ਫ਼ਿਰੋਜ਼ਪੁਰ ਸਮੇਤ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; GRP ਵੱਲੋਂ ਹਾਈ ਅਲਰਟ ਜਾਰੀ
ਫ਼ਿਰੋਜ਼ਪੁਰ, 24 ਅਪ੍ਰੈਲ 2026
ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਸਮੇਤ ਪੰਜਾਬ ਦੇ ਕਈ ਪ੍ਰਮੁੱਖ ਸਟੇਸ਼ਨਾਂ ਨੂੰ 24 ਅਪ੍ਰੈਲ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਰੇਲਵੇ ਪੁਲਿਸ (GRP) ਅਤੇ ਸੁਰੱਖਿਆ ਬਲਾਂ ਨੇ ਸਟੇਸ਼ਨ ਦੇ ਪਲੇਟਫਾਰਮਾਂ ਅਤੇ ਪੂਰੇ ਕੰਪਲੈਕਸ ਦੀ ਡੂੰਘਾਈ ਨਾਲ ਚੈਕਿੰਗ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਧਮਕੀ ‘ਖਾਲਿਸਤਾਨ ਨੈਸ਼ਨਲ ਆਰਮੀ’ ਨਾਮਕ ਸੰਗਠਨ ਵੱਲੋਂ ਭੇਜੀ ਗਈ ਇੱਕ ਈ-ਮੇਲ ਰਾਹੀਂ ਮਿਲੀ ਹੈ। ਮੇਲ ਵਿੱਚ ਫ਼ਿਰੋਜ਼ਪੁਰ ਤੋਂ ਇਲਾਵਾ ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।
ਜੀ.ਆਰ.ਪੀ. ਦੇ ਇੰਚਾਰਜ ਪ੍ਰਵੀਨ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਪੂਰੇ ਰੇਲਵੇ ਸਟੇਸ਼ਨ ਦੀ ਬਾਰੀਕੀ ਨਾਲ ਤਲਾਸ਼ੀ ਲਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਸਾਮਾਨ ਨੂੰ ਵੀ ਖੰਗਾਲਿਆ ਗਿਆ। ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਵੀ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ।
ਜੀ.ਆਰ.ਪੀ. ਅਧਿਕਾਰੀਆਂ ਨੇ ਦੱਸਿਆ ਕਿ, ਸਟੇਸ਼ਨ ਦੇ ਅੰਦਰ ਜਾਣ ਵਾਲੇ ਹਰ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸਟੇਸ਼ਨ ‘ਤੇ ਚੱਲ ਰਹੇ ਟੀ-ਸਟਾਲਾਂ ਦੇ ਕਰਮਚਾਰੀਆਂ ਨੂੰ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਆਟੋ-ਰਿਕਸ਼ਾ ਚਾਲਕਾਂ ਅਤੇ ਵੈਂਡਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਟ੍ਰੇਨਾਂ ਦੀ ਵੀ ਹੋ ਰਹੀ ਹੈ ਤਲਾਸ਼ੀ
ਐਸ.ਐਚ.ਓ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸਟੇਸ਼ਨ ਕੰਪਲੈਕਸ ਦੇ ਨਾਲ-ਨਾਲ ਆਉਣ-ਜਾਣ ਵਾਲੀਆਂ ਟ੍ਰੇਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।






