ਮਿਡਲ ਸਕੂਲਾਂ ‘ਤੇ ਸਰਕਾਰੀ ਕੁਹਾੜਾ! 9 ਵਿਸ਼ਿਆਂ ਲਈ ਸਿਰਫ਼ 2 ਅਧਿਆਪਕ
DTF ਨੇ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ਨੂੰ ਦੱਸਿਆ ਝੂਠਾ
Punjab Network
ਸੰਗਰੂਰ, 14 ਅਪ੍ਰੈਲ 2026: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਿਡਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ‘ਤੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਜਾਰੀ ਨਵੇਂ ਨਿਰਦੇਸ਼ਾਂ ਦਾ ਜ਼ੋਰਦਾਰ ਵਿਰੋਧ ਸ਼ੁਰੂ ਹੋ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF) ਜ਼ਿਲ੍ਹਾ ਸੰਗਰੂਰ ਦੇ ਆਗੂਆਂ ਨੇ ਸਰਕਾਰ ‘ਤੇ ਸਿੱਖਿਆ ਨੂੰ ਖ਼ਤਮ ਕਰਨ ਦੇ ਦੋਸ਼ ਲਾਏ ਹਨ।
ਕੀ ਹੈ ਸਰਕਾਰ ਦਾ ਨਵਾਂ ਫਾਰਮੂਲਾ?
ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ 10 ਅਪ੍ਰੈਲ ਦੇ ਪੱਤਰ ਅਨੁਸਾਰ ਮਿਡਲ ਸਕੂਲਾਂ ਵਿੱਚ 30 ਵਿਦਿਆਰਥੀਆਂ ਤੱਕ ਸਿਰਫ਼ 2 ਅਧਿਆਪਕ, 31 ਤੋਂ 60 ਵਿਦਿਆਰਥੀਆਂ ਤੱਕ ਸਿਰਫ਼ 3 ਅਧਿਆਪਕ, 61 ਤੋਂ 90 ਵਿਦਿਆਰਥੀਆਂ ਤੱਕ ਸਿਰਫ਼ 4 ਅਧਿਆਪਕਾਂ ਦੀ ਗਿਣਤੀ ਨਿਰਧਾਰਿਤ ਕੀਤੀ ਗਈ ਹੈ। ਇਸ ਤੈਅ ਗਿਣਤੀ ਤੋਂ ਵਾਧੂ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਵਿਸ਼ਾ-ਮਾਹਰ ਅਧਿਆਪਕਾਂ ਦੀ ਘਾਟ ਦਾ ਮੁੱਦਾ
ਡੀ.ਟੀ.ਐੱਫ. ਆਗੂ ਜਥੇਬੰਦੀ ਨੇ ਸਵਾਲ ਉਠਾਇਆ ਹੈ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਸਰੀਰਕ ਸਿੱਖਿਆ, ਡਰਾਇੰਗ, ਕੰਪਿਊਟਰ ਅਤੇ ਖੇਤੀਬਾੜੀ ਵਰਗੇ ਕੁੱਲ 9 ਵਿਸ਼ੇ ਪੜ੍ਹਾਏ ਜਾਂਦੇ ਹਨ। “ਜੇਕਰ ਕਿਸੇ ਸਕੂਲ ਵਿੱਚ ਸਿਰਫ਼ 2 ਅਧਿਆਪਕ ਹੋਣਗੇ, ਤਾਂ ਉਹ 9 ਵੱਖ-ਵੱਖ ਵਿਸ਼ਿਆਂ ਨਾਲ ਕਿਵੇਂ ਇਨਸਾਫ਼ ਕਰਨਗੇ? ਕੀ ਇੱਕ ਭਾਸ਼ਾ ਦਾ ਅਧਿਆਪਕ ਗਣਿਤ ਜਾਂ ਸਾਇੰਸ ਪੜ੍ਹਾਉਣ ਦੇ ਯੋਗ ਹੈ? ਇਹ ਫੈਸਲਾ ਮਿਡਲ ਸਕੂਲਾਂ ਨੂੰ ਪ੍ਰਾਇਮਰੀ ਸਕੂਲਾਂ ਦੀ ਤਰਜ਼ ‘ਤੇ ਚਲਾਉਣ ਦੀ ਕੋਸ਼ਿਸ਼ ਹੈ।”
ਅਧਿਆਪਕ ਜਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿੱਚ ਭੇਜਣ ਦਾ ‘ਤੁਗਲਕੀ ਫੁਰਮਾਨ’ ਤੁਰੰਤ ਵਾਪਸ ਲਵੇ। ਹਰੇਕ ਮਿਡਲ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੀ ਬਜਾਏ ਵਿਸ਼ਿਆਂ ਦੇ ਆਧਾਰ ‘ਤੇ ਅਧਿਆਪਕ ਹੋਣੇ ਚਾਹੀਦੇ ਹਨ। ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਲਈ ਨਵੀਂ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇ।
DTF ਆਗੂਆਂ ਨੇ ਕਿਹਾ ਕਿ ਜੋ ਸਰਕਾਰ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕਰਕੇ ਸੱਤਾ ਵਿੱਚ ਆਈ ਸੀ, ਉਹ ਅੱਜ ਸਕੂਲਾਂ ਵਿੱਚੋਂ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਨਾ ਬਦਲਿਆ ਤਾਂ ਅਧਿਆਪਕ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੀਆਂ।






