Join WhatsApp

Join Now

ਬਿਜਲੀ ਸੰਕਟ ਅਤੇ ਵਿਗੜੀ ਕਾਨੂੰਨ-ਵਿਵਸਥਾ ਲਈ AAP ਸਰਕਾਰ ਜ਼ਿੰਮੇਵਾਰ! ਡਾ. ਚੀਮਾ ਨੇ CM ਮਾਨ ਤੋਂ ਮੰਗਿਆ ਅਸਤੀਫ਼ਾ

On: September 15, 2026 6:16 PM

 

ਬਿਜਲੀ ਸੰਕਟ ਅਤੇ ਵਿਗੜੀ ਕਾਨੂੰਨ-ਵਿਵਸਥਾ ਲਈ AAP ਸਰਕਾਰ ਜ਼ਿੰਮੇਵਾਰ: ਡਾ. ਚੀਮਾ ਨੇ CM ਮਾਨ ਤੋਂ ਮੰਗਿਆ ਅਸਤੀਫ਼ਾ

ਸ੍ਰੀ ਆਨੰਦਪੁਰ ਸਾਹਿਬ, 15 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਿਜਲੀ ਸੰਕਟ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਮੁੱਦੇ ’ਤੇ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗ ਅਤੇ ਖੇਤੀਬਾੜੀ ਦੋਵੇਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਨਵੇਂ ਥਰਮਲ ਪਲਾਂਟ ਸਥਾਪਤ ਕਰਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਪਰ ਇਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਨਵਾਂ ਯੂਨਿਟ ਸਥਾਪਤ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਸਿਰਫ਼ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਬਦਲਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਸਰਕਾਰ ਨੂੰ ਅਧਿਕਾਰੀਆਂ ’ਤੇ ਜ਼ਿੰਮੇਵਾਰੀ ਪਾਉਣ ਦੀ ਬਜਾਏ ਆਪਣੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਡਾ. ਚੀਮਾ ਨੇ ਐਲਾਨ ਕੀਤਾ ਕਿ ਬਿਜਲੀ ਸੰਕਟ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਸਵੇਰੇ 11 ਵਜੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਿਜਲੀ ਗਰਿੱਡਾਂ ਅੱਗੇ ਧਰਨੇ ਦਿੱਤੇ ਜਾਣਗੇ।

ਅਮਨ-ਕਾਨੂੰਨ ਦੇ ਮੁੱਦੇ ’ਤੇ ਡਾ. ਚੀਮਾ ਨੇ ਗ੍ਰਨੇਡ ਹਮਲਿਆਂ, ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਅਪਰਾਧਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਹੈੱਡਕੁਆਰਟਰ, ਭਾਜਪਾ ਦਫ਼ਤਰਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ।

ਡਾ. ਚੀਮਾ ਨੇ ਪੰਜਾਬ ਸਿਰ ਕਰੀਬ ਸਾਢੇ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ 18 ਸਤੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਕਿਸਾਨਾਂ, ਦਲਿਤ ਪਰਿਵਾਰਾਂ, ਮੁਲਾਜ਼ਮਾਂ, ਵਪਾਰੀਆਂ, ਸਨਅਤਕਾਰਾਂ, ਨੌਜਵਾਨਾਂ ਅਤੇ ਕੰਢੀ ਤੇ ਸਰਹੱਦੀ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ।

ਪੰਜਾਬ ਯੂਨੀਵਰਸਿਟੀ ਦੇ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਹਿੱਸਾ ਹਟਾਉਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ ਅਤੇ ਦੋ ਦਿਨਾਂ ਵਿੱਚ ਪੁਰਾਣਾ ਸਿਲੇਬਸ ਬਹਾਲ ਕਰਨ ਦਾ ਭਰੋਸਾ ਮਿਲਿਆ ਹੈ। ਬਹਾਲੀ ਨਾ ਹੋਣ ’ਤੇ ਅਕਾਲੀ ਦਲ ਵੱਲੋਂ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ।

ਭਾਜਪਾ ਨਾਲ ਸੰਭਾਵਿਤ ਗਠਜੋੜ ਬਾਰੇ ਡਾ. ਚੀਮਾ ਨੇ ਕਿਹਾ ਕਿ ਪਾਰਟੀ ਇਸ ਸਮੇਂ ਆਪਣੀ ਸਿਆਸੀ ਤਿਆਰੀ ਵਿੱਚ ਜੁਟੀ ਹੋਈ ਹੈ। ਉਨ੍ਹਾਂ ਖਡੂਰ ਸਾਹਿਬ ਦੀ ਰੈਲੀ ਨੂੰ ਅਕਾਲੀ ਦਲ ਦੀ ਮਜ਼ਬੂਤੀ ਦਾ ਪ੍ਰਗਟਾਵਾ ਦੱਸਿਆ। ‘ਵਾਰਿਸ ਪੰਜਾਬ ਪਾਰਟੀ’ ਬਾਰੇ ਉਨ੍ਹਾਂ ਦੋਸ਼ ਲਾਇਆ ਕਿ ਕੁਝ ਧਿਰਾਂ ਦਾ ਮੁੱਖ ਨਿਸ਼ਾਨਾ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਅਮਨ-ਚੈਨ, ਖੇਤੀਬਾੜੀ, ਰੋਜ਼ਗਾਰ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਆਪਣੇ ਆਪ ਨੂੰ ਮਜ਼ਬੂਤ ਸਿਆਸੀ ਵਿਕਲਪ ਵਜੋਂ ਪੇਸ਼ ਕਰ ਰਿਹਾ ਹੈ।

 

Leave a Comment