ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਏ ਪੇਸ਼, ਸਿਹਤ ਖਰਾਬ ਦਾ ਦਿੱਤਾ ਹਵਾਲਾ
ਚੰਡੀਗੜ੍ਹ 11 ਸਤੰਬਰ 2026
ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਪੁੱਛਗਿੱਛ ਲਈ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ SIT ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਸਿਹਤ ਸਬੰਧੀ ਕਾਰਨਾਂ ਦਾ ਹਵਾਲਾ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਹੋਰ ਸਮਾਂ ਮੰਗਿਆ ਹੈ।
ਸੁਖਬੀਰ ਬਾਦਲ ਨੂੰ ਚੰਡੀਗੜ੍ਹ ਸਥਿਤ ਪੰਜਾਬ ਆਫਿਸਰਜ਼ ਇੰਸਟੀਚਿਊਟ ਵਿਖੇ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਨਿਰਧਾਰਤ ਸਮਾਂ ਲੰਘਣ ਦੇ ਬਾਵਜੂਦ ਉਹ SIT ਦੇ ਸਾਹਮਣੇ ਨਹੀਂ ਪਹੁੰਚੇ, ਜਦਕਿ ਉਨ੍ਹਾਂ ਦੇ ਵਕੀਲ ਮੌਕੇ ’ਤੇ ਮੌਜੂਦ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਨੇ SIT ਤੋਂ ਉਨ੍ਹਾਂ ਨੂੰ ਪੁੱਛੇ ਜਾਣ ਵਾਲੇ ਸਵਾਲ ਪਹਿਲਾਂ ਹੀ ਲਿਖਤੀ ਰੂਪ ਵਿੱਚ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ 30 ਸਤੰਬਰ ਤੱਕ ਰੁੱਝੇ ਹੋਏ ਹਨ ਅਤੇ ਇਸ ਤੋਂ ਬਾਅਦ SIT ਸਾਹਮਣੇ ਪੇਸ਼ ਹੋ ਸਕਦੇ ਹਨ।
ਇਸ ਦੇ ਨਾਲ ਹੀ ਅਕਾਲੀ ਦਲ ਨੇ SIT ਦੇ ਸੰਮਨ ਅਤੇ ਜਾਂਚ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੇ ਮਾਮਲੇ ਵਿੱਚ SIT ਵੱਲੋਂ ਕੀਤੀ ਜਾ ਰਹੀ ਜਾਂਚ ਦੇ ਤਹਿਤ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਣੀ ਹੈ।
















