Breaking: ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ; ਪੜ੍ਹੋ ਪੂਰੀ ਖ਼ਬਰ

 

Big Breaking: ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ; ਪੜ੍ਹੋ ਪੂਰੀ ਖ਼ਬਰ

ਪਿੰਡਾਂ ‘ਚ ਲੱਗਣਗੀਆਂ 3 ਲੱਖ ਸਟਰੀਟ ਲਾਈਟਾਂ; ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦਾ ਪ੍ਰਬੰਧ

ਪੰਜਾਬ ਨੈੱਟਵਰਕ 

ਚੰਡੀਗੜ੍ਹ, 11 ਅਪ੍ਰੈਲ, 2026

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਰਕਾਰ ਨੇ ਪਿੰਡਾਂ ਦੇ ਵਿਕਾਸ, ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਮਤੇ ਪਾਸ ਕੀਤੇ ਹਨ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ 11,500 ਤੋਂ ਵੱਧ ਪਿੰਡਾਂ ਵਿੱਚ 3 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਪਹਿਲਾਂ ਪੰਚਾਇਤਾਂ ਨੂੰ 70% ਹਿੱਸਾ ਦੇਣਾ ਪੈਂਦਾ ਸੀ, ਪਰ ਹੁਣ ਸਰਕਾਰ ਨੇ ਇਸ ਨੂੰ ਉਲਟਾ ਦਿੱਤਾ ਹੈ। ਹੁਣ 70% ਖਰਚਾ ਪੰਜਾਬ ਸਰਕਾਰ ਚੁੱਕੇਗੀ ਅਤੇ ਪੰਚਾਇਤਾਂ ਸਿਰਫ 30% ਹਿੱਸਾ ਦੇਣਗੀਆਂ।

ਇਸ ਪ੍ਰੋਜੈਕਟ ‘ਤੇ ਕੁੱਲ 550 ਕਰੋੜ ਰੁਪਏ ਖਰਚ ਹੋਣਗੇ (380 ਕਰੋੜ ਸਰਕਾਰੀ ਹਿੱਸਾ ਅਤੇ 170 ਕਰੋੜ ਪੰਚਾਇਤੀ ਹਿੱਸਾ)। ਹਰੇਕ ਪਿੰਡ ਵਿੱਚ ਲਾਈਟਾਂ ਲੱਗਣਗੀਆਂ, ਜਿਸ ਨਾਲ ਪਿੰਡਾਂ ਵਿੱਚ ਅਪਰਾਧਿਕ ਘਟਨਾਵਾਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ।

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026′

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੈਬਨਿਟ ਨੇ ਸਭ ਤੋਂ ਸਖ਼ਤ ਕਾਨੂੰਨ ਲਿਆਉਣ ਦਾ ਫੈਸਲਾ ਕੀਤਾ ਹੈ। ਬੇਅਦਬੀ ਦੇ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ (Life Imprisonment) ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕੇਗਾ।

ਮੰਤਰੀ ਨੇ ਕਿਹਾ ਕਿ ਅਕਸਰ ਮੰਦਬੁੱਧੀ ਵਿਅਕਤੀਆਂ ਨੂੰ ਅੱਗੇ ਕਰਕੇ ਸਾਜ਼ਿਸ਼ ਰਚੀ ਜਾਂਦੀ ਹੈ, ਪਰ ਹੁਣ ਸਾਜ਼ਿਸ਼ ਘੜਨ ਵਾਲਿਆਂ ਵਿਰੁੱਧ ਵੀ ਬਰਾਬਰ ਦੀ ਕਾਰਵਾਈ ਹੋਵੇਗੀ।

ਅਜਿਹੇ ਮਾਮਲਿਆਂ ਦੀ ਜਾਂਚ DSP ਰੈਂਕ ਤੋਂ ਘੱਟ ਦਾ ਅਧਿਕਾਰੀ ਨਹੀਂ ਕਰੇਗਾ। ਇਹ ਬਿੱਲ 13 ਅਪ੍ਰੈਲ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।

ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਇਹ ਮੈਚ ਜਲੰਧਰ ਅਤੇ ਮੋਹਾਲੀ ਦੇ ਅੰਤਰਰਾਸ਼ਟਰੀ ਪੱਧਰ ਦੇ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ। ਖੇਡਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਦੁਨੀਆ ਭਰ ਵਿੱਚ ਲਾਈਵ ਦਿਖਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਹਨ।