Punjab News! ਪੰਜਾਬ ਦੇ 70 ਅਧਿਆਪਕਾਂ/ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਹੁਕਮ!

 

Punjab News! ਪੰਜਾਬ ਦੇ 70 ਅਧਿਆਪਕਾਂ/ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਹੁਕਮ!

ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 70 ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਐਸ.ਐਸ.ਪੀ. ਨੂੰ ਲਿਖਿਆ ਪੱਤਰ

ਨਗਰ ਕੌਂਸਲ ਚੋਣਾਂ ਦੌਰਾਨ ਡਿਊਟੀ ‘ਤੇ ਨਾ ਪਹੁੰਚਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਗਿਰੀ ਗਾਜ

ਪੋਲਿੰਗ ਸਟਾਫ਼ ਦੇ ਗੈਰ-ਹਾਜ਼ਰ ਰਹਿਣ ਕਾਰਨ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਕੰਮ ਹੋਇਆ ਸੀ ਬੁਰੀ ਤਰ੍ਹਾਂ ਪ੍ਰਭਾਵਿਤ

ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫਿਰੋਜ਼ਪੁਰ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਸਖ਼ਤ ਨਿਰਦੇਸ਼

ਫਿਰੋਜ਼ਪੁਰ, 27 ਮਈ 2026-

ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੌਰਾਨ ਚੋਣ ਡਿਊਟੀ ਵਿੱਚ ਲਾਪਰਵਾਹੀ ਵਰਤਣ ਅਤੇ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਵੱਡੀ ਅਤੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ (SDM) ਫਿਰੋਜ਼ਪੁਰ ਵੱਲੋਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 70 ਸਰਕਾਰੀ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸੀਨੀਅਰ ਕਪਤਾਨ ਪੁਲਿਸ (SSP) ਫਿਰੋਜ਼ਪੁਰ ਨੂੰ ਇੱਕ ਅਧਿਕਾਰਤ ਪੱਤਰ ਭੇਜਿਆ ਗਿਆ ਹੈ।

ਐਸ.ਐਸ.ਪੀ. ਫਿਰੋਜ਼ਪੁਰ ਨੂੰ ਭੇਜੇ ਗਏ ਪੱਤਰ ਵਿੱਚ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਨੂੰ ਅਮਨ-ਅਮਾਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਸੀ।

ਤੈਅ ਸ਼ਡਿਊਲ ਮੁਤਾਬਕ, ਸਮੁੱਚੇ ਪੋਲਿੰਗ ਸਟਾਫ਼ ਵੱਲੋਂ ਮਿਤੀ 25.05.2026 ਨੂੰ ਐੱਮ.ਐੱਲ.ਐੱਮ. (MLM) ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਇਕੱਤਰ ਹੋ ਕੇ ਉੱਥੋਂ ਪੋਲਿੰਗ ਮਟੀਰੀਅਲ ਪ੍ਰਾਪਤ ਕਰਨਾ ਸੀ ਅਤੇ ਆਪਣੇ-ਆਪਣੇ ਪੋਲਿੰਗ ਬੂਥਾਂ ਵੱਲ ਰਵਾਨਾ ਹੋਣਾ ਸੀ।

ਪਰ ਪੱਤਰ ਦੇ ਨਾਲ ਨੱਥੀ ਕੀਤੀ ਗਈ ਸੂਚੀ ਵਿੱਚ ਸ਼ਾਮਲ ਪੋਲਿੰਗ ਸਟਾਫ਼ (70 ਕਰਮਚਾਰੀ) ਮੌਕੇ ‘ਤੇ ਹਾਜ਼ਰ ਨਹੀਂ ਹੋਇਆ। ਮੁਲਾਜ਼ਮਾਂ ਦੀ ਇਸ ਗੈਰ-ਹਾਜ਼ਰੀ ਕਾਰਨ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਅਹਿਮ ਕਾਰਜ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਨੂੰ ਚੋਣ ਪ੍ਰਕਿਰਿਆ ਵਿੱਚ ਵੱਡੀ ਰੁਕਾਵਟ ਮੰਨਿਆ ਗਿਆ ਹੈ।

ਰਿਟਰਨਿੰਗ ਅਫ਼ਸਰ ਨੇ ਚੋਣ ਡਿਊਟੀ ਨੂੰ ਅਤਿ-ਜ਼ਰੂਰੀ ਅਤੇ ਸੰਵਿਧਾਨਕ ਜ਼ਿੰਮੇਵਾਰੀ ਦੱਸਦਿਆਂ ਪੁਲਿਸ ਪ੍ਰਸ਼ਾਸਨ ਨੂੰ ਆਖਿਆ ਹੈ ਕਿ ਲਿਸਟ ਵਿੱਚ ਸ਼ਾਮਲ ਇਨ੍ਹਾਂ ਸਾਰੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਪ੍ਰਸ਼ਾਸਨ ਦੇ ਇਸ ਸਖ਼ਤ ਰੁਖ਼ ਤੋਂ ਬਾਅਦ ਚੋਣ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ ਹੈ।