ਅਧਿਆਪਕਾਂ ਦਾ ਟਰਾਂਸਫਰ ਪੋਰਟਲ ਖੋਲਿਆ ਜਾਵੇ
ਘਰਾਂ ਤੋਂ ਦੂਰ ਬੈਠੇ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਿਤ ਅਧਿਆਪਕਾਂ ਨੂੰ ਰਾਹਤ ਦਿੱਤੀ ਜਾਵੇ-ਡੀ ਟੀ ਐਫ਼
ਐੱਸ ਏ ਐੱਸ ਨਗਰ, 24 ਅਪ੍ਰੈਲ 2026- ਨਵੇਂ ਸੈਸ਼ਨ ਦੇ ਇੱਕ ਮਹੀਨਾ ਲੰਘ ਜਾਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੱਤੇ ਗਏ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਅਪ੍ਰੈਲ ਮਹੀਨਾ ਲੰਘ ਜਾਣ ਦੇ ਬਾਵਜੂਦ ਸ਼ੁਰੂ ਨਹੀਂ ਕੀਤੀ ਗਈ।
ਜਿਸ ਨਾਲ ਜਿੱਥੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕ ਪ੍ਰੇਸ਼ਾਨ ਹਨ, ਉੱਥੇ ਹੀ ਇਹ ਪ੍ਰਕਿਰਿਆ ਸੈਸ਼ਨ ਦੇ ਅੱਧ ਤੱਕ ਚਲੇ ਜਾਣ ਕਾਰਨ ਸਕੂਲਾਂ ਦੇ ਪ੍ਰਬੰਧਨ ਵਿੱਚ ਵੀ ਸਮੱਸਿਆ ਬਣੇਗੀ। ਉਹਨਾਂ ਮੰਗ ਕੀਤੀ ਕਿ ਸਾਰੇ ਅਧਿਆਪਕਾਂ ਲਈ ਬਦਲੀ ਕਰਵਾਉਣ ਲਈ ਸਟੇਅ ਦੀ ਸ਼ਰਤ ਘਟਾ ਕੇ ਇੱਕ ਸਾਲ ਕੀਤੀ ਜਾਵੇ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਮੰਗ ਕੀਤੀ ਕਿ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਬਦਲੀਆਂ ਦਾ ਪੋਰਟਲ ਜਲਦੀ ਖੋਲਿਆ ਜਾਵੇ ਅਤੇ ਸਾਰੇ ਖਾਲੀ ਪਏ ਸਟੇਸ਼ਨ ਬਦਲੀਆਂ ਲਈ ਸ਼ੋ ਕੀਤੇ ਜਾਣ।
ਉਹਨਾਂ ਕਿਹਾ ਕਿ ਬਦਲੀਆਂ ਸੈਸ਼ਨ ਸ਼ੁਰੂ ਤੋਂ ਪਹਿਲਾਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਸਕੂਲਾਂ ਵਿੱਚ ਟਾਈਮ ਟੇਬਲ ਬਣਾਉਣ ਦੀ ਦਿੱਕਤ ਨਾ ਆਵੇ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਆਪਸੀ ਬਦਲੀ ‘ਤੇ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕੀਤਾ ਜਾਵੇ।
ਗੰਭੀਰ ਬਿਮਾਰੀਆਂ ਤੋਂ ਪੀੜਿਤ ਅਧਿਆਪਕਾਂ ਨੂੰ ਬਦਲੀ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ। ਘਰਾਂ ਤੋਂ ਦੂਰ ਬੈਠੇ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਸਪੈਸ਼ਲ ਰਾਹਤ ਦਿੱਤੀ ਜਾਵੇ।






