Join WhatsApp

Join Now

ਵੱਡੀ ਖ਼ਬਰ: ਚਰਨਜੀਤ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ’

On: ਸਤੰਬਰ 6, 2026 9:36 ਬਾਃ ਦੁਃ

 

ਚਰਨਜੀਤ ਸਿੰਘ ਚੰਨੀ ਨੂੰ ਮੁੜ ਮਿਲੇਗਾ ‘ਸੰਸਦ ਰਤਨ ਐਵਾਰਡ’, ਖੇਤੀਬਾੜੀ ਸਥਾਈ ਕਮੇਟੀ ਨੇ ਦੇਸ਼ ਭਰ ‘ਚੋਂ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਲਈ ਮਾਣ ਵਾਲੀ ਗੱਲ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ’

ਸੰਸਦੀ ਸਥਾਈ ਕਮੇਟੀ ਦੇ ਸ਼ਾਨਦਾਰ ਪ੍ਰਦਰਸ਼ਨ ਲਈ MP ਚਰਨਜੀਤ ਸਿੰਘ ਚੰਨੀ ਹੋਣਗੇ ‘ਸੰਸਦ ਰਤਨ’ ਨਾਲ ਸਨਮਾਨਿਤ

ਚੰਡੀਗੜ੍ਹ, 6 ਸਤੰਬਰ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ (MP) ਚਰਨਜੀਤ ਸਿੰਘ ਚੰਨੀ ਦੀ ਝੋਲੀ ਇੱਕ ਹੋਰ ਵੱਡੀ ਪ੍ਰਾਪਤੀ ਪਈ ਹੈ। ਉਨ੍ਹਾਂ ਨੂੰ ਇੱਕ ਵਾਰ ਫਿਰ ਵੱਕਾਰੀ ‘ਸੰਸਦ ਰਤਨ ਐਵਾਰਡ’ (Sansad Ratna Award) ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਨੂੰ ਪਾਰਲੀਮੈਂਟ ਦੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵਜੋਂ ਕਮੇਟੀ ਦੇ ਸ਼ਾਨਦਾਰ ਅਤੇ ਬੇਮਿਸਾਲ ਪ੍ਰਦਰਸ਼ਨ ਦੇ ਆਧਾਰ ’ਤੇ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ MP ਚਰਨਜੀਤ ਸਿੰਘ ਚੰਨੀ ਨੂੰ ਪਿਛਲੇ ਸਾਲ ਵੀ ਸੰਸਦ ਰਤਨ ਐਵਾਰਡ ਨਾਲ ਨਵਾਜਿਆ ਗਿਆ ਸੀ, ਪਰ ਉਹ ਸਨਮਾਨ ਲੋਕ ਸਭਾ ਵਿੱਚ ਉਨ੍ਹਾਂ ਦੀ ਵਿਅਕਤੀਗਤ ਕਾਰਗੁਜ਼ਾਰੀ, ਬਹਿਸਾਂ ਵਿੱਚ ਹਿੱਸੇਦਾਰੀ ਅਤੇ ਜਨਤਕ ਮੁੱਦੇ ਉਠਾਉਣ ਦੇ ਆਧਾਰ ‘ਤੇ ਮਿਲਿਆ ਸੀ। ਇਸ ਵਾਰ ਇਹ ਪੁਰਸਕਾਰ ਉਨ੍ਹਾਂ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਸੰਸਦੀ ਸਥਾਈ ਕਮੇਟੀ ਦੀ ਸਮੂਹਿਕ ਸਫ਼ਲਤਾ ਲਈ ਦਿੱਤਾ ਜਾ ਰਿਹਾ ਹੈ।

ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਦ ਨਾਲ ਜੁੜੀਆਂ ਵੱਖ-ਵੱਖ ਸਥਾਈ ਕਮੇਟੀਆਂ ਦੇ ਕੰਮਕਾਜ, ਮੁਲਾਂਕਣ ਅਤੇ ਪ੍ਰਦਰਸ਼ਨ ਨੂੰ ਲੈ ਕੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਅਗਵਾਈ ਵਾਲੀ ‘ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ’ ਬਾਰੇ ਸਥਾਈ ਕਮੇਟੀ ਨੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਪ੍ਰਾਪਤੀ ਨੂੰ ਮੁੱਖ ਰੱਖਦਿਆਂ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਨੂੰ ਇਹ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ।

ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਨੀ ਨੇ ਕਿਹਾ ਕਿ ਸੰਸਦੀ ਕਮੇਟੀਆਂ ਦਾ ਕੰਮ ਦੇਸ਼ ਦੀਆਂ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਘੜਨ ਅਤੇ ਆਮ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰੇ ਲਈ ਬੇਹੱਦ ਅਹਿਮ ਹੁੰਦਾ ਹੈ। ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰ ਸਿੱਧੇ ਤੌਰ ’ਤੇ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਮਜ਼ਦੂਰਾਂ ਅਤੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨਾਲ ਜੁੜੇ ਹੋਏ ਹਨ। ਅਜਿਹੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਖੇਤਰ ਦੀ ਕਮੇਟੀ ਦਾ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨਾ ਇੱਕ ਬਹੁਤ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਿੱਜੀ ਸਨਮਾਨ ਨਹੀਂ ਹੈ, ਸਗੋਂ ਇਹ ਕਮੇਟੀ ਦੇ ਸਮੂਹ ਮੈਂਬਰਾਂ, ਅਧਿਕਾਰੀਆਂ ਅਤੇ ਇਸ ਨਾਲ ਜੁੜੇ ਸਾਰੇ ਲੋਕਾਂ ਦੀ ਅਣਥੱਕ ਮਿਹਨਤ ਅਤੇ ਸਾਂਝੀ ਪ੍ਰਾਪਤੀ ਦਾ ਨਤੀਜਾ ਹੈ। ਕਮੇਟੀ ਦੇ ਸਾਰੇ ਮੈਂਬਰਾਂ ਵੱਲੋਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਨਾਲ ਸਬੰਧਤ ਚੁਣੌਤੀਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੰਸਦੀ ਪੱਧਰ ’ਤੇ ਠੋਸ ਸੁਝਾਅ ਤੇ ਰਿਪੋਰਟਾਂ ਤਿਆਰ ਕੀਤੀਆਂ ਗਈਆਂ।

‘ਸੰਸਦ ਰਤਨ ਐਵਾਰਡ’ ਲਈ ਚੁਣੇ ਜਾਣ ’ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਇਸ ਸਨਮਾਨ ਨੂੰ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵਜੋਂ ਲੈਂਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੰਸਦੀ ਕਮੇਟੀ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ, ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਨਿਰੰਤਰ ਯਤਨ ਜਾਰੀ ਰੱਖੇ ਜਾਣਗੇ।

 

Leave a Comment