Teacher News- ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ: ਡੈਮੋਕ੍ਰੈਟਿਕ ਟੀਚਰਜ਼ ਫਰੰਟ
Teacher News- ਐੱਸ ਏ ਐੱਸ ਨਗਰ, 6 ਦਸੰਬਰ 2025 (Punjab Network)
ਸਿੱਖਿਆ-ਸਿਹਤ ਤੋਂ ਇਲਾਵਾ ਹਰ ਖੇਤਰ ਵਿੱਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਆਪ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ।
ਪ੍ਰਤੀਨਿੱਧ ਅਧਿਆਪਕ ਜੱਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ ਆਪ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।
ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਵਿੱਤ ਸਕੱਤਰ ਜਸਵਿੰਦਰ ਸਿੰਘ, ਸਯੁੰਕਤ ਸਕੱਤਰ ਦਲਜੀਤ ਸਮਰਾਲਾ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਅਤੇ ਸਹਾਇਕ ਸਕੱਤਰ ਰਾਜਵਿੰਦਰ ਬੈਣੀਵਾਲ ਨੇ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਤੇ ਜ਼ੁਬਾਨੀ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਜਾਰੀ ਹੈ। ਜਦੋਂ ਵੀ ਅਧਿਆਪਕ ਆਗੂਆਂ ਵੱਲੋਂ ਖਜ਼ਾਨਾ ਦਫ਼ਤਰ ਤੋਂ ਤਨਖਾਹਾਂ ਸਬੰਧੀ ਪੁੱਛਿਆ ਜਾਂਦਾ ਹੈ ਤਾਂ ਜ਼ੁਬਾਨੀ ਹੁਕਮਾਂ ਅਨੁਸਾਰ ਰੋਕ ਲੱਗੀ ਹੋਣ ਦਾ ਜੁਆਬ ਮਿਲਦਾ ਹੈ। ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਰੋਕੀ ਨਹੀਂ ਜਾ ਸਕਦੀ। ਇਸ ਤਰ੍ਹਾਂ ਸਰਕਾਰ ਨਿਰੋਲ ਧੱਕੇਸ਼ਾਹੀ ‘ਤੇ ਉਤਾਰੂ ਹੈ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤਿਆਂ ਦੀ ਕਟੌਤੀ ਕਰਕੇ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ‘ਤੇ ਅਧੂਰਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਕੇ, ਪੁਰਾਣੀ ਪੈਨਸ਼ਨ ਬਹਾਲੀ ਤੋਂ ਆਨਾਕਾਨੀ ਕਰਕੇ ਆਪਣੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪ੍ਰਗਟਾਵਾ ਨੰਗੇ ਚਿੱਟੇ ਰੂਪ ਵਿੱਚ ਕਰ ਦਿੱਤਾ ਹੈ।
ਅਧਿਆਪਕ ਆਗੂਆਂ ਨੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖਾਹਾਂ ਜਾਰੀ ਨਾ ਹੋਣ ‘ਤੇ ਖਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਹਰ ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸਮੇਤ ਬਾਕੀ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾਵੇਗਾ।






