ਭਗਵੰਤ ਮਾਨ ਦੀ ਮਾੜੀ ਕਾਰਗੁਜ਼ਾਰੀ; ਮੁੱਖ ਮੰਤਰੀ ਦੇ ਅਹੁਦੇ ਤੋਂ ਦੇਣ ਅਸਤੀਫ਼ਾ: ‘ਮਿਸਲ’ ਦੀ ਮੰਗ
ਫਿਰੋਜਪੁਰ 14 ਅਕਤੂਬਰ 2026- ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ, ਮਿਸਲ ਸਤਲੁਜ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਤਲੁਜ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਜਨਰਲ ਸਕੱਤਰ ਜਸਨੂਰ ਸਿੰਘ ਬਰਾੜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।
ਜਸਨੂਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਦਲਾਅ ਦੀ ਉਮੀਦ ਨਾਲ ਸੱਤਾ ਸੌਂਪੀ ਸੀ, ਪਰ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸੁਰੱਖਿਅਤ ਭਵਿੱਖ ਦੇਣ ਦੀ ਬਜਾਏ ਸਰਕਾਰ ਦੀ ਕਾਰਗੁਜ਼ਾਰੀ ਲੋਕਾਂ ਦੇ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਰਾਜਸੀ ਪਾਰਟੀ ਦੀ ਨਿੱਜੀ ਜਗੀਰ ਨਹੀਂ ਹੈ। ਪੰਜਾਬ ਦੇ ਹੱਕਾਂ, ਸਰੋਤਾਂ ਅਤੇ ਨੌਜਵਾਨੀ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਸਿਆਸੀ ਹਿੱਤਾਂ ਨੂੰ ਤਰਜੀਹ ਦੇਣ ਕਾਰਨ ਪੰਜਾਬ ਦੇ ਅਤਿ ਮਹੱਤਵਪੂਰਨ ਮਸਲੇ ਅਣਗੌਲੇ ਹੋ ਰਹੇ ਹਨ। ਪੰਜਾਬ ਦੀ ਜਵਾਨੀ ਦਾ ਭਵਿੱਖ ਕਿਸੇ ਵੀ ਸਿਆਸੀ ਆਗੂ ਦੀ ਕੁਰਸੀ ਤੋਂ ਵੱਡਾ ਹੈ।
ਜਸਨੂਰ ਸਿੰਘ ਬਰਾੜ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਜਥੇਬੰਦੀ ਦੀ ਪਹਿਲ ਰਹੇਗੀ।
















