Big Breaking: ED ਵੱਲੋਂ ‘ਆਪ’ ਦਾ ਵੱਡਾ ਲੀਡਰ ਗ੍ਰਿਫ਼ਤਾਰ
ਨਵੀਂ ਦਿੱਲੀ, 19 ਮਈ 2026:
ਕੇਂਦਰੀ ਜਾਂਚ ਏਜੰਸੀ (ED) ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਗੋਆ ਸਹਿ-ਇੰਚਾਰਜ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ‘ਆਪ’ ਲੀਡਰਸ਼ਿਪ ਨੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ।
ਦੀਪਕ ਸਿੰਗਲਾ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਾਰਵਾਈ ਕਿਸੇ ਭ੍ਰਿਸ਼ਟਾਚਾਰ ਕਾਰਨ ਨਹੀਂ, ਸਗੋਂ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਿੰਗਲਾ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੀਪਕ ਸਿੰਗਲਾ ਇੱਕ ਨਿਡਰ ਆਗੂ ਹਨ ਜੋ ਦੇਸ਼ ਹਿੱਤ ਲਈ ਲੜ ਰਹੇ ਹਨ। ਇਸ ਦੇ ਨਾਲ ਹੀ ਕੇਜਰੀਵਾਲ ਨੇ ਸੰਜੀਵ ਅਰੋੜਾ ਦੀ ਬਹਾਦਰੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਨੂੰ ਉਨ੍ਹਾਂ ‘ਤੇ ਮਾਣ ਹੈ।
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੇਸ਼ ਇਸ ਵੇਲੇ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ! ਨੀਟ (NEET) ਪੇਪਰ ਲੀਕ ਵਰਗੀਆਂ ਘਟਨਾਵਾਂ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਰਹੀਆਂ ਹਨ।
ਪੈਟਰੋਲ, ਡੀਜ਼ਲ ਅਤੇ ਸੀ.ਐਨ.ਜੀ. ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਰੁਪਏ ਦੀ ਕੀਮਤ ਡਾਲਰ ਦੇ ਮੁਕਾਬਲੇ ਲਗਾਤਾਰ ਡਿੱਗ ਰਹੀ ਹੈ।
ਆਤਿਸ਼ੀ ਨੇ ਦੋਸ਼ ਲਾਇਆ ਕਿ ਇਨ੍ਹਾਂ ਅਸਲ ਮੁੱਦਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ‘ਤੇ ਝੂਠੇ ਕੇਸ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਦੀਪਕ ਸਿੰਗਲਾ ਗੋਆ ਵਿੱਚ ਭਾਜਪਾ ਵਿਰੁੱਧ ਇੱਕ ਮਜ਼ਬੂਤ ਸੰਗਠਨ ਤਿਆਰ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ।
ਆਤਿਸ਼ੀ ਨੇ ਪੁਰਾਣੇ ਹਵਾਲੇ ਦਿੰਦਿਆਂ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਏਜੰਸੀਆਂ ਦੀ ਵਰਤੋਂ ਕਰਦੀ ਹੈ। ਉਨ੍ਹਾਂ ਬੰਗਾਲ ਚੋਣਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਵੀ ‘ਆਈ-ਪੈਕ’ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਤ੍ਰਿਣਮੂਲ ਕਾਂਗਰਸ ਦਾ ਡਾਟਾ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਚੋਣਾਂ ਖਤਮ ਹੁੰਦਿਆਂ ਹੀ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੀਆਂ ਗ੍ਰਿਫ਼ਤਾਰੀਆਂ ਨਾਲ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ ਹੈ।






