ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵੱਲੋਂ ਜਲਦ ਉਮੀਦਵਾਰ ਐਲਾਨਣ ਦੀ ਤਿਆਰੀ
2027 ਚੋਣਾਂ ਲਈ ਪੰਜਾਬ ’ਚ ਸਿਆਸੀ ਸਰਗਰਮੀਆਂ ਤੇਜ਼; AAP ਵੱਲੋਂ ਜਲਦ ਉਮੀਦਵਾਰ ਐਲਾਨਣ ਦੀ ਤਿਆਰੀ
ਗੁਰਪ੍ਰੀਤ
ਚੰਡੀਗੜ੍ਹ, 6 ਸਤੰਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ (AAP) ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪਾਰਟੀਆਂ ਵੱਲੋਂ ਸੰਗਠਨਾਤਮਕ ਪੱਧਰ ’ਤੇ ਫੇਰਬਦਲ ਕਰਨ ਦੇ ਨਾਲ-ਨਾਲ ਸੰਭਾਵੀ ਉਮੀਦਵਾਰਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਕਈ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਨੂੰ ਪਾਰਟੀ ਦੀ ਅਗਾਮੀ ਚੋਣ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ‘ਆਪ’ ਵੱਲੋਂ ਕੁਝ ਹਲਕਿਆਂ ਵਿੱਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਇਸ ਵਾਰ ਵੀ ਹੋਰਨਾਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਪਹਿਲਾਂ ਹੀ ਉਮੀਦਵਾਰ ਐਲਾਨ ਕੇ ਉਨ੍ਹਾਂ ਨੂੰ ਚੋਣ ਮੁਹਿੰਮ ਲਈ ਵੱਧ ਸਮਾਂ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਹਾਲਾਂਕਿ ਉਮੀਦਵਾਰਾਂ ਦੇ ਨਾਵਾਂ ਬਾਰੇ ਅੰਤਿਮ ਫੈਸਲਾ ਪਾਰਟੀ ਵੱਲੋਂ ਹੀ ਕੀਤਾ ਜਾਣਾ ਹੈ।
ਦੂਜੇ ਪਾਸੇ ਬੀਤੇ ਦਿਨ ਕਾਂਗਰਸ ਪਾਰਟੀ ਵੱਲੋਂ ਵੀ ਪੰਜਾਬ ਦੇ ਇੰਚਾਰਜ ਵਿੱਚ ਤਬਦੀਲੀ ਕੀਤੇ ਜਾਣ ਤੋਂ ਬਾਅਦ ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਇਸ ਵਾਰ ਚੋਣਾਂ ਲਈ ਪਹਿਲਾਂ ਤੋਂ ਹੀ ਰਣਨੀਤੀ ਤਿਆਰ ਕਰਦਿਆਂ ਆਪਣੇ ਸੀਨੀਅਰ ਆਗੂਆਂ ਅਤੇ ਮਜ਼ਬੂਤ ਦਾਅਵੇਦਾਰਾਂ ਨੂੰ ਅਗਾਊਂ ਤੌਰ ’ਤੇ ਮੈਦਾਨ ਵਿੱਚ ਉਤਾਰ ਸਕਦੀ ਹੈ, ਤਾਂ ਜੋ ਉਨ੍ਹਾਂ ਨੂੰ ਹਲਕਿਆਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਲੋੜੀਂਦਾ ਸਮਾਂ ਮਿਲ ਸਕੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਉਮੀਦਵਾਰਾਂ ਸਬੰਧੀ ਆਪਣੇ ਪੱਤੇ ਖੋਲ੍ਹੇ ਜਾਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਅਕਾਲੀ ਦਲ (ਵਾਰਸ ਪੰਜਾਬ) ਵੀ ਇਸ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਿਹਾ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਉਹ ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ ਅਤੇ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰਨ ਦੀ ਯੋਜਨਾ ਹੈ। ਇਸ ਤਰ੍ਹਾਂ 2027 ਦੀਆਂ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਹੀ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ।
















