Employees News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਵਿਸ਼ਾਲ ਕਨਵੈਨਸ਼ਨ: ਪੁਰਾਣੀ ਪੈਨਸ਼ਨ ਅਤੇ ਪੇਅ-ਸਕੇਲ ਬਹਾਲੀ ਲਈ 17 ਮਈ ਨੂੰ Chandigarh ਰੈਲੀ ਕਰਨ ਦਾ ਐਲਾਨ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ, ਅਤੇ ਭੱਤੇ ਬਹਾਲੀ ਮੋਰਚਾ ਫ਼ਿਰੋਜ਼ਪੁਰ ਵੱਲੋਂ ਹੋਈ ਕਨਵੈਨਸ਼ਨ- 17 ਮਈ ਦੀ ਚੰਡੀਗੜ੍ਹ ਰੈਲੀ ਵਿੱਚ ਫ਼ਿਰੋਜ਼ਪੁਰ ਤੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ- ਆਗੂ
Employees News: ਫ਼ਿਰੋਜ਼ਪੁਰ 9 ਮਈ 2026- ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ (Old Pension Scheme Punjab) ਅਤੇ ਪੁਰਾਣੇ ਭੱਤੇ ਬਹਾਲੀ ਮੋਰਚਾ (ਪੰਜਾਬ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਹੱਤਵਪੂਰਨ ਕਨਵੈਨਸ਼ਨ ਜੀਰਾ ਵਿਖੇ ਆਯੋਜਿਤ ਕੀਤੀ ਗਈ।
ਇਸ ਕਨਵੈਨਸ਼ਨ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਵੈਟਨਰੀ ਇੰਸਪੈਕਟਰ ਯੂਨੀਅਨ, 2364 ਅਧਿਆਪਕ ਯੂਨੀਅਨ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਆਪਕਾਂ/ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਕਨਵੈਨਸ਼ਨ ਦੌਰਾਨ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ 17 ਮਈ ਨੂੰ ਚੰਡੀਗੜ੍ਹ ਵਿਖੇ ਮੋਰਚੇ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ ਜਦਕਿ ਡੀ.ਟੀ.ਐੱਫ. ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, 6635 ਈ.ਟੀ.ਟੀ. ਅਧਿਆਪਕ ਯੂਨੀਅਨ (6635 ETT Union Punjab) ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਸੰਧਾ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਲਵਪ੍ਰੀਤ ਹਾਂਡਾ, ਪੰਜਾਬ ਪੇਅ ਸਕੇਲ ਸਾਂਝਾ ਫਰੰਟ ਦੇ ਸ਼ਲਿੰਦਰ ਕੰਬੋਜ ਅਤੇ ਡੀ.ਟੀ.ਐੱਫ. ਦੇ ਆਗੂ ਰਾਜ ਕੁਮਾਰ ਮਹਿਰੋਕ ਨੇ ਵੀ ਆਪਣੇ ਵਿਚਾਰ ਰੱਖੇ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨਾ ਨਾਜਾਇਜ਼ ਹੈ ਅਤੇ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਕੇ ਪੰਜਾਬ ਦੇ ਪੁਰਾਣੇ ਤਨਖਾਹ ਸਕੇਲ ਬਹਾਲ ਕੀਤੇ ਜਾਣ। ਉਨ੍ਹਾਂ ਨੇ ਮੰਗ ਕੀਤੀ ਕਿ ਅਦਾਲਤੀ ਫ਼ੈਸਲਿਆਂ ਦੀ ਮੂਲ ਭਾਵਨਾ ਅਨੁਸਾਰ ਨਿਯੁਕਤੀ ਸਮੇਂ ਦੇ ਸੇਵਾ ਨਿਯਮਾਂ ਮੁਤਾਬਕ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫੀਸਦੀ ਤਨਖਾਹ ਵਾਧੇ ਦੇ ਲਾਭ ਮੁਲਾਜ਼ਮਾਂ ਨੂੰ ਦਿੱਤੇ ਜਾਣ।
ਆਗੂਆਂ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਜਾਰੀ ਨੋਟੀਫਿਕੇਸ਼ਨ ਨੂੰ ਐੱਸ.ਓ.ਪੀ. ਜਾਰੀ ਕਰਕੇ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਐੱਨ.ਪੀ.ਐੱਸ. ਅਧੀਨ ਆਉਂਦੇ ਸਮੂਹ ਮੁਲਾਜ਼ਮਾਂ ਦੇ ਜੀ.ਪੀ.ਐੱਫ. ਖਾਤੇ ਖੋਲ੍ਹੇ ਜਾਣ।
ਇਸ ਦੇ ਨਾਲ ਹੀ ਕੇਂਦਰ ਦੀ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐੱਸ.) ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਦੀ ਮੰਗ ਵੀ ਕੀਤੀ ਗਈ। ਕਨਵੈਨਸ਼ਨ ਵਿੱਚ ਮੁਲਾਜ਼ਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤੇ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਅਤੇ ਡੀ.ਏ. ਦੀਆਂ ਪੈਂਡਿੰਗ 18% ਕਿਸਤਾਂ ਸਮੇਤ ਸਾਰੇ ਬਕਾਏ ਜਾਰੀ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।
ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਸੰਘਰਸ਼ ਹੀ ਇਕੱਲਾ ਰਾਹ ਹੈ ਅਤੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ 17 ਮਈ ਦੀ ਚੰਡੀਗੜ੍ਹ ਰੈਲੀ ਵਿੱਚ ਵੱਡੀ ਗਿਣਤੀ ਪੁੱਜ ਕੇ ਆਪਣੀ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰੀਏ (Government Employees Protest Chandigarh)। ਕਨਵੈਨਸ਼ਨ ਦੌਰਾਨ ਡੀ.ਟੀ.ਐੱਫ. ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਖੂਬੀ ਨਿਭਾਈ ਗਈ।
ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਕੁਮਾਰ, ਰਾਜ ਕੁਮਾਰ ਮਹਿਰੋਕ, ਸਵਰਨ ਸਿੰਘ, ਗਗਨ ਮਿੱਤਲ, ਸੰਦੀਪ ਕੁਮਾਰ ਮੱਖੂ, ਹਰਵਿੰਦਰ ਸਿੱਧੂ, ਰਾਮ ਕੁਮਾਰ, ਹਰਜਿੰਦਰ ਸਿੰਘ ਜਨੇਰ, ਸੁਮਿਤ ਕੰਬੋਜ਼, ਪਰਦੀਪ ਕੰਬੋਜ਼, ਸੰਦੀਪ ਗੋਲੂਕੇ, ਅਮਿਤ ਕੰਬੋਜ, ਵਰਿੰਦਰਪਾਲ ਸਿੰਘ ਖਾਲਸਾ, ਜਗਜੀਤ ਸਿੰਘ ਤਲਵੰਡੀ, ਵਿਕਰਮਜੀਤ ਉੱਪਲ, ਸੰਦੀਪ ਫਾਜ਼ਿਲਕਾ, ਰਾਕੇਸ਼ ਕੁਮਾਰ, ਕੇਤੀਕ, ਰਾਜੇਸ਼ ਕੁਮਾਰ, ਅਮਨਦੀਪ ਸਿੰਘ, ਹਰਦੀਪ ਸਿੰਘ, ਬਖਸੀਸ ਸਿੰਘ, ਅਨੀਸ਼ ਨਾਗਪਾਲ ਅਤੇ ਪ੍ਰਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।
Punjab Employee Convention Zira, Old Pension Scheme Punjab, DTF Punjab Rally, Punjab Pay Scale Restoration, Ferozepur News, Employee Rights Punjab






