Join WhatsApp

Join Now

Punjab ‘ਚ ਵੱਡੀ ਵਾਰਦਾਤ! ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

On: ਜੁਲਾਈ 18, 2026 11:25 ਪੂਃ ਦੁਃ

 

Punjab ‘ਚ ਵੱਡੀ ਵਾਰਦਾਤ! ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

ਮੋਗਾ, 18 ਜੁਲਾਈ 2026- ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਮਹਿਜ਼ ਬੁਲੇਟ ਮੋਟਰਸਾਈਕਲ ਸਾਈਡ ‘ਤੇ ਕਰਨ ਵਰਗੀ ਮਾਮੂਲੀ ਗੱਲ ਨੂੰ ਲੈ ਕੇ ਹੋਏ ਵਿਵਾਦ ਵਿੱਚ ਇੱਕ ਬਜ਼ੁਰਗ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 65 ਸਾਲਾ ਨਿਰਮਲ ਸਿੰਘ ਵਜੋਂ ਹੋਈ ਹੈ, ਜੋ ਬਿਜਲੀ ਬੋਰਡ ਦੇ ਸੇਵਾਮੁਕਤ ਕਰਮਚਾਰੀ ਸਨ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਵੀਰਵਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਦੀ ਹੈ। ਨਿਰਮਲ ਸਿੰਘ ਆਪਣੇ ਘਰੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਲ ਕਟਵਾਉਣ ਲਈ ਨਾਈ ਦੀ ਦੁਕਾਨ ਵੱਲ ਜਾ ਰਹੇ ਸਨ। ਜਦੋਂ ਉਹ ਰਸਤੇ ਵਿੱਚ ਪਹੁੰਚੇ ਤਾਂ ਪਿੰਡ ਦਾ ਹੀ ਰਹਿਣ ਵਾਲਾ ਗੁਰਪ੍ਰੀਤ ਸਿੰਘ ਉਰਫ਼ ਗੱਗੀ ਆਪਣਾ ਬੁਲੇਟ ਮੋਟਰਸਾਈਕਲ ਸੜਕ ਦੇ ਬਿਲਕੁਲ ਵਿਚਕਾਰ ਖੜ੍ਹਾ ਕਰਕੇ ਉੱਥੇ ਮੌਜੂਦ ਸੀ।

ਨਿਰਮਲ ਸਿੰਘ ਨੇ ਗੁਰਪ੍ਰੀਤ ਨੂੰ ਆਪਣਾ ਬੁਲੇਟ ਸਾਈਡ ‘ਤੇ ਕਰਨ ਲਈ ਕਿਹਾ, ਤਾਂ ਜੋ ਲੰਘਣ ਲਈ ਰਸਤਾ ਮਿਲ ਸਕੇ। ਬੱਸ ਇੰਨੀ ਠੀਕ ਗੱਲ ‘ਤੇ ਦੋਵਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਗੁਰਪ੍ਰੀਤ ਸਿੰਘ ਨੇ ਨਿਰਮਲ ਸਿੰਘ ‘ਤੇ ਦੋ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ।

ਗੋਲੀ ਲੱਗਣ ਕਾਰਨ ਨਿਰਮਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਉੱਥੇ ਹੀ ਡਿੱਗ ਪਏ। ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਪਰ ਅਫ਼ਸੋਸ ਕਿ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਿਆ ਹੈ।

ਮ੍ਰਿਤਕ ਦੇ ਪੁੱਤਰ ਹਰਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਪਿੰਡ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਝਗੜਾ ਨਹੀਂ ਸੀ। ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਗੋਲੀ ਮਾਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ। ਹਰਦੀਪ ਸਿੰਘ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਗੁਰਪ੍ਰੀਤ ਸਿੰਘ ਗੱਗੀ ਝਗੜਾਲੂ ਕਿਸਮ ਦਾ ਨੌਜਵਾਨ ਹੈ ਅਤੇ ਉਹ ਕਰੀਬ 10 ਦਿਨ ਪਹਿਲਾਂ ਹੀ ਮਨੀਲਾ (ਵਿਦੇਸ਼) ਤੋਂ ਪਿੰਡ ਪਰਤਿਆ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕੁੱਟਮਾਰ ਅਤੇ ਲੜਾਈ-ਝਗੜੇ ਦੇ ਮਾਮਲੇ ਦਰਜ ਹਨ। ਕੁਝ ਸਮਾਂ ਪਹਿਲਾਂ ਵੀ ਉਸ ਦਾ ਇੱਕ ਸਕੂਲ ਬੱਸ ਚਾਲਕ ਨਾਲ ਬਾਈਕ ਸਾਈਡ ਕਰਨ ਨੂੰ ਲੈ ਕੇ ਹੀ ਝਗੜਾ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫ਼ਰਾਰ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Leave a Comment