ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਿਹਾਸ ਖ਼ਤਮ ਕਰਨ ਦੀ ਸਾਜ਼ਿਸ਼!
M.A. ਇਤਿਹਾਸ ਦੇ ਸਿਲੇਬਸ ‘ਚੋਂ ਪੰਜਾਬ-ਸਿੱਖ ਇਤਿਹਾਸ ਹਟਾਉਣਾ ਮੰਦਭਾਗਾ- ਕਰਨੈਲ ਸਿੰਘ ਪੀਰ ਮੁਹੰਮਦ
ਚੰਡੀਗੜ੍ਹ 13 ਸਤੰਬਰ 2026
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (PU) ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. (M.A.) ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦੇ ਲਏ ਗਏ ਫੈਸਲੇ ਨੇ ਵੱਡਾ ਸਿਆਸੀ ਅਤੇ ਸਮਾਜਿਕ ਵਿਵਾਦ ਖੜ੍ਹਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਮਹਾਨ ਵਿਰਸੇ ਉੱਤੇ ਸਿੱਧਾ ਹਮਲਾ ਅਤੇ ਇਤਿਹਾਸ ਨੂੰ ਮਿਟਾਉਣ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਪੀਰ ਮੁਹੰਮਦ ਨੇ ਕੇਂਦਰ ਦੀਆਂ ਮੌਜੂਦਾ ਅਤੇ ਪੁਰਾਣੀਆਂ ਸਰਕਾਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰਾਂ ਨੇ ਚੰਡੀਗੜ੍ਹ ‘ਚੋਂ ਪੰਜਾਬੀ ਜ਼ਬਾਨ ਨੂੰ ਦਰਕਿਨਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਭਾਜਪਾ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਸਰੂਪ ਅਤੇ ਹੋਂਦ ਨੂੰ ਖੋਹਣ ‘ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ, ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਵਿੱਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਇੱਥੋਂ ਸਿੱਖਾਂ ਦੇ ਲਾਸਾਨੀ ਇਤਿਹਾਸ ਨੂੰ ਗਾਇਬ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ, ਜੇਕਰ ਅਜਿਹੇ ਫੈਸਲਿਆਂ ਨੂੰ ਹੁਣੇ ਨਾ ਰੋਕਿਆ ਗਿਆ, ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਹੱਕਾਂ ਦਾ ਕੀ ਹਸ਼ਰ ਹੋਵੇਗਾ, ਇਹ ਗੰਭੀਰ ਚਿੰਤਾ ਦਾ ਵੀਚਾਰ ਹੈ।
ਇਸ ਮੌਕੇ ਪੀਰ ਮੁਹੰਮਦ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸ ਫੈਸਲੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਮਾਂ-ਬੋਲੀ ਅਤੇ ਇਤਿਹਾਸ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਨਾਲ ਹੀ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਐੱਮ.ਏ. ਇਤਿਹਾਸ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਪਹਿਲਾਂ ਵਾਂਗ ਤੁਰੰਤ ਬਹਾਲ ਨਾ ਕੀਤਾ ਗਿਆ, ਤਾਂ ਇਸ ਖ਼ਿਲਾਫ਼ ਵੱਡੇ ਪੱਧਰ ‘ਤੇ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ।
















