਿਲਾ ਦੇਣ ਵਾਲੀ ਇਸ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਥਾਣਾ ਮੇਹਰਬਾਨ ਦੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਰੋਡ ਦੀ ਰਹਿਣ ਵਾਲੀ ਕਾਂਤਾ ਕੌਰ ਦਾ ਵਿਆਹ ਕਰੀਬ 4 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਪਰ ਵਿਆਹ ਦੇ ਕੁਝ ਸਮੇਂ ਬਾਅਦ ਹੀ ਘਰ ਵਿੱਚ ਕਲੇਸ਼ ਸ਼ੁਰੂ ਹੋ ਗਿਆ।
ਪੀੜਤਾ ਦਾ ਦੋਸ਼ ਹੈ ਕਿ ਉਹ ਆਪਣੇ ਪਤੀ ਨਾਲ ਵੱਖ ਰਹਿਣਾ ਚਾਹੁੰਦੀ ਸੀ, ਪਰ ਉਸ ਦੇ ਸੱਸ-ਸਹੁਰਾ ਇਸ ਗੱਲ ਦੇ ਸਖ਼ਤ ਖ਼ਿਲਾਫ਼ ਸਨ ਅਤੇ ਇਸੇ ਰੰਜਿਸ਼ ਕਾਰਨ ਉਸ ਨੂੰ ਲਗਾਤਾਰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਵਾਰਦਾਤ ਵਾਲੇ ਦਿਨ ਵੀ ਇਸੇ ਗੱਲ ਨੂੰ ਲੈ ਕੇ ਘਰ ਵਿੱਚ ਭਾਰੀ ਵਿਵਾਦ ਹੋਇਆ। ਝਗੜਾ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਪਤੀ ਨੇ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਕਾਂਤਾ ‘ਤੇ ਪੈਟਰੋਲ ਛਿੜਕ ਦਿੱਤਾ ਅਤੇ ਮਾਚਿਸ ਦਿਖਾ ਦਿੱਤੀ।
ਥਾਣਾ ਮੇਹਰਬਾਨ ਦੇ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ 25 ਮਾਰਚ ਨੂੰ ਸੀ.ਐਮ.ਸੀ. ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਮੁਟਿਆਰ ਨੂੰ ਗੰਭੀਰ ਰੂਪ ਵਿੱਚ ਝੁਲਸੀ ਹੋਈ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਹੈ।
ਵਿਆਹੁਤਾ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਇਸ ਤੋਂ ਬਾਅਦ 31 ਮਾਰਚ ਨੂੰ ਜਦੋਂ ਪੀੜਤਾ ਦੀ ਹਾਲਤ ਵਿੱਚ ਕੁਝ ਸੁਧਾਰ ਹੋਇਆ ਤਾਂ ਉਸ ਦੇ ਬਿਆਨ ਦਰਜ ਕੀਤੇ ਗਏ।
ਆਪਣੇ ਬਿਆਨਾਂ ਵਿੱਚ ਕਾਂਤਾ ਕੌਰ ਨੇ ਸਹੁਰੇ ਪੱਖ ਉੱਤੇ ਸਿੱਧੇ ਤੌਰ ‘ਤੇ ਅੱਗ ਲਗਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਪੀੜਤਾ ਦੇ ਪੇਕੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।






