ਵੱਡੀ ਖ਼ਬਰ: AAP ਨੇ ਭਗਵੰਤ ਮਾਨ ਨੂੰ ਧੂਰੀ ਤੋਂ ਬਣਾਇਆ ਉਮੀਦਵਾਰ
ਸਿਆਸੀ ਗਲਿਆਰਿਆਂ ‘ਚ ਹਲਚਲ: ਪੰਜਾਬ ਚੋਣਾਂ ਲਈ AAP ਦਾ ਵੱਡਾ ਦਾਅ: ਧੂਰੀ ਹਲਕੇ ਤੋਂ ਚੋਣ ਮੈਦਾਨ ‘ਚ ਉਤਰਨਗੇ ਸੀਐੱਮ ਭਗਵੰਤ ਮਾਨ
ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 40 ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਵੇਂ ਉਮੀਦਵਾਰਾਂ ਦੀ ਰਣਨੀਤੀ ਤਹਿਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਆਪਣਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ ਸਿਆਸੀ ਮਾਹੌਲ ਵਿੱਚ ਕਾਫੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਇਸ ਵੇਲੇ ਵੀ ਧੂਰੀ ਹਲਕੇ ਤੋਂ ਹੀ ਵਿਧਾਇਕ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਤੋਂ ਹੀ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੇ ਵੱਡੇ ਫਰਕ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਸੀ। ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਾਬਤਾ ਅਤੇ ਜ਼ਿਲ੍ਹਾ ਸੰਗਰੂਰ ਨਾਲ ਉਨ੍ਹਾਂ ਦੀ ਪੁਰਾਣੀ ਨੇੜਤਾ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੇ ਇੱਕ ਵਾਰ ਫਿਰ ਉਨ੍ਹਾਂ ਉੱਤੇ ਭਰੋਸਾ ਜਤਾਇਆ ਹੈ।
ਸੰਗਰੂਰ ਜ਼ਿਲ੍ਹੇ ਦੇ ਅਧੀਨ ਆਉਂਦਾ ਧੂਰੀ ਵਿਧਾਨ ਸਭਾ ਹਲਕਾ ਹਮੇਸ਼ਾ ਤੋਂ ਹੀ ਪੰਜਾਬ ਦੀ ਸਿਆਸਤ ਵਿੱਚ ਖਾਸ ਮਹੱਤਤਾ ਰੱਖਦਾ ਹੈ। ਮੁੱਖ ਮੰਤਰੀ ਦਾ ਆਪਣਾ ਹਲਕਾ ਹੋਣ ਕਰਕੇ ਪਿਛਲੇ ਚਾਰ ਸਾਲਾਂ ਦੌਰਾਨ ਇਸ ਖੇਤਰ ਵਿੱਚ ਵਿਕਾਸ ਦੇ ਕਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਕੀਤੇ ਗਏ ਜਨ-ਹਿੱਤ ਦੇ ਕੰਮਾਂ, ਜਿਵੇਂ ਕਿ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਰਕਾਰੀ ਨੌਕਰੀਆਂ ਅਤੇ ਨਹਿਰੀ ਪਾਣੀ ਦੇ ਪ੍ਰਬੰਧਾਂ ਦੇ ਦਮ ‘ਤੇ ਆਪ ਪਾਰਟੀ ਇੱਕ ਵਾਰ ਫਿਰ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।
ਪਾਰਟੀ ਦੇ ਸੀਨੀਅਰ ਲੀਡਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਧੂਰੀ ਤੋਂ ਉਮੀਦਵਾਰ ਬਣਾਉਣ ਨਾਲ ਨਾ ਸਿਰਫ਼ ਸੰਗਰੂਰ ਬਲਕਿ ਪੂਰੇ ਮਾਲਵਾ ਖੇਤਰ ਵਿੱਚ ਪਾਰਟੀ ਵਰਕਰਾਂ ਦਾ ਉਤਸ਼ਾਹ ਹੋਰ ਵਧੇਗਾ। ਉਮੀਦਵਾਰ ਦੇ ਐਲਾਨ ਤੋਂ ਬਾਅਦ ਹੀ ਧੂਰੀ ਹਲਕੇ ਵਿੱਚ ‘ਆਪ’ ਵਰਕਰਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਲੱਡੂ ਵੰਡੇ ਜਾ ਰਹੇ ਹਨ।
ਇਸ ਐਲਾਨ ਤੋਂ ਬਾਅਦ ਵਿਰੋਧੀ ਧਿਰਾਂ (ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ) ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਹੋਰ ਪਾਰਟੀਆਂ ਧੂਰੀ ਹਲਕੇ ਤੋਂ ਭਗਵੰਤ ਮਾਨ ਦੇ ਮੁਕਾਬਲੇ ਵਿੱਚ ਕਿਸ ਚਿਹਰੇ ਨੂੰ ਮੈਦਾਨ ਵਿੱਚ ਉਤਾਰਦੀਆਂ ਹਨ।















