ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਮਗਰੋਂ ਸਪੀਕਰ ਸੰਧਵਾਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ; “ਇੱਕ ਨਿਮਾਣੇ ਸਿੱਖ ਵਜੋਂ ਹੋਵਾਂਗਾ ਪੇਸ਼”
ਚੰਡੀਗੜ੍ਹ/ਅੰਮ੍ਰਿਤਸਰ, 3 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਹਿਲਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।
ਇੱਕ ਚੈਨਲ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕਰਦਿਆਂ ਉੱਥੇ ਹਾਜ਼ਰ ਹੋਣ ਦੀ ਗੱਲ ਕਹੀ ਹੈ।
ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸਭ ਤੋਂ ਉੱਚੀ ਅਤੇ ਸਰਵਉੱਚ ਸੰਸਥਾ ਹੈ, ਜੋ ਸਿੱਖ ਪੰਥ ਨੂੰ ਪੂਰੀ ਦੁਨੀਆ ਵਿੱਚ ਵਿਲੱਖਣਤਾ ਪ੍ਰਦਾਨ ਕਰਦੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਬੁਲਾਵਾ ਆਉਂਦਾ ਹੈ, ਤਾਂ ਉਹ ਉੱਥੇ ਜ਼ਰੂਰ ਹਾਜ਼ਰ ਹੋਣਗੇ। ਸੰਧਵਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਇੱਕ ‘ਨਿਮਾਣੇ ਸਿੱਖ’ ਦੇ ਤੌਰ ‘ਤੇ ਪੇਸ਼ ਹੋਣਗੇ।
ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਕੋਈ ਅਧਿਕਾਰਤ ਲਿਖਤੀ ਕਮਿਊਨੀਕੇਸ਼ਨ (ਸੂਚਨਾ) ਜਾਂ ਐਪਲੀਕੇਸ਼ਨ ਪ੍ਰਾਪਤ ਨਹੀਂ ਹੋਈ ਹੈ।
ਬੇਅਦਬੀ ਵਿਰੁੱਧ ਕਾਨੂੰਨ ਪੰਥ ਦੀ ਸਹਿਮਤੀ ਤੋਂ ਬਿਨਾਂ ਲਿਆਂਦਾ ਗਿਆ- ਜਥੇਦਾਰ ਕੁਲਦੀਪ ਸਿੰਘ ਗੜਗੱਜ
ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੁੱਧ ਕਾਨੂੰਨ ‘ਤੇ ਇਤਰਾਜ਼ ਜਤਾਉਂਦਿਆਂ ਸਪੀਕਰ ਸੰਧਵਾਂ ਨੂੰ ਤਲਬ ਕੀਤਾ ਗਿਆ ਹੈ।
ਜਥੇਦਾਰ ਅਨੁਸਾਰ, ਇਹ ਕਾਨੂੰਨ ਪੰਥ ਦੀ ਸਹਿਮਤੀ ਤੋਂ ਬਿਨਾਂ ਲਿਆਂਦਾ ਗਿਆ ਹੈ ਅਤੇ ਇਸ ਬਾਰੇ ਸਪੀਕਰ ਤੋਂ ਸਵਾਲ ਪੁੱਛੇ ਜਾਣਗੇ ਕਿ ਅਕਾਲ ਤਖ਼ਤ ਸਾਹਿਬ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ?
ਹੁਣ ਜਦੋਂ ਸਪੀਕਰ ਨੇ ਖ਼ੁਦ ਪੇਸ਼ ਹੋਣ ਦੀ ਸਹਿਮਤੀ ਜਤਾਈ ਹੈ, ਤਾਂ 8 ਮਈ ਦੀ ਪੇਸ਼ੀ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।






