ਵੱਡੀ ਖ਼ਬਰ: ਪੰਜਾਬ ‘ਚ SIR ਰਹੀਂ ਭਾਜਪਾ AAP ਸਮਰਥਕਾਂ ਦੀਆਂ ਕੱਟ ਸਕਦੀ ਵੋਟਾਂ! ਭਗਵੰਤ ਮਾਨ ਨੇ ਜਤਾਇਆ ਖ਼ਦਸ਼ਾ

On: ਜੂਨ 27, 2026 4:19 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ‘ਚ SIR ਰਹੀਂ ਭਾਜਪਾ AAP ਸਮਰਥਕਾਂ ਦੀਆਂ ਕੱਟ ਸਕਦੀ ਵੋਟਾਂ- ਭਗਵੰਤ ਮਾਨ ਨੇ ਜਤਾਇਆ ਖ਼ਦਸ਼ਾ

ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੇ ਹਰ ਪਰਿਵਾਰ ਦੇ ਘਰੇਲੂ ਅਤੇ ਖੇਤੀਬਾੜੀ ਖਰਚੇ ਘਟਾਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਆਸ਼ੀਰਵਾਦ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 100 ਤੋਂ ਵੱਧ ਸੀਟਾਂ ਜਿੱਤੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ 27 ਜੂਨ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (AAP) ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ।

ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ‘ਆਪ’ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।

ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ “ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਦੇ ਹਲਕਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਅਤੇ ਵਿਸਥਾਰਪੂਰਵਕ ਚਰਚਾ ਕੀਤੀ। ਮੈਂ ਹਰ ਵਲੰਟੀਅਰ ਨੂੰ ਹੋਰ ਵੀ ਵੱਧ ਦ੍ਰਿੜਤਾ ਨਾਲ ਕੰਮ ਕਰਨ ਅਤੇ ਪੂਰੇ ਦਿਲ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ।

ਸਾਡੇ ਵਲੰਟੀਅਰਾਂ ਦਾ ਉਤਸ਼ਾਹ ਅਤੇ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਜਿਹੜੇ ਸਾਥੀਆਂ ਨੇ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਅਣਥੱਕ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਤੁਹਾਡੇ ਪਿਆਰ, ਸਹਿਯੋਗ ਅਤੇ ਅਟੁੱਟ ਵਚਨਬੱਧਤਾ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਐੱਸਆਈਆਰ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਸੱਤਾ ਹਥਿਆਉਣ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਜਿੱਤਣ ਲਈ ਇਹ ਭਾਜਪਾ ਦੀ ਕਾਰਜ ਪ੍ਰਣਾਲੀ ਬਣ ਚੁੱਕੀ ਹੈ। ਹਰ ਵਲੰਟੀਅਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ।”

ਲੋਕਾਂ ਦੇ ਸਹਿਯੋਗ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਸਤਿਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਕਮਰ ਕੱਸਣ ਅਤੇ ਪਾਰਟੀ ਨੂੰ ਹੋਰ ਵੀ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਅਣਥੱਕ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ, “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 100 ਤੋਂ ਵੱਧ ਸੀਟਾਂ ਜਿੱਤੇਗੀ।”

 

Join WhatsApp

Join Now

Leave a Comment