Petrol-Diesel Update: ਪੈਟਰੋਲ-ਡੀਜ਼ਲ ਦੀ ਕਿੱਲਤ ‘ਤੇ ਸਰਕਾਰ ਦਾ ਵੱਡਾ ਬਿਆਨ, ਕਿਹਾ…
ਸਰਕਾਰੀ ਸਪੱਸ਼ਟੀਕਰਨ: ‘ਤੇਲ ਭੰਡਾਰ ਭਰਪੂਰ, ਘਬਰਾਉਣ ਦੀ ਲੋੜ ਨਹੀਂ’
ਨਵੀਂ ਦਿੱਲੀ, 19 ਮਈ 2026:
Petrol-Diesel Update: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਤੋਂ ਬਾਅਦ ਫੈਲੀ ਹੜਬੜੀ ਦੇ ਵਿਚਕਾਰ ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਬਾਲਣ (Fuel) ਦੀ ਕੋਈ ਕਮੀ ਨਹੀਂ ਹੈ ਅਤੇ ਨਾਗਰਿਕਾਂ ਨੂੰ ‘ਪੈਨਿਕ ਬਾਇੰਗ’ (ਘਬਰਾਹਟ ਵਿੱਚ ਖਰੀਦਦਾਰੀ) ਕਰਨ ਦੀ ਲੋੜ ਨਹੀਂ ਹੈ।
ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੂਰੇ ਦੇਸ਼ ਵਿੱਚ ਪੈਟਰੋਲ, ਡੀਜ਼ਲ, ਐਲ.ਪੀ.ਜੀ (LPG) ਅਤੇ ਕੁਦਰਤੀ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਪਲਾਈ ਚੇਨ ਪੂਰੀ ਤਰ੍ਹਾਂ ਸੁਚਾਰੂ ਹੈ ਅਤੇ ਉਪਭੋਗਤਾ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ।
ਜ਼ਿਕਰਯੋਗ ਹੈ ਕਿ 15 ਮਈ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਮੱਧ ਪੂਰਬ (Middle East) ਵਿੱਚ ਜੰਗੀ ਤਣਾਅ ਕਰਕੇ ਇਸ ਖੇਤਰ ਵਿੱਚ ਵਧਦੀ ਅਸਥਿਰਤਾ ਕਾਰਨ ਤੇਲ ਸਪਲਾਈ ਪ੍ਰਭਾਵਿਤ ਹੋਈ ਹੈ। ਹੋਰਮੁਜ਼ ਸਟ੍ਰੇਟ (Strait of Hormuz) ਸਮੁੰਦਰੀ ਰਸਤੇ ਦੇ ਬੰਦ ਹੋਣ ਦੇ ਖ਼ਦਸ਼ੇ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਦੱਸਦੇ ਚੱਲੀਏ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚਾ ਤੇਲ ਲਗਭਗ 112 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ।
ਕੀਮਤਾਂ ਵਧਣ ਅਤੇ ਸਪਲਾਈ ਬੰਦ ਹੋਣ ਦੇ ਡਰੋਂ ਕਈ ਸ਼ਹਿਰਾਂ ਦੇ ਪੈਟਰੋਲ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਸਨ। ਲੋਕਾਂ ਵਿੱਚ ਡਰ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਤੇਲ ਮਿਲਣਾ ਮੁਸ਼ਕਿਲ ਹੋ ਸਕਦਾ ਹੈ। ਹਾਲਾਂਕਿ, ਮੰਤਰਾਲੇ ਦੇ ਇਸ ਤਾਜ਼ਾ ਬਿਆਨ ਤੋਂ ਬਾਅਦ ਹੁਣ ਸਪਲਾਈ ਨੂੰ ਲੈ ਕੇ ਬਣੀ ਬੇਯਕੀਨੀ ਘਟਣ ਦੀ ਉਮੀਦ ਹੈ।
ਖ਼ੈਰ, ਜੇਕਰ ਵਿਸ਼ਵਵਿਆਪੀ ਤਣਾਅ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਣ ਵਾਲੇ ਹਫ਼ਤਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਇੱਕ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਪਰ ਮੌਜੂਦਾ ਸਮੇਂ ਵਿੱਚ ਤੇਲ ਦੀ ਉਪਲਬਧਤਾ ਨੂੰ ਲੈ ਕੇ ਕੋਈ ਖ਼ਤਰਾ ਨਹੀਂ ਹੈ।






