ਅਧਿਆਪਕਾਂ ਦੀ ਸੇਵਾਮੁਕਤੀ ਉਮਰ ਵਧਾਉਣ ਬਾਰੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

 

ਅਧਿਆਪਕਾਂ ਦੀ ਸੇਵਾਮੁਕਤੀ ਉਮਰ ਵਧਾਉਣ ਬਾਰੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਸੇਵਾਮੁਕਤੀ ਦੀ ਉਮਰ ਵਧਾਉਣ ‘ਚ ਦੇਰੀ ‘ਤੇ ਹਾਈ ਕੋਰਟ ਸਖ਼ਤ- ਕੇਂਦਰ ਦੇ ਸਕੱਤਰ ਨੂੰ ਤਲਬ ਕਰਦਿਆਂ ਹੋਰ ਸਮਾਂ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 4 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਸੱਤ ਨਿੱਜੀ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 65 ਸਾਲ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਟਾਲ-ਮਟੋਲ ਵਾਲੇ ਰਵੱਈਏ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕੇਂਦਰ ਦੀ ਹੋਰ ਸਮਾਂ ਮੰਗਣ ਦੀ ਅਪੀਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਅਦਾਲਤ ਨੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਅਗਲੀ ਸੁਣਵਾਈ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜੇਕਰ ਸਕੱਤਰ ਰੁਝੇਵੇਂ ਕਾਰਨ ਨਹੀਂ ਆ ਸਕਦੇ, ਤਾਂ ਜੁਆਇੰਟ ਸਕੱਤਰ ਪੱਧਰ ਦਾ ਅਧਿਕਾਰੀ ਰਿਕਾਰਡ ਸਮੇਤ ਪੇਸ਼ ਹੋਵੇ।

ਹਾਈ ਕੋਰਟ ਨੇ ਕੇਂਦਰ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ (ਜਗਦੀਸ਼ ਬਾਂਸਲ ਦੀ ਅਗਵਾਈ ਹੇਠ) ਨੂੰ ਚਾਰ ਹਫ਼ਤਿਆਂ ਵਿੱਚ ਵਿਸਥਾਰਤ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਨਿਰਧਾਰਤ ਕੀਤੀ ਗਈ ਹੈ।

ਇਹ ਮਾਮਲਾ ਸਾਲ 2016 ਤੋਂ ਅਦਾਲਤ ਵਿੱਚ ਚੱਲ ਰਿਹਾ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਪਹਿਲਾਂ ਹੀ ਸੇਵਾਮੁਕਤੀ ਦੀ ਉਮਰ ਵਧਾਉਣ ਦੇ ਹੱਕ ਵਿੱਚ ਫੈਸਲਾ ਲੈ ਚੁੱਕੀ ਹੈ।

ਮਾਰਚ 2022 ਵਿੱਚ ਚੰਡੀਗੜ੍ਹ ਵਿੱਚ ਕੇਂਦਰੀ ਨਿਯਮ ਲਾਗੂ ਹੋਣ ਤੋਂ ਬਾਅਦ, ਅਧਿਆਪਕਾਂ ਨੇ ਕੇਂਦਰੀ ਤਰਜ਼ ‘ਤੇ 65 ਸਾਲ ਦੀ ਉਮਰ ਤੱਕ ਸੇਵਾ ਨਿਭਾਉਣ ਲਈ ਅਦਾਲਤ ਦਾ ਰੁਖ ਕੀਤਾ ਸੀ।

ਦੇਸ਼ ਦੇ 22 ਸੂਬਿਆਂ ਅਤੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਹੋ ਚੁੱਕੀ ਹੈ, ਜਿਸ ਵਿੱਚ ਚੰਡੀਗੜ੍ਹ ਦੇ ਸਰਕਾਰੀ ਕਾਲਜ ਵੀ ਸ਼ਾਮਿਲ ਹਨ।

ਕੇਂਦਰ ਸਰਕਾਰ ਦੇ ਵਕੀਲ ਸਤਿਆ ਪਾਲ ਜੈਨ ਨੇ ਅਦਾਲਤ ਨੂੰ ਦੱਸਿਆ ਕਿ 30 ਮਾਰਚ ਨੂੰ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਲੈਣ ਲਈ 6 ਹਫ਼ਤਿਆਂ ਦਾ ਹੋਰ ਸਮਾਂ ਚਾਹੀਦਾ ਹੈ। ਹਾਲਾਂਕਿ, ਅਦਾਲਤ ਨੇ ਇਸ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੇਸ ਪਹਿਲਾਂ ਹੀ ਕਈ ਵਾਰ ਟਾਲਿਆ ਜਾ ਚੁੱਕਾ ਹੈ ਅਤੇ ਹੁਣ ਹੋਰ ਸਮਾਂ ਦੇਣ ਦੀ ਕੋਈ ਗੁੰਜਾਇਸ਼ ਨਹੀਂ ਹੈ।