ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਦਖ਼ਲਅੰਦਾਜ਼ੀ ਨਾਲ ਖੁੱਲਿਆ ਫਿਰੋਜ਼ਪੁਰ ਦਾ ਸਵਿਮਿੰਗ ਪੂਲ, ਪ੍ਰਸ਼ਾਸਨ ਨੇ ਤੁਰੰਤ ਕੀਤੀ ਕਾਰਵਾਈ
ਕਿਸਾਨੀ ਮਸਲਿਆਂ ਤੋਂ ਇਲਾਵਾ ਆਮ ਲੋਕਾਂ, ਮਜਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਜਥੇਬੰਦੀ ਹਰ ਸੰਘਰਸ਼ ਲਈ ਤਿਆਰ – ਆਗੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ
ਫਿਰੋਜ਼ਪੁਰ, 7 ਅਪ੍ਰੈਲ 2026 —
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਤੁਰੰਤ ਦਖ਼ਲਅੰਦਾਜ਼ੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਹੀ ਫਿਰੋਜ਼ਪੁਰ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਸਥਿਤ ਸਵਿਮਿੰਗ ਪੂਲ ਨੂੰ ਖੋਲ੍ਹ ਦਿੱਤਾ ਗਿਆ ਹੈ ਅਤੇ ਇਸਦੀ ਸਫਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਕੇ ਬੱਚਿਆਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਇਸ ਮੌਕੇ ਸਵਿਮਿੰਗ ਪੂਲ ਕੋਲ ਇਕੱਠੇ ਹੋਏ ਆਗੂਆਂ ਨੇ ਹੱਥਾਂ ਵਿੱਚ ਟਰਾਫੀਆਂ ਫੜ ਕੇ ਬੱਚਿਆਂ ਦੀ ਪ੍ਰਾਪਤੀ ਨੂੰ ਉਭਾਰਿਆ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦੇ ਬੱਚਿਆਂ ਨੇ ਇਸੇ ਸਵਿਮਿੰਗ ਪੂਲ ਵਿੱਚ ਤਿਆਰੀ ਕਰਕੇ ਪਿਛਲੇ ਸਾਲ ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਰਾਫੀਆਂ ਜਿੱਤੀਆਂ ਸਨ। ਇਹ ਸਵਿਮਿੰਗ ਪੂਲ ਸਿਰਫ਼ ਇੱਕ ਖੇਡ ਮੈਦਾਨ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਅਤੇ ਭਵਿੱਖ ਨਾਲ ਜੁੜਿਆ ਹੋਇਆ ਕੇਂਦਰ ਹੈ।
ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਬਣੇ ਇਸ ਸਵਿਮਿੰਗ ਪੂਲ ਵਿੱਚ ਬਕਾਇਦਾ ਕੋਚ ਸਾਹਿਬ ਵੱਲੋਂ ਬੱਚਿਆਂ ਨੂੰ ਤੈਰਾਕੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿੱਚ ਬੱਚੇ ਇੱਥੇ ਆਪਣੀ ਤਿਆਰੀ ਕਰਦੇ ਹਨ। ਹਾਲਾਂਕਿ ਬੱਚਿਆਂ ਦੇ ਮਾਪਿਆਂ ਵਲੋਂ ਵਾਰ ਵਾਰ ਬੇਨਤੀਆਂ ਕਰਨ ਤੇ ਵੀ ਏਡੀਸੀ ਵਿਕਾਸ ਵੱਲੋਂ 15 ਅਪ੍ਰੈਲ ਤੱਕ ਪੂਲ ਨਾ ਖੋਲ੍ਹਣ ਦੀ ਗੱਲ ਕਹੀ ਜਾ ਰਹੀ ਸੀ, ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਸੀ।
ਇਸ ਸਥਿਤੀ ਨੂੰ ਦੇਖਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਇੱਕ ਵੀਡੀਓ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਬਿਨਾਂ ਦੇਰੀ ਸਵਿਮਿੰਗ ਪੂਲ ਖੋਲ੍ਹਿਆ ਜਾਵੇ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਪੂਲ ਨਾ ਖੋਲ੍ਹਿਆ ਗਿਆ ਤਾਂ ਬੱਚਿਆਂ ਅਤੇ ਮਾਪਿਆਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ।
ਯੂਨੀਅਨ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਸਵਿਮਿੰਗ ਪੂਲ ਖੋਲ੍ਹ ਦਿੱਤਾ ਅਤੇ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਿਰਫ਼ ਕਿਸਾਨੀ ਮੁੱਦਿਆਂ ਤੱਕ ਸੀਮਿਤ ਨਹੀਂ, ਸਗੋਂ ਆਮ ਲੋਕਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਵੀ ਹਮੇਸ਼ਾ ਅੱਗੇ ਰਹੇਗੀ।
ਇਸ ਮੌਕੇ ਉਨ੍ਹਾਂ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਅਵਤਾਰ ਸਿੰਘ ਮਹਿਮਾ, ਕਿਸਾਨ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜ਼ਰ ਸਨ।






