ਪੰਜਾਬ ਦੇ ਸਰਕਾਰੀ ਸਕੂਲਾਂ ‘ਚ 6ਵੀਂ ਜਮਾਤ ਤੋਂ ਸ਼ੁਰੂ ਹੋਵੇਗੀ AI ਸਿੱਖਿਆ- ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

On: ਜੂਨ 2, 2026 7:20 ਬਾਃ ਦੁਃ

 

ਪੰਜਾਬ ਦੇ ਸਰਕਾਰੀ ਸਕੂਲਾਂ ‘ਚ 6ਵੀਂ ਜਮਾਤ ਤੋਂ ਸ਼ੁਰੂ ਹੋਵੇਗੀ AI ਸਿੱਖਿਆ- ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਨਵੇਂ ਯੁੱਗ ਦੀਆਂ ਨੌਕਰੀਆਂ ਲਈ ਤਿਆਰ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦਾ ਪਹਿਲਾ ਸਥਾਨ ਸਿੱਖਿਆ ਪ੍ਰਣਾਲੀ ‘ਚ ਆਏ ਵੱਡੇ ਸੁਧਾਰ ਦਾ ਨਤੀਜਾ: ਮਨੀਸ਼ ਸਿਸੋਦੀਆ

12ਵੀਂ ਜਮਾਤ ਵਿੱਚ 85 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ ਹੋਣਹਾਰਾਂ ਦਾ ਹੋਇਆ ਸ਼ਾਨਦਾਰ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 2 ਜੂਨ 2026- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਹਾਣ ਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਹੋਰ ਵੱਡਾ ਇਨਕਲਾਬੀ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਯੁੱਗ ਲਈ ਤਿਆਰ ਕਰਨ ਦੇ ਉਦੇਸ਼ ਨਾਲ ਜਲਦ ਹੀ ਸਰਕਾਰੀ ਸਕੂਲਾਂ ਵਿੱਚ 6ਵੀਂ ਜਮਾਤ ਤੋਂ ਹੀ ‘ਏ ਆਈ’ (AI) ਦੀ ਸਿੱਖਿਆ ਸ਼ੁਰੂ ਕੀਤੀ ਜਾਵੇਗੀ।

ਉਹ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ‘ਬ੍ਰਾਈਟ ਮਾਈਂਡਜ਼ ਆਫ ਪੰਜਾਬ 2026’ ਪਹਿਲਕਦਮੀ ਤਹਿਤ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਦੌਰਾਨ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਲਗਭਗ 657 ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਨੀਤੀ ਆਯੋਗ ਦੀ ਰੈਂਕਿੰਗ ‘ਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜਿਆ: ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸਰਕਾਰ ਨੇ ਗੁਣਵੱਤਾ ਭਰਪੂਰ ਸਿੱਖਿਆ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਸੀ। ਅੱਜ ਨੀਤੀ ਆਯੋਗ ਵੱਲੋਂ ਸਕੂਲੀ ਸਿੱਖਿਆ ਵਿੱਚ ਪੰਜਾਬ ਨੂੰ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਦਿੱਤਾ ਜਾਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਸਰਕਾਰ ਨੇ ਆਪਣੇ ਵਾਅਦੇ ਪੂਰੀ ਇਮਾਨਦਾਰੀ ਨਾਲ ਨਿਭਾਏ ਹਨ ਅਤੇ ਪੰਜਾਬ ਨੇ ਇਸ ਖੇਤਰ ਵਿੱਚ ਕੇਰਲਾ ਵਰਗੇ ਮੋਹਰੀ ਸੂਬੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਗਿਆ। ਇਸੇ ਦਾ ਨਤੀਜਾ ਹੈ ਕਿ ਪਿਛਲੇ 4 ਸਾਲਾਂ ਵਿੱਚ ਲਗਭਗ 1000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ JEE ਅਤੇ NEET ਵਰਗੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ AI ਪਾਠਕ੍ਰਮ ਸ਼ੁਰੂ ਕਰਕੇ ‘ਜਨਰੇਸ਼ਨ ਜ਼ੈੱਡ’ (Gen Z) ਦੇ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇ ਯੋਗ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹੋਣਹਾਰ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਰਚਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਪਲੈਨਿੰਗ ਅਤੇ ਅਕਾਦਮਿਕ ਸਿੱਖਿਆ ਲਈ AI ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ। ਸਿਸੋਦੀਆ ਨੇ ਕਿਹਾ ਕਿ ਜਦੋਂ ਤੱਕ ਮੌਜੂਦਾ ਵਿਦਿਆਰਥੀ ਗ੍ਰੈਜੂਏਟ ਹੋਣਗੇ, ਉਦੋਂ ਤੱਕ ਰੁਜ਼ਗਾਰ ਦਾ ਸਰੂਪ ਪੂਰੀ ਤਰ੍ਹਾਂ ਬਦਲ ਚੁੱਕਾ ਹੋਵੇਗਾ।

ਵਿਦਿਆਰਥੀਆਂ ਨੂੰ ਉਦਮੀ (Entrepreneur) ਬਣਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਕਰੋੜਾਂ ਨੌਜਵਾਨ ਸਰਕਾਰੀ ਨੌਕਰੀਆਂ ਪਿੱਛੇ ਭੱਜਦੇ ਹਨ, ਜਦਕਿ ਲੋੜ ਭਵਿੱਖ ਦੇ ਅਜਿਹੇ ਲੀਡਰ ਪੈਦਾ ਕਰਨ ਦੀ ਹੈ ਜੋ ਖੁਦ ਰੁਜ਼ਗਾਰ ਦੇ ਮੌਕੇ ਸਿਰਜਣ। ਇਸੇ ਮਕਸਦ ਲਈ ਪੰਜਾਬ ਦੇ ਸਕੂਲਾਂ ਵਿੱਚ ‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਸਮਾਗਮ ਦੌਰਾਨ ਦੋਵਾਂ ਆਗੂਆਂ ਨੇ ਨੀਟ (NEET) ਪ੍ਰੀਖਿਆਵਾਂ ਦੇ ਸੰਚਾਲਨ ਨੂੰ ਲੈ ਕੇ ਉੱਠੇ ਸਵਾਲਾਂ ਅਤੇ ਕਥਿਤ ਬੇਨਿਯਮੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਮਨੀਸ਼ ਸਿਸੋਦੀਆ ਨੇ ਜ਼ੋਰ ਦੇ ਕੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰਵਾਇਤੀ ਪ੍ਰੀਖਿਆ ਪ੍ਰਣਾਲੀ ਦੀਆਂ ਖ਼ਾਮੀਆਂ ਅਤੇ ਕਿਸੇ ਵੀ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।

ਸਮਾਗਮ ਦੇ ਅਖੀਰ ਵਿੱਚ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਦਿਵਾਇਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡੀਪੀਆਈ ਸਕੱਤਰ ਸਿੰਘ ਬਲ, ਡੀਈਓ ਡਾ. ਗਿੰਨੀ ਦੁੱਗਲ ਸਮੇਤ ਕਈ ਅਧਿਕਾਰੀ ਅਤੇ ਅਧਿਆਪਕ ਮੌਜੂਦ ਸਨ। ਸਮਾਗਮ ਦੌਰਾਨ “2035 ਵਿੱਚ ਸਿੱਖਿਆ ਦਾ ਸਰੂਪ” ਵਿਸ਼ੇ ‘ਤੇ ਲਗਾਈ ਗਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।

 

Join WhatsApp

Join Now

Leave a Comment