Punjab Breaking: ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ
ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ
ਗੁਰਦਾਸਪੁਰ, 4 ਮਈ 2026: ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਵਿੱਚ ਪਤੀ-ਪਤਨੀ ਦੋਵਾਂ ਦੀ ਮੌਤ ਹੋ ਗਈ ਹੈ।
ਇਹ ਮਾਮਲਾ ਥਾਣਾ ਅਲੀਵਾਲ ਘਣੀਏ ਕੇ ਬਾਂਗਰ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਦਾ ਹੈ। ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚਕਾਰ ਕਾਫੀ ਸਮੇਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ।
ਮ੍ਰਿਤਕ ਬਰਿੰਦਰ ਸਿੰਘ ਬਿੰਦਾ ਅਤੇ ਉਸ ਦੀ ਦੂਜੀ ਪਤਨੀ ਪਰਮਜੀਤ ਕੌਰ (ਜਿਸ ਦਾ ਨਾਂ ਪਰਮਲੀਲ ਕੌਰ ਵੀ ਦੱਸਿਆ ਗਿਆ ਹੈ) ਘਰ ਵਿੱਚ ਇਕੱਲੇ ਸਨ।
ਤਕਰਾਰਬਾਜ਼ੀ ਤੋਂ ਬਾਅਦ ਬਰਿੰਦਰ ਸਿੰਘ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਪਹਿਲਾਂ ਪਤਨੀ ਦੀ ਲੱਤ ਅਤੇ ਛਾਤੀ ਵਿੱਚ ਗੋਲੀ ਮਾਰੀ ਅਤੇ ਫਿਰ ਖ਼ੁਦ ਦੀ ਛਾਤੀ ਵਿੱਚ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਲਲਿਤ ਕੁਮਾਰ ਅਤੇ ਐਸ.ਐਚ.ਓ. ਲਖਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ।
ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਅਨੁਸਾਰ, ਬਰਿੰਦਰ ਸਿੰਘ ਦਾ ਇਹ ਦੂਜਾ ਵਿਆਹ ਸੀ ਅਤੇ ਪਹਿਲੀ ਪਤਨੀ ਨਾਲ ਉਸ ਦਾ ਪਹਿਲਾਂ ਹੀ ਤਲਾਕ ਹੋ ਚੁੱਕਾ ਸੀ। ਅੱਜ ਹੋਈ ਇਸ ਖ਼ੂਨੀ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।






