AAP Candidate List! ਵੱਡੀ ਖ਼ਬਰ: ਪੰਜਾਬ ਚੋਣਾਂ ਲਈ AAP ਅੱਜ ਜਾਰੀ ਕਰ ਸਕਦੀ ਹੈ ਉਮੀਦਵਾਰਾਂ ਦੀ ਦੂਜੀ ਲਿਸਟ
ਦਿੱਲੀ ਦਰਬਾਰ ਵਿੱਚ ਭਗਵੰਤ ਮਾਨ ਦਾ ਮੰਥਨ: 25 ਉਮੀਦਵਾਰਾਂ ਦੇ ਨਾਵਾਂ ‘ਤੇ ਲੱਗ ਸਕਦੀ ਹੈ ਅੰਤਿਮ ਮੋਹਰ- AAP ਦੀ ਦੂਜੀ ਸੂਚੀ ਵਿੱਚ ਮੌਜੂਦਾ ਮੰਤਰੀਆਂ ਨੂੰ ਮਿਲ ਸਕਦੀ ਹੈ ਥਾਂ
ਚੰਡੀਗੜ੍ਹ, 12 ਨਵੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। AAP ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ (AAP Candidate List) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪਾਰਟੀ ਦੇ ਇਸ ਸੰਭਾਵਿਤ ਕਦਮ ਕਾਰਨ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਕਾਫ਼ੀ ਤੇਜ਼ ਹੋ ਗਈ ਹੈ ਅਤੇ ਚੋਣ ਲੜਨ ਦੇ ਚਾਹਵਾਨ ਆਗੂਆਂ ਦੀਆਂ ਧੜਕਣਾਂ ਵਧ ਗਈਆਂ ਹਨ।
ਸੂਤਰਾਂ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਦਿੱਲੀ ਪਹੁੰਚ ਚੁੱਕੇ ਹਨ। ਦਿੱਲੀ ਵਿਖੇ ਪਾਰਟੀ ਦੀ ਕੌਮੀ ਅਤੇ ਸੀਨੀਅਰ ਲੀਡਰਸ਼ਿਪ ਨਾਲ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਸਬੰਧੀ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਮੀਕਰਨਾਂ ‘ਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਇਸ ਮੀਟਿੰਗ ਤੋਂ ਬਾਅਦ ਅੱਜ ਸ਼ਾਮ ਕਰੀਬ 5 ਵਜੇ ਤੱਕ ਪਾਰਟੀ ਵੱਲੋਂ ਲਗਭਗ 25 ਉਮੀਦਵਾਰਾਂ ਦੀ ਦੂਜੀ ਸੂਚੀ ਜਨਤਕ ਕੀਤੀ ਜਾ ਸਕਦੀ ਹੈ। ਇਸ ਸੰਭਾਵਿਤ ਸੂਚੀ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਸੂਤਰਾਂ ਦਾ ਦਾਅਵਾ ਹੈ ਕਿ ਇਸ ਸੂਚੀ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਦੇ ਨਾਵਾਂ ‘ਤੇ ਮੋਹਰ ਲੱਗਣ ਦੀ ਪੂਰੀ ਉਮੀਦ ਹੈ।
ਖਾਸ ਤੌਰ ‘ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਇਸ ਸੂਚੀ ਦੇ ਪ੍ਰਮੁੱਖ ਦਾਅਵੇਦਾਰਾਂ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਅਤੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪਕੜ ਰੱਖਣ ਵਾਲੇ ਆਗੂਆਂ ਨੂੰ ਤਰਜੀਹ ਦਿੱਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਤਾਂ ਜੋ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।
ਦੂਜੇ ਪਾਸੇ, ਪਾਰਟੀ ਹਾਈਕਮਾਨ ਵੱਲੋਂ ਅਜੇ ਤੱਕ ਦੂਜੀ ਸੂਚੀ ਜਾਰੀ ਕਰਨ ਦੇ ਸਮੇਂ ਜਾਂ ਉਮੀਦਵਾਰਾਂ ਦੇ ਨਾਵਾਂ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪਾਰਟੀ ਦੇ ਬੁਲਾਰਿਆਂ ਵੱਲੋਂ ਇਸ ਮਾਮਲੇ ‘ਤੇ ਅਜੇ ਚੁੱਪ ਵੱਟੀ ਹੋਈ ਹੈ। ਫਿਲਹਾਲ, ਸੂਬੇ ਦੇ ਸਿਆਸੀ ਵਿਸ਼ਲੇਸ਼ਕਾਂ, ਵਿਰੋਧੀ ਧਿਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਨਜ਼ਰਾਂ ਦਿੱਲੀ ਵਿੱਚ ਚੱਲ ਰਹੀ ਇਸ ਅਹਿਮ ਬੈਠਕ ਅਤੇ ਸ਼ਾਮ ਨੂੰ ਹੋਣ ਵਾਲੇ ਸੰਭਾਵਿਤ ਐਲਾਨ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਅੱਜ ਇਹ ਸੂਚੀ ਜਾਰੀ ਹੁੰਦੀ ਹੈ, ਤਾਂ ਪੰਜਾਬ ਦਾ ਚੋਣ ਅਖਾੜਾ ਹੋਰ ਭਖ ਜਾਵੇਗਾ।
















