Punjab Breaking- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਹੱਕ ‘ਚ ਭੁਗਤੇ AAP ਲੀਡਰ… ਛੱਡੀ ਪਾਰਟੀ!

 

Punjab Breaking- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਹੱਕ ‘ਚ ਭੁਗਤੇ AAP ਲੀਡਰ… ਛੱਡੀ ਪਾਰਟੀ!

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ‘ਐਕਸ-ਇੰਪਲਾਈਜ਼ ਵਿੰਗ’ ਦੇ ਸੂਬਾ ਸੰਯੁਕਤ ਸਕੱਤਰ ਬਚਿੱਤਰ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 25 ਅਪ੍ਰੈਲ, 2026- ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਇੱਕ ਕਰਾਰਾ ਜਥੇਬੰਦਕ ਝਟਕਾ ਲੱਗਾ, ਜਦੋਂ ਪਾਰਟੀ ਦੇ ‘ਐਕਸ-ਇੰਪਲਾਈਜ਼ ਵਿੰਗ’ ਦੇ ਸੂਬਾ ਸੰਯੁਕਤ ਸਕੱਤਰ ਬਚਿੱਤਰ ਸਿੰਘ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਬਚਿੱਤਰ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਮੁਲਾਜ਼ਮਾਂ ਨਾਲ ਕੀਤੀ ਗਈ ਕਥਿਤ ‘ਵਾਅਦਾ ਖਿਲਾਫ਼ੀ’ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।

ਬਚਿੱਤਰ ਸਿੰਘ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵਫ਼ਾ ਨਹੀਂ ਹੋਏ।

ਬਚਿੱਤਰ ਸਿੰਘ ਅਨੁਸਾਰ, ਸਰਕਾਰ ਨੇ ਕੈਬਨਿਟ ਵਿੱਚ OPS ਬਹਾਲ ਕਰਨ ਦਾ ਫੈਸਲਾ ਤਾਂ ਲਿਆ ਸੀ, ਪਰ ਅੱਜ ਤੱਕ ਇਸ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ, ਜਿਸ ਨਾਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 18 ਫੀਸਦੀ ਡੀ.ਏ. ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ, ਤਨਖਾਹ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਬਣਾ ਕੇ ਮੁਲਾਜ਼ਮਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ।

ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਜੋ ਅਜੇ ਤੱਕ ਅਧੂਰਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਵਿੰਗ ਦੀ ਕੋਈ ਅਧਿਕਾਰਤ ਮੀਟਿੰਗ ਨਹੀਂ ਬੁਲਾਈ ਗਈ ਅਤੇ ਇੱਥੋਂ ਤੱਕ ਕਿ ਵਿੰਗ ਦੇ ਸਟੇਟ ਪ੍ਰਧਾਨ ਦੀ ਅਹਿਮ ਪੋਸਟ ਵੀ ਲੰਬੇ ਸਮੇਂ ਤੋਂ ਖਾਲੀ ਪਈ ਹੈ।

ਬਚਿੱਤਰ ਸਿੰਘ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਬ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਪਹਿਲਾਂ ਹੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਚੁੱਕੀਆਂ ਹਨ।