ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਮੋਦੀ ਸਰਕਾਰ! ‘ਖੇਤੀ ਵਿਰੋਧੀ’ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਹੋਵੇਗਾ ਤਬਾਹ
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਦਿੱਤਾ ਧਰਨਾ
ਡਿਪਟੀ ਕਮਿਸ਼ਨਰ ਦੇ ਰਾਹੀਂ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਗਵਰਨਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ
ਫਾਜ਼ਿਲਕਾ (ਪਰਮਜੀਤ ਢਾਬਾਂ)
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਗਵਰਨਰ ਪੰਜਾਬ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਨੂੰ ਦਿੱਤਾ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋਕੇ, ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਸਕੱਤਰ ਜਗਸੀਰ ਸਿੰਘ, ਬਲਾਕ ਪ੍ਰਧਾਨ ਜਗਤਾਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਮਹਿਮਾ, ਜ਼ਿਲ੍ਹਾ ਪ੍ਰਧਾਨ ਅਤਰ ਪ੍ਰੀਤ ਸਿੰਘ, ਬੁੱਟਰ ਗਰੁੱਪ ਦੇ ਜ਼ਿਲ੍ਹਾ ਸਕੱਤਰ ਇਕਬਾਲ ਗਾਮੂੰਵਾਲਾ,
ਬੀ ਕੇ ਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਢਾਬਾ, ਬੀ ਕੇ ਯੂ ਰਾਜੇਵਾਲ ਦੇ ਬਲਾਕ ਆਗੂ ਸੁਖਜਿੰਦਰ ਸਿੰਘ ਅਬੋਹਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ, ਪੰਜਾਬ ਪੱਲੇਦਾਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ ਨੇ ਕਿਹਾ ਕਿ ਅਮਲ ਵਿੱਚ ਹਕੂਮਤਾਂ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਸਾਬਤ ਹੋ ਚੁੱਕੀਆਂ ਹਨ, ਜਿਸ ਕਰਕੇ ਪੰਜਾਬ ਦੇ ਵਿੱਚ ਨਸ਼ੇ, ਬੇਰੁਜਗਾਰੀ, ਪਾਣੀਆਂ, ਬਿਮਾਰੀਆਂ, ਕਰਜਾ, ਖੁਦਕਸ਼ੀਆਂ ਦਾ ਸੰਕਟ ਪੈਦਾ ਹੋ ਚੁੱਕਾ ਹੈ, ਸਿਹਤ, ਸਿੱਖਿਆ ਦੇ ਖੇਤਰ ਵਿੱਚ ਮਾਫੀਆ ਪਨਪ ਚੁੱਕਿਆ ਹੈ, ਜਿਸ ਕਰਕੇ ਦੇਸ਼ ਦੇ ਮਿਹਨਤਕਸ ਲੋਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਲੋਕਾਂ ਦੇ ਉਜਾੜੇ ਨੂੰ ਤੇਜ਼ ਕਰਦੇ ਹੋਏ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਅਮਰੀਕਾ ਮੁਕਤ ਵਪਾਰ ਸਮਝੌਤਾ, ਬਿਜਲੀ, ਬੀਜ ਬਿੱਲਾਂ, ਨਰੇਗਾ ਕਾਨੂੰਨ ਨੂੰ ਖਤਮ ਕਰਕੇ, 1 ਅਪ੍ਰੈਲ ਤੋਂ ਲੇਬਰ ਕੋਡ ਲਾਗੂ ਕਰ ਚੁੱਕੀ ਹੈ ਅਤੇ ਜਿਆਦਾਤਰ ਵਿਰੋਧੀ ਸਿਆਸੀ ਪਾਰਟੀਆਂ ਸਮੇਤ ਰਾਜ ਸਰਕਾਰਾਂ ਨੇ ਖਾਮੋਸ਼ੀ ਧਾਰੀ ਹੋਈ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਦੀ ਬੁਨਿਆਦ ਨਾਲ ਸਬੰਧਤ ਮੰਗਾਂ ਦੇ ਹੰਢਣਸਾਰ ਹੱਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਹੈ ਕਿ ਜਨਤਕ ਦਬਾਅ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਕੂਮਤਾਂ ‘ਤੇ ਜਨਤਕ ਦਬਾਅ ਤਹਿਤ ਮਸਲਿਆਂ ਦੇ ਹੱਲ ਸਬੰਧੀ ਦਿੱਲੀ ਮੋਰਚੇ ਦੀ ਤਰਜ਼ ‘ਤੇ ਮਜਬੂਤ ਇਨਕਲਾਬੀ ਲੋਕ ਲਹਿਰ ਉਸਾਰ ਕੇ ਇਹ ਲੋਕ ਵਿਰੋਧੀ ਸਮਝੌਤੇ ਰੱਦ ਕਰਵਾਏ ਜਾ ਸਕਣ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ, ਹਰਭਜਨ ਸਿੰਘ ਛੱਪੜੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਲਹੌਰਾ ਸਿੰਘ, ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।






