ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਵਿਚਾਲੇ ਮੀਟਿੰਗ ਹੋਈ ਫਿਕਸ; 6 ਮਈ ਨੂੰ ਲਿਆ ਜਾ ਸਕਦੈ ਵੱਡਾ ਫ਼ੈਸਲਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਚੰਡੀਗੜ੍ਹ ‘ਚ ਹੋਵੇਗੀ ਅਹਿਮ ਚਰਚਾ
ਚੰਡੀਗੜ੍ਹ, 3 ਮਈ 2026: ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ।
ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਆਗੂਆਂ ਦੀ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਨਿਸ਼ਚਿਤ ਕੀਤੀ ਗਈ ਹੈ।
ਇਹ ਮੀਟਿੰਗ 6 ਮਈ 2026 ਨੂੰ ਦੁਪਹਿਰ 12:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਮੋਰਚੇ ਦੇ 10 ਤੋਂ 12 ਮੈਂਬਰਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਰਹਿਣਗੇ।
ਯੂਨੀਅਨ ਦੀ ਮੰਗ ਅਨੁਸਾਰ, ਮਸਲਿਆਂ ਦੇ ਹੱਲ ਲਈ ਵਿੱਤ ਮੰਤਰੀ ਦੇ ਨਾਲ-ਨਾਲ ਕਈ ਅਹਿਮ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਐਮ.ਡੀ. ਸਾਹਿਬਾਨ ਨੂੰ ਵੀ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।
ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪਾਵਰ ਟਰਾਂਸਮਿਸ਼ਨ ਵਿਭਾਗ, ਕੋ-ਓਪਰੇਸ਼ਨ ਵਿਭਾਗ, ਰੈਵੀਨਿਊ (ਮਾਲ) ਵਿਭਾਗ, ਲੋਕ ਨਿਰਮਾਣ ਵਿਭਾਗ (PWD), ਪਰਸੋਨਲ ਵਿਭਾਗ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਮੋਰਚੇ ਦੇ ਆਗੂਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੀਟਿੰਗ ਦੇ ਸਮੇਂ ਤੋਂ ਇੱਕ ਘੰਟਾ ਪਹਿਲਾਂ ਪਹੁੰਚਣ ਤਾਂ ਜੋ ਪਾਸ ਬਣਾਉਣ ਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।
ਇਸ ਮੀਟਿੰਗ ਤੋਂ ਠੇਕਾ ਮੁਲਾਜ਼ਮਾਂ ਨੂੰ ਵੱਡੀਆਂ ਉਮੀਦਾਂ ਹਨ, ਕਿਉਂਕਿ ਕਈ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ 6 ਮਈ ਦੀ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕੀ ਫੈਸਲੇ ਲਏ ਜਾਂਦੇ ਹਨ?






