ਵੱਡੀ ਖ਼ਬਰ: ਪੰਜਾਬ ਦੇ ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ!
‘ਆਪ’ ਦੇ ਬਾਗ਼ੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਜਿੱਤ ਕੇ ਵਿਧਾਇਕ ਬਣੇ ਅਤੇ ਬਾਅਦ ਵਿੱਚ ਪਾਰਟੀ ਤੋਂ ਦੂਰੀ ਬਣਾਉਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਸਦਨ ਵਿੱਚ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਹੈ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਆਪਣੀ ਸੀਟ ਤੋਂ ਅਸਤੀਫ਼ਾ ਦੇ ਰਹੇ ਹਨ। ਹਾਲਾਂਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਪੱਤਰ ਵਿੱਚ ਕੋਈ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦੇ ਰਹੇ ਹਨ। ਵਿਸ਼ੇਸ਼ ਤੌਰ ’ਤੇ ਪੰਜਾਬ ਵਿੱਚ ਵਾਪਰੇ ਬੇਅਦਬੀ ਅਤੇ ਇਸ ਨਾਲ ਜੁੜੇ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਨੂੰ ਲੈ ਕੇ ਉਹ ਕਈ ਵਾਰ ਆਪਣੀ ਨਾਰਾਜ਼ਗੀ ਜਨਤਕ ਤੌਰ ’ਤੇ ਜ਼ਾਹਰ ਕਰ ਚੁੱਕੇ ਹਨ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਨੇ ਆਪਣੀ ਹੀ ਸਰਕਾਰ ਅਤੇ ਪਾਰਟੀ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕੇ ਸਨ।
ਇਸੇ ਕਾਰਨ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ। ਇਸ ਦੇ ਬਾਵਜੂਦ ਉਹ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਸਨ। ਉਹ ਵਿਧਾਨ ਸਭਾ ਵਿੱਚ ਆਜ਼ਾਦ ਮੈਂਬਰ ਵਜੋਂ ਕੰਮ ਕਰ ਰਹੇ ਸਨ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਰਹੀ ਕਿ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀ ਸਥਿਤੀ ਵਿੱਚ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ’ਤੇ ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਸਵਾਲ ਖੜ੍ਹਾ ਹੋ ਸਕਦਾ ਸੀ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਵਿਖਾਏ ਗਏ ਸੁਪਨੇ ਪੂਰੇ ਨਹੀਂ ਕੀਤੇ ਗਏ। ਦੋਵਾਂ ਵਿਧਾਇਕਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਧਾਇਕ ਵੀ ਪਾਰਟੀ ਤੋਂ ਵੱਖ ਹੋ ਸਕਦੇ ਹਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ੇ ਨੇ ਇਨ੍ਹਾਂ ਦਾਅਵਿਆਂ ਦਰਮਿਆਨ ਪੰਜਾਬ ਦੀ ਸਿਆਸਤ ਨੂੰ ਹੋਰ ਗਰਮਾ ਦਿੱਤਾ ਹੈ। ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਉਨ੍ਹਾਂ ਦਾ ਅਗਲਾ ਸਿਆਸੀ ਕਦਮ ਕੀ ਹੁੰਦਾ ਹੈ ਅਤੇ ਕੀ ਉਹ ਕਿਸੇ ਹੋਰ ਸਿਆਸੀ ਧਿਰ ਨਾਲ ਜੁੜਦੇ ਹਨ ਜਾਂ ਆਪਣੀ ਵੱਖਰੀ ਸਿਆਸੀ ਰਾਹ ਚੁਣਦੇ ਹਨ।
















